ਲੌਂਗੋਵਾਲ ਵਿੱਚ ਖੇਤੀਬਾੜੀ ਲਈ ਸਿਰਫ਼ 4 ਤੋਂ 5 ਘੰਟੇ ਬਿਜਲੀ ਸਪਲਾਈ ਮਿਲਣ ’ਤੇ ਕਿਸਾਨਾਂ ਵਿੱਚ ਰੋਸ
- ਸੰਗਰੂਰ
- (Asia/Kolkata)
ਬੀਕੇਯੂ ਏਕਤਾ ਅਜ਼ਾਦ ਦੇ ਵਫ਼ਦ ਨੇ ਬਿਜਲੀ ਗਰਿੱਡ ਦੇ ਅਧਿਕਾਰੀਆਂ ਨੂੰ ਮਿਲ ਕੇ ਪੂਰੀ ਸਪਲਾਈ ਦੇਣ ਦੀ ਕੀਤੀ ਮੰਗ ਮੰਗ ਨਾ ਮੰਨੇ ਜਾਣ ’ਤੇ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ ਲੌਂਗੋਵਾਲ, (ਜਗਸੀਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦੀ ਇਕਾਈ ਲੌਂਗੋਵਾਲ ਦਾ ਵਫ਼ਦ ਅੱਜ ਪਿੰਡ ਦੇ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਦੇ ਮਾਮਲੇ ਨੂੰ ਲੈ ਕੇ ਬਿਜਲੀ ਗਰਿੱਡ ਲੌਂਗੋਵਾਲ ਦੇ ਅਧਿਕਾਰੀਆਂ ਨੂੰ ਮਿਲਿਆ। ਇਸ ਮੌਕੇ ਕਿਸਾਨ ਆਗੂਆਂ ਨੇ ਖੇਤੀਬਾੜੀ ਲਈ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਭਾਵੇਂ ਪੰਜਾਬ ਭਰ ਵਿੱਚ ਬਿਜਲੀ ਦੀ ਕਿੱਲਤ ਚੱਲ ਰਹੀ ਹੈ, ਪਰ ਲੌਂਗੋਵਾਲ ਇਲਾਕੇ ਵਿੱਚ ਕਿਸਾਨਾਂ ਨੂੰ ਖੇਤਾਂ ਲਈ ਸਿਰਫ਼ 4 ਤੋਂ 5 ਘੰਟੇ ਹੀ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਝੋਨੇ ਦੀ ਫ਼ਸਲ ਨਿਸਾਰੇ ਵੱਲ ਵਧ ਰਹੀ ਹੈ, ਜਿਸ ਕਾਰਨ ਇਨ੍ਹਾਂ ਦਿਨਾਂ ਦੌਰਾਨ ਫ਼ਸਲ ਨੂੰ ਆਮ ਦਿਨਾਂ ਨਾਲੋਂ ਵੱਧ ਪਾਣੀ ਦੀ ਲੋੜ ਹੁੰਦੀ ਹੈ। ਅਜਿਹੇ ਵਿੱਚ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਦਿਨ ਵਿੱਚ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਬਿਜਲੀ ਦੇ ਵੱਡੇ-ਵੱਡੇ ਕੱਟ ਲੱਗਣ ਕਾਰਨ ਖੇਤੀਬਾੜੀ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਕਿਸਾਨਾਂ ਦੀ ਲੋੜ ਅਨੁਸਾਰ ਪਾਣੀ ਦੀ ਮੰਗ ਪੂਰੀ ਨਹੀਂ ਹੋ ਰਹੀ। ਵਫ਼ਦ ਵੱਲੋਂ ਸਬੰਧਿਤ ਬਿਜਲੀ ਅਧਿਕਾਰੀ ਅਤੇ ਐਸ.ਡੀ.ਓ. ਰਾਹੀਂ ਮੰਗ ਕੀਤੀ ਗਈ ਕਿ ਲੌਂਗੋਵਾਲ ਇਲਾਕੇ ਦੇ ਕਿਸਾਨਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਸਮੇਂ ਅਨੁਸਾਰ ਪੂਰੀ ਅਤੇ ਨਿਰਵਿਘਨ ਖੇਤੀਬਾੜੀ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਘਾਟ ਕਾਰਨ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਆਉਂਦੇ ਦਿਨਾਂ ਵਿੱਚ ਬਿਜਲੀ ਸਪਲਾਈ ਦੀ ਸਥਿਤੀ ਵਿੱਚ ਸੁਧਾਰ ਨਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਪੂਰੀ ਬਿਜਲੀ ਨਾ ਮਿਲੀ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵੱਲੋਂ ਆਪਣਾ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਇਕਾਈ ਪ੍ਰਧਾਨ ਬਲਜਿੰਦਰ ਲੌਂਗੋਵਾਲ, ਨਛੱਤਰ ਸਿੰਘ, ਜੱਗਾ ਸਿੰਘ, ਸੁਖਦੇਵ ਸਿੰਘ, ਬਿੰਦਰ ਸਿੰਘ, ਜੋਗਾ ਸਿੰਘ ਆਦਿ ਕਿਸਾਨ ਹਾਜ਼ਰ ਸਨ।
Leave a Reply