ਬਰਨਾਲਾ ਵਿੱਚ ਬੋਲੇ ਸੰਧਵਾਂ, “ਮੁੱਖ ਮੰਤਰੀ ਦੇ ਬਿਆਨ ਪਿੱਛੇ ਜ਼ਰੂਰ ਹੋਵੇਗੀ ਖੁਫੀਆ ਜਾਣਕਾਰੀ”
- ਪੰਜਾਬ
- (Asia/Kolkata)
ਪੰਜਾਬ ਵਿੱਚ ਹੋ ਰਹੇ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ਖ਼ਿਲਾਫ਼ ਦਿੱਤੇ ਗਏ ਬਿਆਨ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਮਰਥਨ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਚੋਣਾਂ ਦਾ ਮਾਹੌਲ ਬਣਦਾ ਹੈ, ਉੱਥੇ ਅਕਸਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਅਤੇ ਦੰਗਿਆਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਅਤੇ ਲੋਕਾਂ ਵਿੱਚ ਇਸ ਤਰ੍ਹਾਂ ਦੀ ਆਮ ਧਾਰਨਾ ਬਣੀ ਹੋਈ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਬਰਨਾਲਾ ਵਿਖੇ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜੀਆ ਦਾ ਬੁੱਤ ਸਥਾਪਿਤ ਕਰਨ ਲਈ ਕਰਵਾਏ ਗਏ ਸਮਾਗਮ ਵਿੱਚ ਸ਼ਾਮਲ ਹੋਣ ਪਹੁੰਚੇ। ਇਸ ਮੌਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਕਈ ਸਿਆਸੀ ਅਤੇ ਧਾਰਮਿਕ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਈ ਬਿਆਨ ਦਿੱਤਾ ਹੈ ਤਾਂ ਉਸ ਦੇ ਪਿੱਛੇ ਕੋਈ ਨਾ ਕੋਈ ਠੋਸ ਆਧਾਰ ਅਤੇ ਖੁਫੀਆ ਜਾਣਕਾਰੀ ਜ਼ਰੂਰ ਹੋਵੇਗੀ। ਬੇਅਦਬੀ ਮਾਮਲਿਆਂ ਸਬੰਧੀ ਲਿਆਂਦੇ ਗਏ ਨਵੇਂ ਕਾਨੂੰਨ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਨੰਗੇ ਪੈਰੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਜਾਣਗੇ ਅਤੇ ਆਪਣਾ ਪੱਖ ਰੱਖਣਗੇ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਬਹੁਤ ਸਖ਼ਤ ਕਾਨੂੰਨ ਲਿਆਂਦਾ ਗਿਆ ਹੈ, ਜਿਸ ਤਹਿਤ ਦੋਸ਼ੀਆਂ ਨੂੰ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ। ਇਸ ਦੌਰਾਨ ਸੰਧਵਾਂ ਨੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜੀਆ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀ ਬਹਾਦਰੀ ਅਤੇ ਇਤਿਹਾਸਕ ਯੋਗਦਾਨ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੱਸਾ ਸਿੰਘ ਰਾਮਗੜੀਆ ਨੇ ਮੁਗਲਾਂ ਨੂੰ ਹਰਾਕੇ ਦਿੱਲੀ ’ਤੇ ਫਤਿਹ ਹਾਸਲ ਕੀਤੀ ਸੀ, ਜਿਸ ਕਰਕੇ ਉਨ੍ਹਾਂ ਦਾ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਹੈ। ਸਪੀਕਰ ਨੇ ਬਰਨਾਲਾ ਵਿੱਚ ਜੱਸਾ ਸਿੰਘ ਰਾਮਗੜੀਆ ਦੇ ਨਾਮ ’ਤੇ ਚੌਂਕ ਰੱਖਣ ਅਤੇ ਉਨ੍ਹਾਂ ਦਾ ਬੁੱਤ ਸਥਾਪਿਤ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤਸਰ ਸਥਿਤ ਰਾਮਗੜੀਆ ਬੁੰਗੇ ਦੀ ਖ਼ਸਤਾ ਹਾਲਤ ’ਤੇ ਚਿੰਤਾ ਜਤਾਈ ਅਤੇ ਕਿਹਾ ਕਿ ਉਹ ਜਲਦ ਹੀ ਉੱਥੇ ਦੌਰਾ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਇਸ ਇਤਿਹਾਸਕ ਵਿਰਾਸਤ ਦੀ ਸਾਂਭ-ਸੰਭਾਲ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ। ਸਮਾਗਮ ਦੌਰਾਨ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਵਾਸੀਆਂ ਨੂੰ ਜੱਸਾ ਸਿੰਘ ਰਾਮਗੜੀਆ ਦੇ ਯਾਦਗਾਰੀ ਬੁੱਤ ਦੀ ਸਥਾਪਨਾ ਲਈ ਵਧਾਈ ਦਿੱਤੀ।
Leave a Reply