ਆਪ ਸਰਕਾਰ ਵਲੋਂ 328 ਪਾਵਨ ਸਰੂਪਾਂ ਦੇ ਮਾਮਲੇ ਚ ਕੀਤੀ ਜਾ ਰਹੀ ਸਿਆਸਤ ਨਿਦਾਨਯੋਗ-ਐਚਐਸ ਵਾਲੀਆ
- ਜਲੰਧਰ
- (Asia/Kolkata)
ਆਪ ਸਰਕਾਰ ਤੇ ਅਕਾਲੀ ਦਲ ਨੇ ਬੋਲਿਆ ਜ਼ੋਰਦਾਰ ਹਮਲਾ,ਕਿਹਾ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਦੇ ਰਹੀ ਚੁਣੌਤੀ ਕਪੂਰਥਲਾ(ਇੰਦਰਜੀਤ)ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਦੇ ਗਠਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਤੇ ਗੰਭੀਰ ਦੋਸ਼ ਲਗਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚਐਸ ਵਾਲੀਆ ਨੇ ਕਿਹਾ ਕਿ ਆਪ ਸ਼੍ਰੋਮਣੀ ਅਕਾਲੀ ਦਲ ਦੇ ਪੁਨਰ-ਉਭਾਰ ਤੋਂ ਘਬਰਾ ਗਈ ਹੈ ਅਤੇ ਰਾਜਨੀਤਿਕ ਬਦਲਾਖੋਰੀ ਦੀ ਭਾਵਨਾ ਨਾਲ ਇੱਕ ਪ੍ਰੇਰਿਤ ਵਿਸ਼ੇਸ਼ ਜਾਂਚ ਟੀਮ(ਐਸਆਈਟੀ )ਬਣਾਈ ਹੈ,ਜਿਸਦਾ ਉਦੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ)ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਮਾਮਲਿਆਂ ਵਿੱਚ ਫਸਾਉਣਾ ਹੈ।ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਚਐਸ ਵਾਲੀਆ ਨੇ ਕਿਹਾ ਕਿ ਇਹ ਐਸਆਈਟੀ ਸਾਮ,ਦਾਮ, ਦੰਡ,ਭੇਦ ਦੀ ਨੀਤੀ ਅਧੀਨ ਕੰਮ ਕਰਦੀ ਹੈ ਅਤੇ ਇਸ ਵਿੱਚ ਉਹ ਅਧਿਕਾਰੀ ਸ਼ਾਮਲ ਹਨ,ਜਿਨ੍ਹਾਂ ਦੀ ਜਾਂ ਤਾਂ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਨਿੱਜੀ ਰੰਜਿਸ਼ ਹੈ ਜਾਂ ਉਹ ਆਮ ਆਦਮੀ ਪਾਰਟੀ ਦੇ ਰਾਜਨੀਤਿਕ ਏਜੰਡੇ ਅਨੁਸਾਰ ਕੰਮ ਕਰ ਰਹੇ ਹਨ।ਐਚਐਸ ਵਾਲੀਆ ਨੇ ਕਿਹਾ ਹੈ ਕਿ ਆਪ ਸਰਕਾਰ ਵੱਲੋਂ ਧਰਮ ਅਤੇ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਦਖ਼ਲ ਦੇਣਾ ਨਾਂ ਸਿਰਫ਼ ਗੈਰ-ਜ਼ਰੂਰੀ ਹੈ,ਸਗੋਂ ਸਿੱਖ ਰਵਾਇਤਾਂ ਦੇ ਖ਼ਿਲਾਫ਼ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਸਿੱਧੀ ਚੁਣੌਤੀ ਹੈ।ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਨੂੰ ਸਿਆਸੀ ਲਾਹੇ ਲਈ ਉਛਾਲਣਾ ਕਿਸੇ ਵੀ ਤਰ੍ਹਾਂ ਕਬੂਲਯੋਗ ਨਹੀਂ।ਐਚਐਸ ਵਾਲੀਆ ਨੇ ਸਪੱਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਇਸ ਮਾਮਲੇ ਤੇ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਂਚ ਕਮੇਟੀ ਗਠਿਤ ਕੀਤੀ ਗਈ ਸੀ,ਜਿਸ ਨੇ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਪੜਤਾਲ ਕੀਤੀ।ਇਸ ਪੜਤਾਲ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਚੁੱਕੀ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਨਾਲ ਵੀ ਰਿਆਇਤ ਨਹੀਂ ਵਰਤੀ ਗਈ ਅਤੇ ਜਾਂਚ ਦੌਰਾਨ ਉਠਾਏ ਗਏ ਸਾਰੇ ਨੁਕਤਿਆਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਕਾਰਵਾਈ ਕੀਤੀ ਗਈ ਹੈ।