Daily Suraj

ਪੰਜਾਬੀ

ਬਾਰਿਸ਼ ਤੇ ਤੇਜ਼ ਹਵਾਵਾਂ ਨੇ ਬਦਲਿਆ ਮੌਸਮ, ਸੰਤਰੀ ਅਲਰਟ ਜਾਰੀ

08 Apr, 2026 06:32 AM

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਬੀਤੇ ਦਿਨ ਅਤੇ ਰਾਤ ਦੌਰਾਨ ਹੋਈ ਬਾਰਿਸ਼ ਕਾਰਨ ਅਪ੍ਰੈਲ ਮਹੀਨੇ ਵਿੱਚ ਵੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਮੰਗਲਵਾਰ ਤੋਂ ਰੁਕ-ਰੁਕ ਕੇ ਪੈ ਰਹੀ ਬਾਰਿਸ਼ ਨਾਲ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 5.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਮੌਸਮ ਸੁਹਾਵਣਾ ਪਰ ਠੰਢਾ ਹੋ ਗਿਆ ਹੈ। ਮੌਸਮ ਵਿਭਾਗ ਨੇ 8 ਅਪ੍ਰੈਲ ਲਈ ਸੰਤਰੀ ਚੇਤਾਵਨੀ ਜਾਰੀ ਕਰਦੇ ਹੋਏ ਕਈ ਖੇਤਰਾਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। ਵਿਭਾਗ ਅਨੁਸਾਰ 9 ਅਪ੍ਰੈਲ ਤੋਂ ਮੌਸਮ ਦੇ ਸਾਫ਼ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਅੱਜ ਵੀ ਬਾਰਿਸ਼ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਸੁਨਾਮ, ਸੰਗਰੂਰ, ਮਲੇਰਕੋਟਲਾ, ਮੂਨਕ, ਪਾਂਥੜਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਅਮਲੋਹ, ਮੋਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਚਮਕੌਰ ਸਾਹਿਬ ਅਤੇ ਸਮਰਾਲਾ ਵਿੱਚ ਹਲਕੀ ਬਾਰਿਸ਼ ਦੇ ਨਾਲ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿਣ ਦੀ ਸੰਭਾਵਨਾ ਹੈ ਅਤੇ ਕਈ ਖੇਤਰਾਂ ਵਿੱਚ ਬਿਜਲੀ ਚਮਕਣ ਦੀ ਸੰਭਾਵਨਾ ਵੀ ਹੈ। ਇਸ ਤੋਂ ਇਲਾਵਾ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਬਰਨਾਲਾ, ਤਪਾ, ਧੂਰੀ, ਪਾਤੜਾਂ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਰਾਮਪੁਰਾ ਫੂਲ ਅਤੇ ਹੋਰ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਆਸਪਾਸ ਦੇ ਖੇਤਰਾਂ ਵਿੱਚ ਵੀ ਹਵਾਵਾਂ ਦੇ ਤੇਜ਼ ਹੋਣ ਦੇ ਅਸਾਰ ਹਨ। ਮੌਸਮ ਵਿਭਾਗ ਅਨੁਸਾਰ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਮੀਂਹ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਪੰਜ ਜ਼ਿਲ੍ਹਿਆਂ—ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ—ਵਿੱਚ ਗਰਜ-ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਵੱਧ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਗਾ, ਬਠਿੰਡਾ ਅਤੇ ਬਰਨਾਲਾ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਵੀ ਗਰਜ-ਤੂਫ਼ਾਨ, ਬਿਜਲੀ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਅੱਜ ਕੁਝ ਇਲਾਕਿਆਂ ਵਿੱਚ ਗੜੇਮਾਰੀ ਅਤੇ ਮੀਂਹ ਹੋ ਸਕਦਾ ਹੈ, ਜਦਕਿ ਤੇਜ਼ ਹਵਾਵਾਂ ਵੀ ਚੱਲਣਗੀਆਂ। ਉਨ੍ਹਾਂ ਨੇ ਦੱਸਿਆ ਕਿ ਅਗਲੇ 48 ਘੰਟਿਆਂ ਦੌਰਾਨ ਦਿਨ ਦੇ ਤਾਪਮਾਨ ਵਿੱਚ 4 ਤੋਂ 6 ਡਿਗਰੀ ਤੱਕ ਹੋਰ ਗਿਰਾਵਟ ਆ ਸਕਦੀ ਹੈ, ਜਿਸ ਤੋਂ ਬਾਅਦ ਤਾਪਮਾਨ ਵਿੱਚ 5 ਤੋਂ 7 ਡਿਗਰੀ ਤੱਕ ਵਾਧਾ ਦਰਜ ਹੋ ਸਕਦਾ ਹੈ।

Posted By: Daily Suraj Bureau

Latest News