ਚੋਣ ਕਮਿਸ਼ਨ ਦੀ ਆਜ਼ਾਦੀ ‘ਤੇ ਸੁਪਰੀਮ ਕੋਰਟ ਚਿੰਤਿਤ, 2023 ਦੇ ਕਾਨੂੰਨ ‘ਤੇ ਸੁਣਵਾਈ ਜਾਰੀ
- ਦੇਸ਼
- (Asia/Kolkata)
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ (ਸੀਈਸੀ) ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਪ੍ਰਕਿਰਿਆ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਤਿੱਖੇ ਸਵਾਲ ਪੁੱਛੇ। ਅਦਾਲਤ ਨੇ ਕਿਹਾ ਕਿ ਜੇਕਰ ਨਿਯੁਕਤੀ ਸਬੰਧੀ ਅੰਤਿਮ ਫੈਸਲਾ ਸਰਕਾਰ ਨੇ ਹੀ ਲੈਣਾ ਹੈ ਤਾਂ ਚੋਣ ਕਮੇਟੀ ਵਿੱਚ ਵਿਰੋਧੀ ਧਿਰ ਦੇ ਨੇਤਾ ਨੂੰ ਸ਼ਾਮਲ ਕਰਕੇ ਆਜ਼ਾਦੀ ਦਾ ਦਿਖਾਵਾ ਕਰਨ ਦੀ ਲੋੜ ਕਿਉਂ ਹੈ। ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਨੇ ਸੁਣਵਾਈ ਦੌਰਾਨ ਨੋਟ ਕੀਤਾ ਕਿ ਸੀਬੀਆਈ ਡਾਇਰੈਕਟਰ ਦੀ ਚੋਣ ਕਮੇਟੀ ਵਿੱਚ ਭਾਰਤ ਦੇ ਮੁੱਖ ਜੱਜ (CJI) ਨੂੰ ਸ਼ਾਮਲ ਕੀਤਾ ਗਿਆ ਹੈ, ਪਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਲਈ ਬਣੀ ਕਮੇਟੀ ਵਿੱਚ ਕੋਈ ਵੀ ਸੁਤੰਤਰ ਮੈਂਬਰ ਨਹੀਂ ਰੱਖਿਆ ਗਿਆ। ਅਦਾਲਤ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ (ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ) ਐਕਟ, 2023 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰ ਰਹੀ ਸੀ। ਇਸ ਕਾਨੂੰਨ ਅਨੁਸਾਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਲਈ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਇੱਕ ਕੇਂਦਰੀ ਮੰਤਰੀ ਦੀ ਕਮੇਟੀ ਬਣਾਈ ਗਈ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਆਪਣੇ ਅੰਤਰਿਮ ਪ੍ਰਬੰਧ ਵਿੱਚ ਭਾਰਤ ਦੇ ਮੁੱਖ ਜੱਜ ਨੂੰ ਵੀ ਇਸ ਕਮੇਟੀ ਦਾ ਹਿੱਸਾ ਬਣਾਇਆ ਸੀ। ਪਟੀਸ਼ਨਾਂ ਵਿੱਚ ਦਲੀਲ ਦਿੱਤੀ ਗਈ ਹੈ ਕਿ 2023 ਦਾ ਇਹ ਕਾਨੂੰਨ ਚੋਣ ਕਮਿਸ਼ਨ ਦੀ ਸੁਤੰਤਰਤਾ ਨੂੰ ਕਮਜ਼ੋਰ ਕਰਦਾ ਹੈ ਕਿਉਂਕਿ ਇਸ ਵਿੱਚ CJI ਨੂੰ ਚੋਣ ਕਮੇਟੀ ਤੋਂ ਬਾਹਰ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ 2023 ਵਿੱਚ ਅਨੂਪ ਬਰਨਵਾਲ ਬਨਾਮ ਭਾਰਤ ਸੰਘ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜਦ ਤੱਕ ਸੰਸਦ ਕੋਈ ਨਵਾਂ ਕਾਨੂੰਨ ਨਹੀਂ ਬਣਾਉਂਦੀ, ਉਦੋਂ ਤੱਕ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ CJI ਦੀ ਕਮੇਟੀ ਰਾਹੀਂ ਕੀਤੀ ਜਾਵੇਗੀ। ਬਾਅਦ ਵਿੱਚ ਕੇਂਦਰ ਸਰਕਾਰ ਵੱਲੋਂ ਨਵਾਂ ਕਾਨੂੰਨ ਲਿਆਂਦਾ ਗਿਆ, ਜਿਸ ਵਿੱਚ CJI ਨੂੰ ਕਮੇਟੀ ਤੋਂ ਬਾਹਰ ਰੱਖਿਆ ਗਿਆ। ਇਸੇ ਕਾਨੂੰਨ ਨੂੰ ਹੁਣ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਸੁਣਵਾਈ ਦੌਰਾਨ ਅਦਾਲਤ ਨੇ ਅਟਾਰਨੀ ਜਨਰਲ ਆਰ. ਵੈਂਕਟਰਮਣੀ ਨੂੰ ਪੁੱਛਿਆ ਕਿ ਜੇਕਰ ਪ੍ਰਧਾਨ ਮੰਤਰੀ ਇੱਕ ਨਾਮ ਦਾ ਸਮਰਥਨ ਕਰਦੇ ਹਨ ਅਤੇ ਵਿਰੋਧੀ ਧਿਰ ਦਾ ਨੇਤਾ ਕਿਸੇ ਹੋਰ ਨਾਮ ਦਾ, ਤਾਂ ਕੀ ਤੀਜਾ ਮੈਂਬਰ ਵਿਰੋਧੀ ਧਿਰ ਦੇ ਨੇਤਾ ਦਾ ਪੱਖ ਲਵੇਗਾ? ਇਸ ‘ਤੇ ਅਟਾਰਨੀ ਜਨਰਲ ਨੇ ਕਿਹਾ ਕਿ ਸ਼ਾਇਦ ਅਜਿਹਾ ਨਹੀਂ ਹੋਵੇਗਾ। ਅਦਾਲਤ ਨੇ ਇਸ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਫਿਰ ਤਾਂ ਸਾਰਾ ਨਿਯੰਤਰਣ ਕਾਰਜਕਾਰੀ ਦੇ ਹੱਥ ਵਿੱਚ ਹੀ ਰਹਿੰਦਾ ਹੈ। ਅਜਿਹੀ ਸਥਿਤੀ ਵਿੱਚ ਵਿਰੋਧੀ ਧਿਰ ਦੇ ਨੇਤਾ ਨੂੰ ਕਮੇਟੀ ਵਿੱਚ ਸ਼ਾਮਲ ਕਰਨਾ ਸਿਰਫ਼ ਇੱਕ ਰਸਮੀ ਕਾਰਵਾਈ ਬਣ ਕੇ ਰਹਿ ਜਾਂਦਾ ਹੈ।
Leave a Reply