ਪੰਜਾਬ ਵਿੱਚ ਸਿਹਤ ਕ੍ਰਾਂਤੀ: ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਕਰਨਗੇ 153 ਨਵੇਂ ‘ਆਮ ਆਦਮੀ ਕਲੀਨਿਕਾਂ’ ਦਾ ਉਦਘਾਟਨ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 153 ਹੋਰ ਨਵੇਂ ਆਮ ਆਦਮੀ ਕਲੀਨਿਕ ਸੌਂਪੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਸੂਬੇ ਦੇ ਲੋਕਾਂ ਨੂੰ ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਵੱਡੀ ਸੌਗਾਤ ਦੇਣਗੇ। ਇਨ੍ਹਾਂ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਵਧ ਕੇ 1,245 ਹੋ ਜਾਵੇਗੀ। ਸਰਕਾਰ ਦੇ ਇਸ ਅਹਿਮ ਕਦਮ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਆسਾਨੀ ਨਾਲ ਉਪਲਬਧ ਹੋਣਗੀਆਂ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ 107 ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ ਅਤੇ ਸਿਹਤ ਜਾਂਚ ਲਈ 47 ਤਰ੍ਹਾਂ ਦੇ ਵੱਖ-ਵੱਖ ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਕਰਵਾਏ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ, ਹੁਣ ਤੱਕ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਰਾਹੀਂ 6.48 ਕਰੋੜ ਲੋਕ ਓ.ਪੀ.ਡੀ. (OPD) ਸੇਵਾਵਾਂ ਅਤੇ 3.63 ਕਰੋੜ ਤੋਂ ਵੱਧ ਲੋਕ ਮੁਫ਼ਤ ਡਾਇਗਨੌਸਟਿਕ ਟੈਸਟਾਂ ਦਾ ਲਾਭ ਪ੍ਰਾਪਤ ਕਰ ਚੁੱਕੇ ਹਨ। ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਆਮ ਲੋਕਾਂ ਦੇ ਇਲਾਜ ’ਤੇ ਹੋਣ ਵਾਲੇ ਵੱਡੇ ਖਰਚੇ ਦੀ ਬੱਚਤ ਹੋਵੇਗੀ ਅਤੇ ਸਿਹਤ ਸੇਵਾਵਾਂ ਹਰ ਨਾਗਰਿਕ ਦੀ ਪਹੁੰਚ ਵਿੱਚ ਯਕੀਨੀ ਬਣਾਈਆਂ ਜਾ ਸਕਣਗੀਆਂ।