Daily Suraj

ਪੰਜਾਬੀ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 6 ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

13 Apr, 2026 04:23 PM

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫਰੀਦਕੋਟ ਪੁਲਿਸ ਨਾਲ ਮਿਲ ਕੇ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਭਿੰਡੀ ਸੈਦਾ ਪੁਲਿਸ ਥਾਣੇ ਵਿੱਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਇਸ ਕਾਰਵਾਈ ਦੌਰਾਨ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮਾਡਿਊਲ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਦੇ ਸਮਰਥਨ ਹੇਠ ਕੰਮ ਕਰ ਰਿਹਾ ਸੀ। ਦੋਸ਼ੀ ਵਿਦੇਸ਼ ਵਿੱਚ ਬੈਠੇ ਇੱਕ ਪਾਕਿਸਤਾਨ-ਅਧਾਰਤ ਹੈਂਡਲਰ ਨਾਲ ਸੰਪਰਕ ਵਿੱਚ ਸਨ, ਜੋ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਦਿਸ਼ਾ ਦੇ ਰਿਹਾ ਸੀ। ਜਾਂਚ ਅਨੁਸਾਰ 29-30 ਮਾਰਚ 2026 ਦੀ ਦਰਮਿਆਨੀ ਰਾਤ ਦੌਰਾਨ ਦੋਸ਼ੀਆਂ ਨੇ ਹੈਂਡ ਗ੍ਰਨੇਡ ਹਾਸਲ ਕੀਤੇ, ਰੇਕੀ ਕੀਤੀ ਅਤੇ ਫਿਰ ਹਮਲੇ ਨੂੰ ਅੰਜਾਮ ਦਿੱਤਾ। ਇਹ ਮਾਡਿਊਲ ਕੱਟੜਪੰਥੀ ਸੋਚ ਤੋਂ ਪ੍ਰਭਾਵਿਤ ਸੀ ਅਤੇ ਇਸਨੂੰ ਪੁਲਿਸ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਉਕਸਾਇਆ ਗਿਆ ਸੀ। ਹਮਲਾ ਕਰਨ ਲਈ ਉਨ੍ਹਾਂ ਨੂੰ ਵੱਡੇ ਵਿੱਤੀ ਇਨਾਮਾਂ ਦੇ ਵਾਅਦੇ ਵੀ ਕੀਤੇ ਗਏ ਸਨ। ਇਸ ਮਾਮਲੇ ਵਿੱਚ ਵਿਸਫੋਟਕ ਪਦਾਰਥ ਐਕਟ, ਯੂ.ਏ.ਪੀ.ਏ., ਬੀ.ਐਨ.ਐਸ. ਅਤੇ ਆਰਮਜ਼ ਐਕਟ ਦੀਆਂ ਸੰਬੰਧਿਤ ਧਾਰਾਵਾਂ ਹੇਠ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੇ ਅੱਗੇ-ਪਿੱਛੇ ਦੇ ਸਬੰਧ ਖੰਗਾਲੇ ਜਾ ਰਹੇ ਹਨ ਅਤੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਜਾਂਚ ਜਾਰੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ਰਾਹੀਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Posted By: Daily Suraj Bureau

Latest News