ਪਾਕਿਸਤਾਨ-ਅਫ਼ਗਾਨਿਸਤਾਨ ਤਣਾਅ ’ਤੇ ਬੀਜਿੰਗ ਸਰਗਰਮ, ਦੋਵਾਂ ਦੇਸ਼ਾਂ ਨੂੰ ਸੰਜਮ ਦੀ ਅਪੀਲ
ਚੀਨ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦਰਮਿਆਨ ਵਧ ਰਹੇ ਫੌਜੀ ਟਕਰਾਅ ’ਤੇ ਡੂੰਘੀ ਚਿੰਤਾ ਜਤਾਈ ਹੈ ਅਤੇ ਦੋਵਾਂ ਦੇਸ਼ਾਂ ਨੂੰ ਤੁਰੰਤ ਜੰਗਬੰਦੀ ਕਰਨ ਦੀ ਅਪੀਲ ਕੀਤੀ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਦੀ ਤਰਜਮਾਨ ਮਾਓ ਨਿੰਗ ਨੇ ਬੀਜਿੰਗ ਵਿੱਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਚੀਨ ਇਸ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਸੰਘਰਸ਼ ਕਾਰਨ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁੱਖ ਪ੍ਰਗਟ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੋਵੇਂ ਹੀ ਚੀਨ ਦੇ ਕਰੀਬੀ ਦੋਸਤ ਹਨ, ਇਸ ਲਈ ਚੀਨ ਦੋਵਾਂ ਪੱਖਾਂ ਨੂੰ ਸੰਜਮ ਵਰਤਣ ਅਤੇ ਆਪਣੇ ਮਤਭੇਦ ਗੱਲਬਾਤ ਰਾਹੀਂ ਹੱਲ ਕਰਨ ਦੀ ਅਪੀਲ ਕਰਦਾ ਹੈ, ਤਾਂ ਜੋ ਖੇਤਰ ਵਿੱਚ ਅਮਨ ਅਤੇ ਸਥਿਰਤਾ ਬਣੀ ਰਹੇ। ਮਾਓ ਨਿੰਗ ਨੇ ਇਹ ਵੀ ਕਿਹਾ ਕਿ ਚੀਨ ਆਪਣੇ ਪੱਧਰ ’ਤੇ ਦੋਵਾਂ ਦੇਸ਼ਾਂ ਵਿਚਾਲੇ ਵਿਚੋਲਗੀ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਕ ਉਸਾਰੂ ਭੂਮਿਕਾ ਨਿਭਾਉਣ ਲਈ ਤਿਆਰ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵੱਲੋਂ ਅਫ਼ਗਾਨਿਸਤਾਨ ’ਤੇ ਅਤਿਵਾਦੀ ਸਮੂਹਾਂ (TTP ਅਤੇ BLA) ਨੂੰ ਪਨਾਹ ਦੇਣ ਦੇ ਦੋਸ਼ ਲਗਾਏ ਜਾ ਰਹੇ ਹਨ, ਜਦਕਿ ਅਫ਼ਗਾਨ ਤਾਲਿਬਾਨ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਪਾਕਿਸਤਾਨੀ ਫੌਜ ਦੀਆਂ ਹਵਾਈ ਕਾਰਵਾਈਆਂ ਨੂੰ ਹਿੰਸਾ ਦਾ ਮੁੱਖ ਕਾਰਨ ਦੱਸ ਰਹੇ ਹਨ। ਚੀਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਆਪਣੇ ਨਾਗਰਿਕਾਂ ਅਤੇ ਕੰਪਨੀਆਂ ਦੀ ਸੁਰੱਖਿਆ ਲਈ ਸਥਿਤੀ ਦਾ ਲਗਾਤਾਰ ਜਾਇਜ਼ਾ ਲੈ ਰਿਹਾ ਹੈ ਅਤੇ ਲੋੜ ਪੈਣ ’ਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ।
Posted By: Daily Suraj Bureau