Daily Suraj

ਪੰਜਾਬੀ

ਗੁਰਦਾਸਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ: ਗੈਂਗਸਟਰ 'ਬੁਰੀ ਬਸੰਤਕੋਟੀਆ' ਸਮੇਤ 5 ਗ੍ਰਿਫ਼ਤਾਰ, 6 ਪਿਸਤੌਲ ਬਰਾਮਦ

14 Sep, 2026 08:36 AM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਅਪਰਾਧ ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਗੁਰਦਾਸਪੁਰ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਫ਼ਿਲਮੀ ਅੰਦਾਜ਼ ਵਿੱਚ ਪਿੱਛਾ ਕਰਦਿਆਂ ਗੈਂਗਸਟਰ ਬਲਰਾਜ ਸਿੰਘ ਉਰਫ਼ 'ਬੁਰੀ ਬਸੰਤਕੋਟੀਆ' ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਅਸਲਾ ਤਸਕਰੀ ਮਾਡਿਊਲ ਨੂੰ ਨਾਕਾਮ ਕਰ ਦਿੱਤਾ ਹੈ।ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਪਿਸਤੌਲਾਂ (ਜਿਨ੍ਹਾਂ ਵਿੱਚ 9 ਐਮਐਮ ਬੇਰੇਟਾ ਅਤੇ 9 ਐਮਐਮ ਗਲਾਕ ਸ਼ਾਮਲ ਹਨ) ਅਤੇ 49 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਦੀ ਮਹਿੰਦਰਾ ਸਕਾਰਪੀਓ ਗੱਡੀ (ਰਜਿਸਟ੍ਰੇਸ਼ਨ ਨੰਬਰ PB 06 BP 3908) ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਬਾਕੀ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (ਵਾਸੀ ਅਲੂਨਾ), ਕਰਨ ਕੁਮਾਰ (ਵਾਸੀ ਭਾਉਪੁਰ ਅਫਗਾਨਾ), ਅਮਰੀਕ ਸਿੰਘ ਉਰਫ਼ ਸੋਨੂੰ (ਵਾਸੀ ਜੋੜੀਆਂ ਕਲਾਂ, ਡੇਰਾ ਬਾਬਾ ਨਾਨਕ) ਅਤੇ ਮਨਜਿੰਦਰ ਸਿੰਘ ਉਰਫ਼ ਮੰਗੂ (ਵਾਸੀ ਉੱਪਲ, ਗੁਰਦਾਸਪੁਰ) ਵਜੋਂ ਹੋਈ ਹੈ। ਸ਼ੁਰੂਆਤੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਇਹ ਖੇਪ ਸਰਹੱਦ ਪਾਰ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਦੇ ਅੱਗੇ-ਪਿੱਛੇ ਦੇ ਸਬੰਧਾਂ ਦਾ ਪਤਾ ਲਗਾਉਣ ਅਤੇ ਸਮਗਲਿੰਗ ਮਾਡਿਊਲ ਨਾਲ ਜੁੜੇ ਹੋਰ ਚਿਹਰਿਆਂ ਦੀ ਨਿਸ਼ਾਨਦੇਹੀ ਲਈ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਬਾਰੇ ਜਾਣਕਾਰੀ:ਐਸ.ਐਸ.ਪੀ. ਗੁਰਦਾਸਪੁਰ ਆਦਿਤਿਆ ਨੇ ਦੱਸਿਆ ਕਿ ਪੁਲਿਸ ਨੂੰ ਇਸ ਗਿਰੋਹ ਬਾਰੇ ਪੱਕੀ ਗੁਪਤ ਸੂਚਨਾ ਮਿਲੀ ਸੀ। ਇਸ ਦੇ ਆਧਾਰ 'ਤੇ ਸਪੈਸ਼ਲ ਬ੍ਰਾਂਚ ਗੁਰਦਾਸਪੁਰ, ਥਾਣਾ ਡੋਰਾਂਗਲਾ ਅਤੇ ਥਾਣਾ ਬਹਿਰਾਮਪੁਰ ਦੀਆਂ ਸਾਂਝੀਆਂ ਟੀਮਾਂ ਨੇ ਪਿੰਡ ਨੂਰਪੁਰ ਥੇਹ ਦੇ ਚੌਰਾਹੇ ਕੋਲ ਖੜ੍ਹੀ ਇੱਕ ਸ਼ੱਕੀ ਸਕਾਰਪੀਓ ਗੱਡੀ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਨੂੰ ਦੇਖਦੇ ਹੀ ਗੱਡੀ ਚਲਾ ਰਹੇ ਵਿਅਕਤੀ ਨੇ ਕਾਰ ਤੇਜ਼ੀ ਨਾਲ ਭਜਾ ਲਈ। ਪੁਲਿਸ ਨੇ ਮੌਕੇ 'ਤੇ ਹੀ ਬਾਹਰ ਖੜ੍ਹੇ ਦੋ ਵਿਅਕਤੀਆਂ ਨੂੰ ਦਬੋਚ ਲਿਆ। ਇਸ ਤੋਂ ਬਾਅਦ ਪੁਲਿਸ ਟੀਮਾਂ ਨੇ ਭੱਜੀ ਸਕਾਰਪੀਓ ਦਾ ਪਿੱਛਾ ਕੀਤਾ ਅਤੇ ਥਾਣਾ ਕਲਾਨੌਰ ਦੇ ਖੇਤਰ ਵਿੱਚ ਗੱਡੀ ਨੂੰ ਸਫ਼ਲਤਾਪੂਰਵਕ ਰੋਕ ਕੇ ਬਦਨਾਮ ਗੈਂਗਸਟਰ 'ਬੁਰੀ ਬਸੰਤਕੋਟੀਆ' ਅਤੇ ਉਸ ਦੇ ਦੋ ਹੋਰ ਸਾਥੀਆਂ ਨੂੰ ਕਾਬੂ ਕਰ ਲਿਆ।

Posted By: Daily Suraj Bureau

Latest News