ਪੰਜਾਬ ਸਰਕਾਰ ਦੇ ਚਾਰ ਸਾਲ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਗਿਣਾਈਆਂ ਉਪਲਬਧੀਆਂ
- ਸ੍ਰੀ ਅੰਮ੍ਰਿਤਸਰ ਸਾਹਿਬ
- (Asia/Kolkata)
(ਆਰ.ਕੇ. ਸੋਨੀ) – ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ ਅਤੇ ਹਰ ਖੇਤਰ ਵਿੱਚ ਵੱਡੇ ਬਦਲਾਅ ਲਿਆਂਦੇ ਹਨ। ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਫਤਿਹਪੁਰ ਰਾਜਪੂਤਾਂ ਖੁਰਦ ਅਤੇ ਗਿੱਲ ਪਿੰਡ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਮੰਤਰੀ ਨੇ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਲੋਕ-ਹਿਤੈਸ਼ੀ ਨੀਤੀਆਂ ਲਾਗੂ ਕਰਦਿਆਂ ਆਪਣੀਆਂ ਗਰੰਟੀਆਂ ਨੂੰ ਪੂਰਾ ਕਰਨ ਦੀ ਸ਼ੁਰੂਆਤ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿੱਚ ਇਤਿਹਾਸਕ ਕਦਮ ਚੁੱਕਦਿਆਂ ਹਰ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕਰਦਿਆਂ ਸਰਕਾਰੀ ਸਕੂਲਾਂ ਦੀ ਤਸਵੀਰ ਬਦਲੀ ਗਈ ਹੈ ਅਤੇ ਉਨ੍ਹਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਗਿਆ ਹੈ। ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਦੀ ਮਦਦ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਿਨਾਂ ਸਿਫਾਰਸ਼ ਦੇ ਵੱਡੀ ਗਿਣਤੀ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ। ਮੰਤਰੀ ਨੇ ਕਿਹਾ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਗਈ ਹੈ ਅਤੇ ਦੋਸ਼ੀਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸੜਕਾਂ ਦਾ ਨਵੀਨੀਕਰਨ, ਪੁੱਲਾਂ ਦੀ ਉਸਾਰੀ ਅਤੇ ਹੋਰ ਪ੍ਰੋਜੈਕਟਾਂ ‘ਤੇ ਵੱਡੇ ਪੱਧਰ ‘ਤੇ ਕੰਮ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਦਿੱਤੀ ਗਈ ਬਿਜਲੀ ਸਹੂਲਤ ਨਾਲ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਸਾਫ ਨੀਅਤ ਨਾਲ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਸੰਭਵ ਹਨ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
Leave a Reply