Daily Suraj

ਪੰਜਾਬੀ

ਵਿਧਾਇਕ ਬੱਗਾ ਨੇ ਨਾਨਕ ਨਗਰ 'ਚ 1.41 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

28 Feb, 2026 03:44 PM

ਸੀਵਰੇਜ ਸਪਲਾਈ ਦੀ ਸੁਚਾਰੂ ਵਿਵਸਥਾ ਤੇ ਸੜਕੀ ਬੁਨਿਆਦੀ ਢਾਂਚੇ ਨੂੰ ਕਾਇਮ ਕੀਤਾ ਜਾਵੇਗਾ - ਚੌਧਰੀ ਮਦਨ ਲਾਲ ਬੱਗਾ ਰਵੀ ਕਾਲੜਾ ਸੀਵਰੇਜ ਸਪਲਾਈ ਦੀ ਸੁਚਾਰੂ ਵਿਵਸਥਾ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਕਾਇਮ ਰੱਖਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 87 ਅਧੀਨ ਨਾਨਕ ਨਗਰ ਵਿਖੇ ਕਰੀਬ 1.41 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਖੇਤਰ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ ਅਤੇ ਇਲਾਕੇ ਦੇ ਵਸਨੀਕਾਂ ਵੱਲੋਂ ਅਕਸਰ ਸੀਵਰੇਜ ਜਾਮ ਦੀ ਸਮੱਸਿਆ ਸਬੰਧੀ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਸਨ। ਇਨ੍ਹਾਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਕਰੀਬ 60.81 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਇਸ ਤੋਂ ਇਲਾਵਾ ਵਿਧਾਇਕ ਬੱਗਾ ਵੱਲੋਂ ਸੜਕ ਨਿਰਮਾਣ ਕਾਰਜ਼ਾਂ ਦਾ ਵੀ ਉਦਘਾਟਨ ਕੀਤਾ ਅਤੇ ਇਸ ਪ੍ਰੋਜੈਕਟ ਤਹਿਤ ਕਰੀਬ 80 ਲੱਖ ਰੁਪਏ ਖਰਚ ਕੀਤੇ ਜਾਣੇ ਹਨ। ਵਿਧਾਇਕ ਬੱਗਾ ਵੱਲੋਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਜਾਰੀ ਕੀਤੇ ਗਏ ਕਿ ਇਨ੍ਹਾ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜਿਆ ਜਾਵੇ ਤਾਂ ਜੋ ਵਸਨੀਕਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ 'ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ਵਿੱਚ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

Posted By: Daily Suraj Bureau

Latest News