ਪੱਛਮ ਵਿਹਾਰ 'ਚ ਗੁਰੂ ਰੰਧਾਵਾ ਦੇ ਜਿਮ ਨੂੰ ਬਣਾਇਆ ਨਿਸ਼ਾਨਾ, ਕਈ ਰਾਊਂਡ ਗੋਲੀਆਂ ਚੱਲੀਆਂ
- ਦੇਸ਼
- (Asia/Kolkata)
ਰਾਜਧਾਨੀ ਦਿੱਲੀ ਦੇ ਪੱਛਮ ਵਿਹਾਰ ਇਲਾਕੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੀ ਮਲਕੀਅਤ ਵਾਲੇ ਜਿਮ ਦੇ ਬਾਹਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਬਾਈਕ ਸਵਾਰ ਬਦਮਾਸ਼ਾਂ ਨੇ ਜਿਮ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਰਾਊਂਡ ਗੋਲੀਆਂ ਚਲਾਈਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਹਾਲਾਂਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਸ ਫਾਇਰਿੰਗ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲੈਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕਥਿਤ ਤੌਰ 'ਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਗਈ ਹੈ। ਵਾਇਰਲ ਹੋ ਰਹੀ ਆਡੀਓ ਵਿੱਚ ਇੱਕ ਗੈਂਗ ਮੈਂਬਰ ਨੂੰ ਕਥਿਤ ਤੌਰ 'ਤੇ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਗੁਰੂ ਰੰਧਾਵਾ ਦੇ ਅਦਾਕਾਰ ਸਲਮਾਨ ਖਾਨ ਨਾਲ ਨਜ਼ਦੀਕੀ ਸਬੰਧ ਹਨ, ਜਿਸ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਆਡੀਓ ਵਿੱਚ ਇਸ ਹਮਲੇ ਨੂੰ ਸਿਰਫ਼ ਇੱਕ "ਟ੍ਰੇਲਰ" ਕਰਾਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਪੋਸਟ ਅਤੇ ਆਡੀਓ ਕਲਿੱਪ ਦੀ ਸੱਚਾਈ ਦੀ ਵੀ ਪੁਸ਼ਟੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਇਸ ਘਟਨਾ ਦੇ ਪਿੱਛੇ ਦੀ ਅਸਲ ਵਜ੍ਹਾ ਸਪੱਸ਼ਟ ਹੋ ਸਕੇਗੀ। ਇਸ ਤੋਂ ਇਲਾਵਾ ਪੁਲਿਸ ਹੋਰ ਸੰਭਾਵਿਤ ਪੱਖਾਂ ਤੋਂ ਵੀ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ।
Leave a Reply