ਐਚਐਸ ਵਾਲੀਆ ਨੇ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਵਿੱਚ ਇਹ ਗੱਲ ਸਪੱਸ਼ਟ ਹੋ ਚੁੱਕੀ ਹੈ ਕਿ ਇਹ ਮਾਮਲਾ ਕੁਝ ਕਰਮਚਾਰੀਆਂ ਵੱਲੋਂ ਕੀਤੀ ਗਈ ਪੈਸਿਆਂ ਦੀ ਹੇਰਾਫੇਰੀ ਨਾਲ ਜੁੜਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸਨੂੰ ਜਾਣਬੁੱਝ ਕੇ ਸਿਆਸੀ ਰੰਗ ਦੇਣਾ ਸਿੱਖ ਭਾਵਨਾਵਾਂ ਨਾਲ ਖੇਡਣ ਦੇ ਬਰਾਬਰ ਹੈ,ਜੋ ਕਿਸੇ ਵੀ ਤਰ੍ਹਾਂ ਠੀਕ ਨਹੀਂ।ਅਜਿਹਾ ਕਰਕੇ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇ ਰਹੀ ਹੈ।ਉਨ੍ਹਾਂਨੇ ਦੋਸ਼ ਲਗਾਇਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ,ਜੋ ਸੂਬੇ ਦੀ ਸ਼ਾਂਤੀ ਅਤੇ ਭਲਾਈ ਲਈ ਠੀਕ ਨਹੀਂ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਬਉੱਚ ਧਾਰਮਿਕ ਅਸਥਾਨ ਹੈ ਜਿਸ ਦੇ ਫ਼ੈਸਲੇ ਸਿੱਖਾਂ ਲਈ ਅਖੀਰੀ ਅਤੇ ਸਰਵੋਤਮ ਹਨ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਜਦੋਂ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਹੋ ਚੁੱਕੀ ਹੈ ਤਾਂ ਇਸ ਮਾਮਲੇ ਤੇ ਮੁੜ ਮੁੜ ਸਿਆਸਤ ਕਰਨਾ ਕੌਮੀ ਤੌਰ ਤੇ ਗੰਭੀਰ ਅਪਰਾਧ ਦੇ ਸਮਾਨ ਹੈ।ਉਨ੍ਹਾਂਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਲੋਂ ਈਸ਼ਰ ਸਿੰਘ ਦੀ ਅਗਵਾਈ ਵਾਲੀ ਜਾਂਚ ਕਮੇਟੀ ਨੇ ਰਿਪੋਰਟ ਵਿੱਚ 16 ਸ਼੍ਰੋਮਣੀ ਕਮੇਟੀ ਕਰਮਚਾਰੀਆਂ ਨੂੰ 328 ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਰਿਕਾਰਡ ਵਿੱਚ ਪਾਈਆਂ ਗਈਆਂ ਬੇਨਿਯਮੀਆਂ ਦਾ ਦੋਸ਼ੀ ਠਹਿਰਾਇਆ ਸੀ।ਉਨ੍ਹਾਂ ਸਰਕਾਰ ਨੂੰ ਸਲਾਹ ਦਿੰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਚ ਫ਼ੈਸਲੇ ਕਰਨ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ।ਐਚਐਸ ਵਾਲੀਆਨੇ ਦੁਹਰਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਚੁਣੀ ਹੋਈ ਸਿਰਮੌਰ ਸੰਸਥਾ ਹੈ ਅਤੇ ਇਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦਾ ਦਖ਼ਲ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।ਇਸ ਮੌਕੇ ਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ,ਇੰਜੀਨੀਅਰ ਸਵਰਨ ਸਿੰਘ,ਅਜੇ ਬਬਲਾ,ਪਰਮਜੀਤ ਸਿੰਘ,ਸੁਖਦੇਵ ਸਿੰਘ ਨਾਨਕਪੁਰ,ਮਹਿੰਦਰ ਸਿੰਘ ਮੇਜਰਵਾਲ,ਸੁਰਜੀਤ ਸਿੰਘ ਢਿੱਲੋਂ,ਮੰਨੂ ਵਾਲੀਆ,ਪਰਮਜੀਤ ਸਿੰਘ ਬਾਮੂਵਾਲ, ਸੁਰਜੀਤ ਸਿੰਘ ਢਿੱਲੋਂ, ਅਵਤਾਰ ਸਿੰਘ ਮੀਰੇ, ਦਲਜੀਤ ਸਿੰਘ ਚੀਮਾ, ਕੁਲਦੀਪ ਸਿੰਘ ਟਾਂਡੀ, ਚਰਨਜੀਤ ਸਿੰਘ ਆਦਿ ਹਾਜ਼ਰ ਸਨ।
Leave a Reply