Daily Suraj

ਪੰਜਾਬੀ

ਗੁਰਪੁਰਬ ਸਬੰਧੀ ਮੀਟਿੰਗ ’ਚ ਪ੍ਰਸ਼ਾਸਨ ਦੀ ਗੈਰਹਾਜ਼ਰੀ ਸਿੱਖ ਪੰਥ ਨਾਲ ਭੇਦਭਾਵ-ਹਰਜੋਤ ਸਿੰਘ ਪਾਹਵਾ

31 Dec, 2025 01:29 PM

ਫਗਵਾੜਾ (ਅਸ਼ੋਕ ਸ਼ਰਮਾ) 
ਸ਼੍ਰੋਮਣੀ ਅਕਾਲੀ ਦਲ (ਬਾਦਲ) ਫਗਵਾੜਾ ਦੇ ਪ੍ਰਧਾਨ ਹਰਜੋਤ ਸਿੰਘ ਪਾਹਵਾ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਦਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਰੱਖੀ ਗਈ ਸੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਗੁਰਪੁਰਬ ਦੇ ਸਮਾਗਮਾਂ ਨੂੰ ਸ਼ਾਂਤੀਪੂਰਕ, ਸੁਚਾਰੂ ਅਤੇ ਸ਼ਰਧਾ ਨਾਲ ਮਨਾਉਣ ਲਈ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕਰਨਾ ਸੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਲਈ ਪੁਲਿਸ ਅਤੇ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਲਿਖਤੀ ਤੌਰ ’ਤੇ ਸੱਦਾ ਦਿੱਤਾ ਗਿਆ ਸੀ, ਪਰ ਅਫਸੋਸ ਦੀ ਗੱਲ ਹੈ ਕਿ ਕੋਈ ਵੀ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਇਆ। ਪਾਹਵਾ ਨੇ ਕਿਹਾ ਕਿ ਇਹ ਰਵੱਈਆ ਪ੍ਰਸ਼ਾਸਨ ਦੀ ਲਾਪਰਵਾਹੀ ਅਤੇ ਸਿੱਖ ਪੰਥ ਪ੍ਰਤੀ ਬੇਰੁਖੀ ਨੂੰ ਸਾਫ਼ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਗੁਰਪੁਰਬ ਸਿਰਫ਼ ਧਾਰਮਿਕ ਸਮਾਗਮ ਹੀ ਨਹੀਂ ਹੁੰਦੇ, ਸਗੋਂ ਇਹ ਸਮਾਜਿਕ ਏਕਤਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦਾ ਪ੍ਰਤੀਕ ਵੀ ਹੁੰਦੇ ਹਨ। ਅਜਿਹੇ ਪਵਿੱਤਰ ਸਮਾਗਮਾਂ ਲਈ ਪ੍ਰਸ਼ਾਸਨ ਦੀ ਮੌਜੂਦਗੀ ਅਤੇ ਸਹਿਯੋਗ ਬਹੁਤ ਜ਼ਰੂਰੀ ਹੁੰਦਾ ਹੈ, ਪਰ ਇੱਥੇ ਜਾਨਬੂਝ ਕੇ ਅਣਦੇਖੀ ਕੀਤੀ ਗਈ ਹੈ। ਹਰਜੋਤ ਸਿੰਘ ਪਾਹਵਾ ਨੇ ਸਵਾਲ ਉਠਾਇਆ ਕਿ ਜਦੋਂ ਹੋਰ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਦੌਰਾਨ ਪ੍ਰਸ਼ਾਸਨ ਪੂਰੀ ਤਰ੍ਹਾਂ ਸਹਿਯੋਗ ਕਰਦਾ ਹੈ ਤਾਂ ਫਿਰ ਸਿੱਖ ਧਰਮ ਨਾਲ ਜੁੜੇ ਸਮਾਗਮਾਂ ਪ੍ਰਤੀ ਇਹ ਦੋਹਰਾ ਮਾਪਦੰਡ ਕਿਉਂ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਪੰਥ ਨਾਲ ਭੇਦਭਾਵ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਪੰਥ ਹਮੇਸ਼ਾਂ ਕਾਨੂੰਨ ਦੀ ਪਾਲਣਾ ਕਰਨ ਵਾਲਾ ਅਤੇ ਅਮਨ-ਸ਼ਾਂਤੀ ਨੂੰ ਤਰਜੀਹ ਦੇਣ ਵਾਲਾ ਪੰਥ ਰਿਹਾ ਹੈ, ਪਰ ਪ੍ਰਸ਼ਾਸਨ ਵੱਲੋਂ ਵਾਰ-ਵਾਰ ਕੀਤੀ ਜਾ ਰਹੀ ਅਣਦੇਖੀ ਨਾਲ ਸਿੱਖ ਸੰਗਤਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚ ਰਹੀ ਹੈ। ਅਜਿਹਾ ਰਵੱਈਆ ਸਮਾਜਿਕ ਸਾਂਝ ਅਤੇ ਭਾਈਚਾਰਕ ਏਕਤਾ ਨੂੰ ਨੁਕਸਾਨ ਪਹੁੰਚਾਉਂਦਾ ਹੈ। ਉਹਨਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਭਵਿੱਖ ਵਿੱਚ ਸਿੱਖ ਧਾਰਮਿਕ ਸਮਾਗਮਾਂ ਨੂੰ ਪੂਰਾ ਸਨਮਾਨ ਦਿੱਤਾ ਜਾਵੇ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਤਾਲਮੇਲ ਬਣਾ ਕੇ ਕੰਮ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਅਜਿਹੀ ਅਣਦੇਖੀ ਅਗਲੇ ਸਮੇਂ ਵਿੱਚ ਵੀ ਜਾਰੀ ਰਹੀ ਤਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਲੋਕਤੰਤਰਿਕ ਅਤੇ ਸ਼ਾਂਤੀਪੂਰਕ ਢੰਗ ਨਾਲ ਤਿੱਖਾ ਰੋਸ ਪ੍ਰਗਟ ਕੀਤਾ ਜਾਵੇਗਾ।

Posted By: Daily Suraj Bureau

Latest News