ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਕਾਰਵਾਈ 12 ਵਜੇ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਕਾਰਵਾਈ 12 ਵਜੇ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਗਿਆ। 10 ਅਗਸਤ ਤੱਕ ਚੱਲਣ ਵਾਲਾ ਇਹ ਸੈਸ਼ਨ ਭਗਵੰਤ ਮਾਨ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਮਾਨਸੂਨ ਸੈਸ਼ਨ ਹੈ। ਸੈਸ਼ਨ ਦੀ ਸ਼ੁਰੂਆਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਸਦਨ ਦੀ ਕਾਰਵਾਈ ਦੌਰਾਨ NEET ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਅਤੇ ਇਸ ਤੋਂ ਪੈਦਾ ਹੋਏ ਤਣਾਅ ਕਾਰਨ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੇਪਰ ਲੀਕ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਗਈਆਂ ਹਨ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸਰਕਾਰ ਵੱਲੋਂ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਵੀ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨੇ ਸਰਕਾਰ ਖ਼ਿਲਾਫ਼ ਟਕਰਾਅ ਵਾਲਾ ਰੁਖ਼ ਅਪਣਾਇਆ ਹੋਇਆ ਹੈ, ਜਿਸ ਕਾਰਨ ਸਦਨ ਵਿੱਚ ਤਿੱਖੀ ਚਰਚਾ ਹੋਣ ਦੇ ਆਸਾਰ ਜਤਾਏ ਜਾ ਰਹੇ ਹਨ।