ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ: SGPC ਵੱਲੋਂ ਸਕੱਤਰ ਪ੍ਰਤਾਪ ਸਿੰਘ ਸਸਪੈਂਡ
- ਪੰਜਾਬ
- (Asia/Kolkata)
ਮੋਹਾਲੀ ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਨਾਲ ਸੰਬੰਧਿਤ ਘਪਲੇ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡੀ ਕਾਰਵਾਈ ਕੀਤੀ ਹੈ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਇਹ ਕਾਰਵਾਈ ਮਾਮਲੇ ਦੀ ਜਾਂਚ ਲਈ ਬਣਾਈ ਗਈ ਸਬ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਨਾਲ ਸੰਬੰਧਤ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿੱਚ ਪੈਂਦੀ 1 ਵਿਘਾ, 6 ਵਿਸਬੇ ਅਤੇ 10 ਵਿਸਬਾਸੀਆਂ ਜ਼ਮੀਨ ਨੂੰ ਅਮਾਨਤ ਵਿੱਚ ਖਿਆਨਤ ਅਤੇ ਧੋਖਾਧੜੀ ਕਰਕੇ ਫ਼ਰਜ਼ੀ ਤਰੀਕੇ ਨਾਲ ਵੇਚਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਨੇ ਧਾਰਮਿਕ ਸੰਸਥਾ ਦੀ ਸੰਪਤੀ ਨਾਲ ਜੁੜੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਨੂੰ ਵੀ ਮੁਅੱਤਲ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਨੇਜਰ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਪ੍ਰਕਿਰਿਆ ਵੀ ਜਾਰੀ ਹੈ। ਮਾਮਲੇ ਦੀ ਪੂਰੀ ਜਾਂਚ ਲਈ SGPC ਨੇ ਆਪਣੇ ਮੈਂਬਰਾਂ ‘ਤੇ ਆਧਾਰਿਤ ਪੰਜ ਮੈਂਬਰੀ ਕਮੇਟੀ ਬਣਾਈ ਸੀ। ਇਸ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸੁਰਜੀਤ ਸਿੰਘ ਭਿੱਟੇਵੱਡ ਅਤੇ ਪਰਮਜੀਤ ਸਿੰਘ ਲੱਖੇਵਾਲ ਨੂੰ ਸ਼ਾਮਲ ਕੀਤਾ ਗਿਆ ਸੀ। ਕਮੇਟੀ ਵੱਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ ਦੇ ਆਧਾਰ ‘ਤੇ ਹੀ ਸਕੱਤਰ ਪ੍ਰਤਾਪ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। SGPC ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਗਲੀ ਕਾਨੂੰਨੀ ਅਤੇ ਪ੍ਰਸ਼ਾਸਕੀ ਕਾਰਵਾਈ ਜਾਰੀ ਰੱਖਣ ਦੀ ਗੱਲ ਵੀ ਕਹੀ ਗਈ ਹੈ, ਤਾਂ ਜੋ ਗੁਰਦੁਆਰਾ ਸੰਪਤੀਆਂ ਦੀ ਸੁਰੱਖਿਆ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ।
Leave a Reply