Daily Suraj

ਪੰਜਾਬੀ

ਨਸ਼ਿਆਂ ਖ਼ਿਲਾਫ਼ ਸਖ਼ਤੀ: ਪੰਜਾਬ ‘ਚ 83 ਫ਼ੀਸਦੀ ਤਸਕਰਾਂ ਨੂੰ ਸਜ਼ਾਵਾਂ

17 Dec, 2025 05:15 PM

‘ਉੜਤਾ ਪੰਜਾਬ’ ਦਾ ਦਾਗ਼ ਲਾਉਣ ਵਾਲੇ 83 ਫ਼ੀਸਦੀ ਨਸ਼ਾ ਤਸਕਰਾਂ ਨੂੰ ਸਜ਼ਾ ਦਾ ਮੂੰਹ ਦੇਖਣਾ ਪਿਆ ਹੈ। ਜਦੋਂ ਨਸ਼ਾ ਤਸਕਰੀ ਦੇ ਦਰਜ ਕੇਸਾਂ ਦੀ ਅਦਾਲਤਾਂ ’ਚ ਸਫਲਤਾ ਦਰ ਦੇਖਦੇ ਹਾਂ ਤਾਂ ਜਾਪਦਾ ਹੈ ਕਿ ਹੁਣ ਤਸਕਰਾਂ ਲਈ ਸਾਫ਼ ਬਚ ਕੇ ਨਿਕਲਣਾ ਸੌਖਾ ਨਹੀਂ। ਪੰਜਾਬ ’ਚ ਲੰਘੇ ਤਿੰਨ ਵਰ੍ਹਿਆਂ ’ਚ ਨਸ਼ਾ ਤਸਕਰੀ ਕੇਸਾਂ ’ਚ ਸਜ਼ਾ ਦਰ 83.82 ਫ਼ੀਸਦੀ ਰਹਿਣ ਦੇ ਬਾਵਜੂਦ ਨਸ਼ਾ ਤਸਕਰੀ ਰੁਕ ਨਹੀਂ ਰਹੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪੰਜਾਬ ’ਚ ਪਹਿਲੀ ਜਨਵਰੀ 2022 ਤੋਂ 30 ਨਵੰਬਰ 2025 ਤੱਕ ਐੱਨ ਡੀ ਪੀ ਐੱਸ ਐਕਟ ਤਹਿਤ ਦਰਜ ਕੇਸਾਂ ’ਚੋਂ 25,797 ਕੇਸਾਂ ਦਾ ਅਦਾਲਤੀ ਫ਼ੈਸਲਾ ਹੋਇਆ, ਜਿਨ੍ਹਾਂ ’ਚੋਂ 21,625 ਕੇਸਾਂ ’ਚ ਸਜ਼ਾ ਹੋਈ ਹੈ।

ਅੰਕੜਿਆਂ ਅਨੁਸਾਰ ਪੰਜਾਬ ਦਾ ਕੋਈ ਅਜਿਹਾ ਜ਼ਿਲ੍ਹਾ ਨਹੀਂ ਹੈ, ਜਿੱਥੇ ਨਸ਼ਾ ਤਸਕਰੀ ਦੇ ਕੇਸਾਂ ’ਚ ਅਦਾਲਤਾਂ ’ਚ ਸਫਲਤਾ ਦਰ 70 ਫ਼ੀਸਦੀ ਤੋਂ ਘੱਟ ਹੋਵੇ। ਜ਼ਿਲ੍ਹਾ ਵਾਰ ਕਾਰਗੁਜ਼ਾਰੀ ਦੇਖੀਏ ਤਾਂ ਉਪਰੋਕਤ ਤਿੰਨ ਵਰ੍ਹਿਆਂ ਦੌਰਾਨ ਨਵਾਂ ਸ਼ਹਿਰ ’ਚ ਤਸਕਰੀ ਕੇਸਾਂ ਦੀ ਸਜ਼ਾ ਦਰ 95.86 ਫ਼ੀਸਦੀ ਰਹੀ ਹੈ, ਜੋ ਪੰਜਾਬ ਭਰ ’ਚੋਂ ਸਿਖਰ ’ਤੇ ਹੈ। ਇਸ ਜ਼ਿਲ੍ਹੇ ’ਚ ਤਿੰਨ ਸਾਲਾਂ ’ਚ 1451 ਕੇਸਾਂ ਦੇ ਫ਼ੈਸਲੇ ਹੋਏ, ਜਿਨ੍ਹਾਂ ਚੋਂ 1391 ਕੇਸਾਂ ’ਚ ਸਜ਼ਾ ਹੋਈ ਹੈ। ਦੂਜੇ ਨੰਬਰ ’ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਹੈ, ਜਿੱਥੇ ਤਿੰਨ ਸਾਲਾਂ ’ਚ 542 ਕੇਸਾਂ ਦਾ ਅਦਾਲਤਾਂ ’ਚੋਂ ਫ਼ੈਸਲਾ ਹੋਇਆ ਅਤੇ 516 ਕੇਸਾਂ ’ਚ (95.20 ਫ਼ੀਸਦੀ) ਸਜ਼ਾ ਹੋਈ ਹੈ।

