ਮੋਹਾਲੀ ਕਤਲ ਕਾਂਡ ਵਿੱਚ ਵੱਡੀ ਕਾਮਯਾਬੀ, ਫ਼ਰਾਰ ਦੋਸ਼ੀ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਮੋਹਾਲੀ ਕਤਲ ਕਾਂਡ ਵਿੱਚ ਵੱਡੀ ਕਾਮਯਾਬੀ, ਫ਼ਰਾਰ ਦੋਸ਼ੀ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਮੋਹਾਲੀ ਦੇ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਇਸ ਸਨਸਨੀਖੇਜ਼ ਕਤਲ ਦੇ ਮੁੱਖ ਸ਼ੂਟਰ ਆਦਿਤਿਆ ਉਰਫ਼ ਮੱਖਣ ਨੂੰ ਤ੍ਰਿਪੁਰਾ ਦੇ ਅਗਰਤਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੰਜਾਮ ਦਿੱਤੀ ਗਈ। ਜ਼ਿਕਰਯੋਗ ਹੈ ਕਿ ਰਾਣਾ ਬਲਾਚੌਰੀਆ ਦਾ ਕਤਲ 15 ਦਸੰਬਰ 2025 ਨੂੰ ਐਸ.ਏ.ਐਸ. ਨਗਰ (ਮੋਹਾਲੀ) ਦੇ ਪਿੰਡ ਸੋਹਾਣਾ, ਸੈਕਟਰ-79 ਵਿੱਚ ਕੀਤਾ ਗਿਆ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਕਤਲ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਸੀ, ਜਿਸ ਦੇ ਪਿੱਛੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੀ ਭੂਮਿਕਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ AGTF ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਦੇ ਸਹਿਯੋਗ ਨਾਲ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਮੁਤਾਬਕ, ਦੋਸ਼ੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਇਹ ਯੋਜਨਾਬੱਧ ਕਤਲ ਅੰਜਾਮ ਦਿੱਤਾ ਸੀ। ਪੁਲਿਸ ਅਨੁਸਾਰ, ਇਸ ਮਾਮਲੇ ਵਿੱਚ ਸ਼ਾਮਲ ਹੋਰ ਦੋਸ਼ੀਆਂ ਨੂੰ ਪਹਿਲਾਂ ਹੀ ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਸੀ, ਜਦਕਿ ਆਦਿਤਿਆ ਉਰਫ਼ ਮੱਖਣ ਲੰਬੇ ਸਮੇਂ ਤੋਂ ਫ਼ਰਾਰ ਸੀ ਅਤੇ ਗ੍ਰਿਫ਼ਤਾਰੀ ਤੋਂ ਬਚਦਾ ਫਿਰ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਵਿਰੁੱਧ ਆਪਣੀ ‘ਜ਼ੀਰੋ ਟੋਲਰੈਂਸ’ ਨੀਤੀ ’ਤੇ ਡਟੀ ਹੋਈ ਹੈ ਅਤੇ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਵਿਦੇਸ਼ਾਂ ਜਾਂ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਛੁਪੇ ਮੁਲਜ਼ਮਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਲਈ ਕਾਰਵਾਈ ਜਾਰੀ ਰਹੇਗੀ।