ਟਰੰਪ ਨੇ ਕੈਨੇਡਾ ਦੀ ਇਮੀਗ੍ਰੇਸ਼ਨ ਨੀਤੀ ’ਤੇ ਚੁੱਕੇ ਸਵਾਲ, ਹਰ ਸਾਲ ਲੱਖਾਂ ਲੋਕਾਂ ਦੀ ਆਮਦ ’ਤੇ ਜਤਾਈ ਚਿੰਤਾ

ਟਰੰਪ ਨੇ ਕੈਨੇਡਾ ਦੀ ਇਮੀਗ੍ਰੇਸ਼ਨ ਨੀਤੀ ’ਤੇ ਚੁੱਕੇ ਸਵਾਲ, ਹਰ ਸਾਲ ਲੱਖਾਂ ਲੋਕਾਂ ਦੀ ਆਮਦ ’ਤੇ ਜਤਾਈ ਚਿੰਤਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡਾ ਦੀਆਂ ਇਮੀਗ੍ਰੇਸ਼ਨ ਨੀਤੀਆਂ ’ਤੇ ਸਵਾਲ ਚੁੱਕਦਿਆਂ ਦਾਅਵਾ ਕੀਤਾ ਹੈ ਕਿ ਦੇਸ਼ ਹਰ ਸਾਲ ਲੱਖਾਂ ਲੋਕਾਂ ਨੂੰ ਬੁਲਾ ਕੇ ਆਪਣੇ ਲਈ ਵੱਡੀਆਂ ਸਮੱਸਿਆਵਾਂ ਪੈਦਾ ਕਰ ਰਿਹਾ ਹੈ। ਟਰੰਪ ਨੇ ਕਿਹਾ ਕਿ ਕੈਨੇਡਾ ਬਿਨਾਂ ਡੂੰਘੀ ਜਾਂਚ-ਪੜਤਾਲ ਦੇ ਅਜਿਹੇ ਲੋਕਾਂ ਨੂੰ ਦੇਸ਼ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਦੇ ਰਿਹਾ ਹੈ, ਜੋ ਆਪਣੇ ਨਾਲ ਕਈ ਸਮੱਸਿਆਵਾਂ ਲਿਆ ਰਹੇ ਹਨ। ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਆਪਣੀ ਪੋਸਟ ਵਿੱਚ ਟਰੰਪ ਨੇ ਕਿਹਾ ਕਿ ਕੈਨੇਡਾ ਦੀ ਮੌਜੂਦਾ ਇਮੀਗ੍ਰੇਸ਼ਨ ਨੀਤੀ ਦੇ ਭਵਿੱਖ ਵਿੱਚ ਗੰਭੀਰ ਨਤੀਜੇ ਹੋ ਸਕਦੇ ਹਨ। ਉਨ੍ਹਾਂ ਨੇ ਕੈਨੇਡਾ ਵਿੱਚ ਵਧ ਰਹੀ ਬੇਰੁਜ਼ਗਾਰੀ ਦਾ ਵੀ ਦਾਅਵਾ ਕੀਤਾ। ਟਰੰਪ ਦੀਆਂ ਟਿੱਪਣੀਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਕਿਹਾ ਕਿ ਵਿਦੇਸ਼ੀ ਨਾਗਰਿਕਾਂ ਨੇ ਪਿਛਲੇ ਸਾਲਾਂ ਦੌਰਾਨ ਕੈਨੇਡਾ ਦੀ ਅਰਥਵਿਵਸਥਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਨੇ 2024 ਤੋਂ ਇਮੀਗ੍ਰੇਸ਼ਨ ਨੀਤੀਆਂ ਵਿੱਚ ਸਖ਼ਤੀ ਕਰਨੀ ਸ਼ੁਰੂ ਕੀਤੀ ਹੈ ਅਤੇ ਵਿਦੇਸ਼ੀਆਂ ਦੀ ਆਮਦ ਨੂੰ ਕਾਫ਼ੀ ਹੱਦ ਤੱਕ ਘਟਾਇਆ ਗਿਆ ਹੈ। ਅਨੀਤਾ ਆਨੰਦ ਨੇ ਕਿਹਾ ਕਿ ਸਰਕਾਰ ਇਮੀਗ੍ਰੇਸ਼ਨ ਦੇ ਪੱਧਰ ਨੂੰ ਸਥਿਰ ਕਰਨ ਲਈ ਕਦਮ ਚੁੱਕ ਰਹੀ ਹੈ। ਉਨ੍ਹਾਂ ਮੁਤਾਬਕ ਅਗਲੇ ਸਾਲ ਦੇ ਅੰਤ ਤੱਕ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਦੇਸ਼ ਦੀ ਕੁੱਲ ਆਬਾਦੀ ਦੇ 5 ਫ਼ੀਸਦੀ ਤੱਕ ਲਿਆਉਣ ਦਾ ਟੀਚਾ ਰੱਖਿਆ ਗਿਆ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਕੈਨੇਡਾ ਸਰਕਾਰ ਸਸਤੀ ਰਿਹਾਇਸ਼ ਅਤੇ ਸਿਹਤ ਸੇਵਾਵਾਂ ਨਾਲ ਜੁੜੀਆਂ ਚਿੰਤਾਵਾਂ ਨੂੰ ਵੀ ਧਿਆਨ ਵਿੱਚ ਰੱਖ ਰਹੀ ਹੈ। ਇਸ ਲਈ ਇਮੀਗ੍ਰੇਸ਼ਨ ਸਬੰਧੀ ਕਈ ਸਖ਼ਤ ਨਿਯਮ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਤੋਂ 2028 ਤੱਕ ਵਿਦੇਸ਼ੀ ਆਮਦ ਦਾ ਸਾਲਾਨਾ ਕੋਟਾ 3 ਲੱਖ 80 ਹਜ਼ਾਰ ਤੈਅ ਕੀਤਾ ਗਿਆ ਹੈ। ਇਸ ਵਿੱਚ ਕੈਨੇਡਾ ਵਿੱਚ ਪਹਿਲਾਂ ਤੋਂ ਮੌਜੂਦ ਹੁਨਰਮੰਦ ਅਤੇ ਤਜਰਬੇਕਾਰ ਲੋਕਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਇਸ ਕੋਟੇ ਨੂੰ ਸਥਿਰ ਰੱਖਣ ’ਤੇ ਵੀ ਜ਼ੋਰ ਦੇ ਰਹੀ ਹੈ। ਅਨੀਤਾ ਆਨੰਦ ਨੇ ਕਿਹਾ ਕਿ ਸਰਕਾਰ ਲੰਬੇ ਸਮੇਂ ਲਈ ਵੱਡੀਆਂ ਯੋਜਨਾਵਾਂ ਬਣਾਉਣ ਦੀ ਬਜਾਏ ਤਿੰਨ-ਤਿੰਨ ਸਾਲਾਂ ਦੀਆਂ ਯੋਜਨਾਵਾਂ ’ਤੇ ਕੰਮ ਕਰ ਰਹੀ ਹੈ, ਤਾਂ ਜੋ ਨਿਰਧਾਰਤ ਟੀਚਿਆਂ ਨੂੰ ਲਾਗੂ ਕਰਨਾ ਆਸਾਨ ਰਹੇ। ਵਿਦੇਸ਼ ਮੰਤਰੀ ਨੇ ਕੈਨੇਡਾ ਦੀ ਬੇਰੁਜ਼ਗਾਰੀ ਬਾਰੇ ਟਰੰਪ ਦੇ ਦਾਅਵੇ ਨੂੰ ਵੀ ਰੱਦ ਕੀਤਾ ਅਤੇ ਇਸ ਸਬੰਧੀ ਆਪਣੇ ਤੱਥ ਪੇਸ਼ ਕੀਤੇ। ਇਸ ਤਰ੍ਹਾਂ ਕੈਨੇਡਾ ਦੀ ਇਮੀਗ੍ਰੇਸ਼ਨ ਨੀਤੀ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਕੈਨੇਡਾ ਸਰਕਾਰ ਦੇ ਰੁਖ ਵਿੱਚ ਅੰਤਰ ਸਾਹਮਣੇ ਆਇਆ ਹੈ। ਕੈਨੇਡਾ ਸਰਕਾਰ ਵੱਲੋਂ ਹਾਲ ਹੀ ਵਿੱਚ ਅਸਥਾਈ ਨਿਵਾਸੀਆਂ ਦੀ ਗਿਣਤੀ ਘਟਾਉਣ ਅਤੇ ਇਮੀਗ੍ਰੇਸ਼ਨ ਨੂੰ ਰਿਹਾਇਸ਼, ਜਨਤਕ ਸੇਵਾਵਾਂ ਅਤੇ ਲੇਬਰ ਮਾਰਕੀਟ ਦੀ ਸਮਰੱਥਾ ਨਾਲ ਜੋੜਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।