ਸੰਧਵਾਂ ਦਾ ਬਿਆਨ—ਨਿਮਰਤਾ ਨਾਲ ਅਕਾਲ ਤਖ਼ਤ ਸਾਹਿਬ ਅੱਗੇ ਰੱਖਾਂਗਾ ਆਪਣਾ ਪੱਖ

ਸੰਧਵਾਂ ਦਾ ਬਿਆਨ—ਨਿਮਰਤਾ ਨਾਲ ਅਕਾਲ ਤਖ਼ਤ ਸਾਹਿਬ ਅੱਗੇ ਰੱਖਾਂਗਾ ਆਪਣਾ ਪੱਖ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ 8 ਮਈ ਨੂੰ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਉਨ੍ਹਾਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਭ ਤੋਂ ਉੱਚਾ ਅਤੇ ਸਤਿਕਾਰਯੋਗ ਧਾਰਮਿਕ ਅਸਥਾਨ ਹੈ ਅਤੇ ਉਹ ਪੂਰੀ ਨਿਮਰਤਾ ਤੇ ਸ਼ਰਧਾ ਨਾਲ ਹਾਜ਼ਰ ਹੋ ਕੇ ਆਪਣਾ ਪੱਖ ਰੱਖਣਗੇ। ਸਪੀਕਰ ਸੰਧਵਾਂ ਨੇ ਇਸ ਸੰਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ 8 ਮਈ ਸਵੇਰੇ 11 ਵਜੇ ਹਾਜ਼ਰ ਹੋਣ ਦਾ ਸੰਦੇਸ਼ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸੱਦੇ ਦਾ ਸਤਿਕਾਰ ਕਰਦੇ ਹੋਏ ਨਿਮਰਤਾ ਨਾਲ ਪੇਸ਼ ਹੋਣ ਲਈ ਵਚਨਬੱਧ ਹਨ। ਜਾਣਕਾਰੀ ਮੁਤਾਬਕ, ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਬੀਤੇ ਦਿਨ ਅੰਮ੍ਰਿਤਸਰ ਵਿੱਚ ਇੱਕ ਅਹਿਮ ਪੰਥਕ ਇਕੱਠ ਬੁਲਾਇਆ ਗਿਆ ਸੀ। ਇਸ ਇਕੱਠ ਵਿੱਚ ਸਿੱਖ ਬੁੱਧੀਜੀਵੀਆਂ, ਵਿਦਵਾਨਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਹੋਰ ਪ੍ਰਮੁੱਖ ਸਿੱਖ ਸ਼ਖਸੀਅਤਾਂ ਨੇ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਨਵੇਂ ਬੇਅਦਬੀ ਕਾਨੂੰਨ ਨੂੰ ਨਾ-ਮਨਜ਼ੂਰ ਕਰਨ ਦਾ ਫੈਸਲਾ ਲਿਆ ਗਿਆ। ਇਸ ਮਾਮਲੇ ਦੇ ਸੰਦਰਭ ਵਿੱਚ ਹੀ ਸਪੀਕਰ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਤਲਬ ਕੀਤਾ ਗਿਆ ਹੈ। ਜਥੇਦਾਰ ਵੱਲੋਂ ਕਿਹਾ ਗਿਆ ਕਿ ਇਹ ਮਾਮਲਾ ਸਿੱਧੇ ਤੌਰ ’ਤੇ ਪੰਥ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਸਬੰਧੀ ਫੈਸਲੇ ਪੰਥਕ ਪੱਧਰ ’ਤੇ ਹੀ ਲਏ ਜਾਣੇ ਚਾਹੀਦੇ ਹਨ, ਨਾ ਕਿ ਸਿਰਫ਼ ਸਰਕਾਰੀ ਪੱਧਰ ’ਤੇ।