ਪੰਜਾਬ ’ਚ ਸਜ਼ਾ ਦਰ ਦੇ ਲਿਹਾਜ਼ ਨਾਲ ਅੰਮ੍ਰਿਤਸਰ ’ਚ 1144 ਕੇਸਾਂ ’ਚੋਂ 814 ਕੇਸਾਂ ’ਚ ਸਜ਼ਾ ਹੋਈ। ਭਾਵ ਇੱਥੇ ਸਜ਼ਾ ਦਰ 71.15 ਫ਼ੀਸਦੀ ਰਹੀ ਰਹੀ ਹੈ, ਜੋ ਪੰਜਾਬ ਭਰ ’ਚੋਂ ਸਭ ਤੋਂ ਹੇਠਾਂ ਹੈ।ਬਠਿੰਡਾ ਜ਼ਿਲ੍ਹੇ ਦੀ ਸਜ਼ਾ ਦਰ 84.68 ਫ਼ੀਸਦੀ ਰਹੀ ਹੈ। ਐੱਸ ਐੱਸ ਪੀ ਬਠਿੰਡਾ ਅਮਨੀਤ ਕੌਂਡਲ ਅਨੁਸਾਰ ਕੇਸਾਂ ਦੇ ਰੈਗੂਲਰ ਫਾਲੋਅੱਪ, ਸਮੇਂ ਸਿਰ ਚਲਾਨ ਪੇਸ਼ ਕਰਨ ਅਤੇ ਗਵਾਹਾਂ ਦੀ ਪੇਸ਼ੀ ਯਕੀਨੀ ਬਣਾਉਣ ਸਦਕਾ ਨਤੀਜੇ ਬਿਹਤਰ ਹੋਏ ਹਨ।

ਤਿੰਨ ਸਾਲਾਂ ਦੌਰਾਨ ਸਭ ਤੋਂ ਵੱਧ ਕੇਸਾਂ ਦਾ ਨਿਪਟਾਰਾ ਜਲੰਧਰ (ਦਿਹਾਤੀ) ਵਿੱਚ ਹੋਇਆ, ਜਿੱਥੇ 2136 ਕੇਸਾਂ ਦਾ ਫੈਸਲਾ ਆਇਆ ਅਤੇ 1809 ਵਿੱਚ ਸਜ਼ਾ ਹੋਈ। ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਸੰਗਰੂਰ ’ਚ ਨਸ਼ਾ ਤਸਕਰੀ ਕੇਸਾਂ ਦੀ ਸਜ਼ਾ ਦਰ 88.11 ਫ਼ੀਸਦੀ ਹੈ। 2020 ਵਿੱਚ ਪੰਜਾਬ ’ਚ ਨਸ਼ਾ ਤਸਕਰੀ ਕੇਸਾਂ ’ਚ ਸਜ਼ਾ ਦਰ 67.02 ਫ਼ੀਸਦੀ ਸੀ; 2021 ’ਚ ਸਜ਼ਾ ਦਰ ਵਧ ਕੇ 77.9 ਫ਼ੀਸਦੀ ਹੋ ਗਈ। ਇਸੇ ਤਰ੍ਹਾਂ 2022 ’ਚ ਸਜ਼ਾ ਦਰ 79.2 ਫ਼ੀਸਦੀ ਹੋ ਗਈ ਸੀ। ਪੰਜਾਬ ਦੀਆਂ ਜੇਲ੍ਹਾਂ ’ਚ ਇਸ ਵੇਲੇ 34,463 ਬੰਦੀ ਹਨ, ਜਿਨ੍ਹਾਂ ’ਚ 6742 ਕੈਦੀ ਹਨ। ਸਵਾਲ ਇਹ ਵੀ ਹੈ ਕਿ ਜੇ ਤਿੰਨ ਵਰ੍ਹਿਆਂ ’ਚ 21,625 ਤਸਕਰਾਂ ਨੂੰ ਸਜ਼ਾ ਹੋ ਚੁੱਕੀ ਹੈ ਤਾਂ ਜੇਲ੍ਹਾਂ ’ਚ ਇਸ ਹਿਸਾਬ ਨਾਲ ਅੰਕੜਾ ਕਿਉਂ ਨਹੀਂ ਵਧਿਆ। ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲੀ ਮਾਰਚ 2025 ਤੋਂ ਸ਼ੁਰੂ ਕੀਤਾ ਸੀ, ਜਿਸ ਤਹਿਤ ਹੁਣ ਤੱਕ 26,256 ਕੇਸ ਦਰਜ ਹੋਏ ਹਨ ਅਤੇ 38,687 ਜਣਿਆਂ ਦੀ ਗ੍ਰਿਫ਼ਤਾਰੀ ਹੋਈ ਹੈ; ਮਤਲਬ, ਪੰਜਾਬ ਪੁਲੀਸ ਵੱਲੋਂ ਰੋਜ਼ਾਨਾ ਔਸਤਨ 103 ਤਸਕਰੀ ਦੇ ਕੇਸ ਦਰਜ ਕੀਤੇ ਗਏ ਅਤੇ ਰੋਜ਼ਾਨਾ ਔਸਤਨ 152 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Posted By: Daily Suraj Bureau

Latest News