Daily Suraj

ਪੰਜਾਬੀ

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਤਿੰਨ ਦਿਨਾਂ ਦੀ ਹੜਤਾਲ ‘ਤੇ, ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ

03 Aug, 2026 08:52 AM

ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਅੱਜ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਨਬਸ ਅਤੇ ਪੀ.ਆਰ.ਟੀ.ਸੀ. ਦੇ ਠੇਕੇ ‘ਤੇ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਨੇ 3 ਅਗਸਤ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਤੀਜੇ ਵਜੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ ਅਤੇ ਜ਼ਿਆਦਾਤਰ ਬੱਸਾਂ ਦੇ ਪਹੀਏ ਠੱਪ ਹੋਣ ਕਾਰਨ ਸਥਾਨਕ ਰੂਟਾਂ ਦੇ ਨਾਲ-ਨਾਲ ਦੂਜੇ ਰਾਜਾਂ ਨਾਲ ਜੁੜੀਆਂ ਸੇਵਾਵਾਂ ਵੀ ਅਸਰ ਹੇਠ ਆ ਗਈਆਂ ਹਨ। ਯੂਨੀਅਨ ਦੇ ਫ਼ੈਸਲੇ ਅਨੁਸਾਰ ਕੱਚੇ ਕਾਮੇ 3 ਅਗਸਤ ਤੋਂ 5 ਅਗਸਤ ਤੱਕ, ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਮੁਕੰਮਲ ਹੜਤਾਲ ‘ਤੇ ਰਹਿਣਗੇ। ਹੜਤਾਲ ਦੌਰਾਨ ਪੰਜਾਬ ਭਰ ਵਿੱਚ ਵੱਖ-ਵੱਖ ਡਿਪੂਆਂ ਦੇ ਬਾਹਰ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਇਸ ਦਰਮਿਆਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਵੇਰੇ 10 ਵਜੇ ਯੂਨੀਅਨ ਨਾਲ ਮੀਟਿੰਗ ਬੁਲਾਈ ਹੈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਲੰਬੇ ਸਮੇਂ ਤੋਂ ਠੇਕੇ ‘ਤੇ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕੋਈ ਫ਼ੈਸਲਾ ਨਾ ਹੋਣ ਕਾਰਨ ਉਨ੍ਹਾਂ ਨੂੰ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ। ਹੜਤਾਲ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ, ਨੌਕਰੀਪੇਸ਼ਾ ਲੋਕਾਂ, ਵਿਦਿਆਰਥੀਆਂ ਅਤੇ ਦੂਜੇ ਰਾਜਾਂ ਵਿੱਚ ਆਉਣ-ਜਾਣ ਵਾਲੇ ਯਾਤਰੀਆਂ ਨੂੰ ਵੱਡੀ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹੋਣ ਨਾਲ ਕਈ ਰੂਟਾਂ ‘ਤੇ ਆਵਾਜਾਈ ਦੀ ਵਿਵਸਥਾ ਵੀ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ।

Posted By: Daily Suraj Bureau

Latest News