SGPC ਨੇ 2026-27 ਲਈ 1487.41 ਕਰੋੜ ਰੁਪਏ ਦਾ ਬਜਟ ਕੀਤਾ ਪਾਸ

SGPC ਨੇ 2026-27 ਲਈ 1487.41 ਕਰੋੜ ਰੁਪਏ ਦਾ ਬਜਟ ਕੀਤਾ ਪਾਸ

ਸਿੱਖਾਂ ਦੀ ਮਿੰਨੀ ਸੰਸਦ ਵਜੋਂ ਜਾਣੀ ਜਾਂਦੀ Shiromani Gurdwara Parbandhak Committee ਦੇ ਬਜਟ ਇਜਲਾਸ ਦੌਰਾਨ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਅਨੁਮਾਨਤ ਬਜਟ ਪੇਸ਼ ਕਰਕੇ ਮਨਜ਼ੂਰ ਕਰ ਲਿਆ ਗਿਆ। ਇਜਲਾਸ ਵਿੱਚ ਮੌਜੂਦ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਇਸ ਬਜਟ ਨੂੰ ਪ੍ਰਵਾਨਗੀ ਦਿੱਤੀ। ਇਹ ਬਜਟ ਪ੍ਰਧਾਨ Harjinder Singh Dhami ਦੀ ਅਗਵਾਈ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਏ ਇਜਲਾਸ ਦੌਰਾਨ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਵੱਲੋਂ ਪੇਸ਼ ਕੀਤਾ ਗਿਆ। ਮੌਜੂਦਾ ਵਿੱਤੀ ਸਾਲ ਦਾ ਇਹ ਬਜਟ ਪਿਛਲੇ ਸਾਲ ਦੇ ਮੁਕਾਬਲੇ 100.94 ਕਰੋੜ ਰੁਪਏ ਵੱਧ ਹੈ। ਪਿਛਲੇ ਸਾਲ ਲਗਭਗ 1386 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ, ਜਿਸ ਦੇ ਮੁਕਾਬਲੇ ਇਸ ਸਾਲ 7.28 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਇਜਲਾਸ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਮੂਲ ਮੰਤਰ ਦਾ ਜਾਪ ਕੀਤਾ ਗਿਆ ਅਤੇ ਅਰਦਾਸ ਉਪਰੰਤ ਕਾਰਵਾਈ ਆਰੰਭ ਕੀਤੀ ਗਈ। ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਵੀ ਹਾਜ਼ਰ ਰਹੇ। ਇਸ ਮੌਕੇ ਜਨਰਲ ਹਾਊਸ ਵਿੱਚ ਕਈ ਮਹੱਤਵਪੂਰਨ ਮਤੇ ਵੀ ਪਾਸ ਕੀਤੇ ਗਏ। ਇਨ੍ਹਾਂ ਵਿੱਚ ਜੇਲਾਂ ਵਿੱਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ, ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਣਾਏ ਜਾ ਰਹੇ ਕਾਨੂੰਨ ਦੇ ਖਰੜੇ ਨੂੰ ਪਹਿਲਾਂ ਸੰਗਤ ਅੱਗੇ ਰੱਖਣ ਦੀ ਅਪੀਲ ਅਤੇ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਹੋਂਦ ’ਤੇ ਹੋ ਰਹੇ ਹਮਲਿਆਂ ਪ੍ਰਤੀ ਚਿੰਤਾ ਪ੍ਰਗਟਾਉਂਦੇ ਹੋਏ ਸਿੱਖ ਸੰਗਤ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ। ਇਸ ਤੋਂ ਇਲਾਵਾ, ਇਜਲਾਸ ਵਿੱਚ ਵਿਰੋਧੀ ਧਿਰ ਦੇ ਮੈਂਬਰ ਮਿੱਠੂ ਸਿੰਘ ਕਾਹਣੇਕੇ ਨੇ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਹੋਰ ਦਿਨਾਂ ਲਈ ਕਰਵਾਇਆ ਜਾਣਾ ਚਾਹੀਦਾ ਹੈ, ਤਾਂ ਜੋ ਬਜਟ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।