ਲੁਧਿਆਣਾ ਦੀ ਫੈਕਟਰੀ ਵਿੱਚ ਜ਼ਹਿਰੀਲੀ ਗੈਸ ਲੀਕ, ਪਿਉ-ਪੁੱਤ ਸਮੇਤ ਤਿੰਨ ਮਜ਼ਦੂਰਾਂ ਦੀ ਮੌਤ
ਉਦਯੋਗਿਕ ਸ਼ਹਿਰ ਲੁਧਿਆਣਾ ਦੇ ਆਰਕੇ ਰੋਡ ਸਥਿਤ ਇੱਕ ਫੈਕਟਰੀ ਵਿੱਚ ਸੋਮਵਾਰ ਸਵੇਰੇ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦੁਖਦਾਈ ਘਟਨਾ ਵਿੱਚ ਪਿਉ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਮਜ਼ਦੂਰ ਗੈਸ ਦੀ ਲਪੇਟ ਵਿੱਚ ਆ ਕੇ ਬੇਹੋਸ਼ ਹੋ ਗਏ। ਬੇਹੋਸ਼ ਹੋਏ ਕਰਮਚਾਰੀਆਂ ਵਿੱਚੋਂ ਦੋ ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਵਿੱਚ ਰੋਜ਼ਾਨਾ ਦੀ ਤਰ੍ਹਾਂ ਕੰਮਕਾਜ ਜਾਰੀ ਸੀ। ਇਸ ਦੌਰਾਨ ਅਚਾਨਕ ਗੈਸ ਪਾਈਪਲਾਈਨ ਜਾਂ ਸਿਲੰਡਰ ਵਿੱਚੋਂ ਗੈਸ ਦਾ ਰਿਸਾਅ ਸ਼ੁਰੂ ਹੋ ਗਿਆ। ਕੁਝ ਹੀ ਸਮੇਂ ਵਿੱਚ ਜ਼ਹਿਰੀਲੀ ਗੈਸ ਪੂਰੇ ਫੈਕਟਰੀ ਕੰਪਲੈਕਸ ਵਿੱਚ ਫੈਲ ਗਈ। ਗੈਸ ਦਾ ਪ੍ਰਭਾਵ ਇੰਨਾ ਤੇਜ਼ ਸੀ ਕਿ ਮਜ਼ਦੂਰਾਂ ਨੂੰ ਸੁਰੱਖਿਅਤ ਥਾਂ ’ਤੇ ਜਾਣ ਜਾਂ ਫੈਕਟਰੀ ਤੋਂ ਬਾਹਰ ਨਿਕਲਣ ਦਾ ਮੌਕਾ ਵੀ ਨਹੀਂ ਮਿਲਿਆ। ਗੈਸ ਕਾਰਨ ਸਾਹ ਲੈਣ ਵਿੱਚ ਦਿੱਕਤ ਅਤੇ ਅੱਖਾਂ ਵਿੱਚ ਜਲਨ ਦੀ ਸ਼ਿਕਾਇਤ ਹੋਣ ਨਾਲ ਕਈ ਕਰਮਚਾਰੀ ਮੌਕੇ ’ਤੇ ਹੀ ਬੇਹੋਸ਼ ਹੋ ਕੇ ਡਿੱਗ ਪਏ। ਦਮ ਘੁੱਟਣ ਕਾਰਨ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮਾਨਾ ਅਤੇ ਉਸ ਦੇ ਪੁੱਤਰ ਅਮਿਤ ਵਜੋਂ ਹੋਈ ਹੈ, ਜਦਕਿ ਤੀਜੇ ਮ੍ਰਿਤਕ ਦੀ ਪਛਾਣ ਕਰਨ ਦੀ ਕਾਰਵਾਈ ਜਾਰੀ ਹੈ। ਜਾਣਕਾਰੀ ਮੁਤਾਬਕ ਹਾਦਸੇ ਸਮੇਂ ਪਿਤਾ-ਪੁੱਤਰ ਮਸ਼ੀਨ ਦੇ ਹੇਠਲੇ ਹਿੱਸੇ ਵਿੱਚੋਂ ਨਿਕਲਣ ਵਾਲੀ ਮਿੱਟੀ (ਵੇਸਟੇਜ) ਨੂੰ ਟਰਾਲੀ ਵਿੱਚ ਲੋਡ ਕਰ ਰਹੇ ਸਨ। ਇਸ ਦੌਰਾਨ ਉਹ ਜ਼ਹਿਰੀਲੀ ਗੈਸ ਦੇ ਸਿੱਧੇ ਸੰਪਰਕ ਵਿੱਚ ਆ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੋਤੀ ਨਗਰ ਦੀ ਪੁਲੀਸ, ਪ੍ਰਸ਼ਾਸਨਿਕ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਦੀਆਂ ਟੀਮਾਂ ਐਂਬੂਲੈਂਸਾਂ ਸਮੇਤ ਮੌਕੇ ’ਤੇ ਪਹੁੰਚ ਗਈਆਂ। ਰਾਹਤ ਅਤੇ ਬਚਾਅ ਕਾਰਜ ਤੁਰੰਤ ਸ਼ੁਰੂ ਕਰ ਦਿੱਤੇ ਗਏ। ਪੁਲੀਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੁੱਢਲੀ ਜਾਂਚ ਵਿੱਚ ਹਾਦਸੇ ਦਾ ਕਾਰਨ ਗੈਸ ਲੀਕੇਜ ਮੰਨਿਆ ਜਾ ਰਿਹਾ ਹੈ। ਹਾਲਾਂਕਿ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਫੈਕਟਰੀ ਅੰਦਰ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕੀਤੀ ਜਾ ਰਹੀ ਸੀ ਜਾਂ ਨਹੀਂ। ਥਾਣਾ ਮੋਤੀ ਨਗਰ ਦੇ ਐਸਐਚਓ ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕਿਸੇ ਕਿਸਮ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Posted By: Daily Suraj Bureau