ਸਫਾਈ ਸੇਵਕਾਂ ਦੀਆਂ ਸਾਰੀਆਂ ਮੰਗਾਂ ਦਾ ਤੁਰੰਤ ਹੱਲ ਕਰੇ ਆਪ ਸਰਕਾਰ - ਵਿਨਰਜੀਤ ਸਿੰਘ ਖਡਿਆਲ
- ਸੰਗਰੂਰ
- (Asia/Kolkata)
(ਜਗਸੀਰ ਸਿੰਘ) - ਅੱਜ ਨਗਰ ਕੌਂਸਲ ਲੋਂਗੋਵਾਲ ਵਿਖੇ ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਅਤੇ ਸਫਾਈ ਸੇਵਕ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਕੰਮ-ਛੋੜ ਹੜਤਾਲ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਦੇ ਸ. ਵਿਨਰਜੀਤ ਸਿੰਘ ਖਡਿਆਲ ਨੇ ਹੜਤਾਲ ’ਤੇ ਬੈਠੇ ਸਫਾਈ ਸੇਵਕਾਂ ਅਤੇ ਮੁਲਾਜ਼ਮਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਡੱਟ ਕੇ ਸਮਰਥਨ ਕੀਤਾ। ਇਸ ਮੌਕੇ ਵਿਨਰਜੀਤ ਸਿੰਘ ਖਡਿਆਲ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਤਾਂ ਕੀਤੇ ਸਨ ਪਰ ਅੱਜ ਤੱਕ ਕਿਸੇ ਵੀ ਵਾਅਦੇ ਨੂੰ ਜ਼ਮੀਨੀ ਪੱਧਰ ’ਤੇ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਅਤੇ ਮਿਊਂਸਪਲ ਮੁਲਾਜ਼ਮ ਦਿਨ-ਰਾਤ ਸ਼ਹਿਰਾਂ ਦੀ ਸਫਾਈ ਅਤੇ ਲੋਕਾਂ ਦੀ ਸੇਵਾ ਵਿੱਚ ਲੱਗੇ ਰਹਿੰਦੇ ਹਨ ਪਰ ਸਰਕਾਰ ਉਨ੍ਹਾਂ ਦੇ ਹੱਕਾਂ ਅਤੇ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਬੇਪਰਵਾਹ ਬਣੀ ਹੋਈ ਹੈ। ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਠੇਕੇਦਾਰੀ ਪ੍ਰਥਾ ਖਤਮ ਕਰਨਾ ਅਤੇ ਤਨਖਾਹਾਂ ਵਿੱਚ ਵਾਧਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਸਰਕਾਰ ਸਿਰਫ਼ ਝੂਠੇ ਦਾਅਵੇ ਅਤੇ ਇਸ਼ਤਿਹਾਰਬਾਜ਼ੀ ਤੱਕ ਸੀਮਿਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸਾਲ 2017 ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ ਪਰ ਬਾਅਦ ਵਿੱਚ ਆਈਆਂ ਸਰਕਾਰਾਂ ਨੇ ਇਸ ਮਾਮਲੇ ਨੂੰ ਜਾਣਬੁੱਝ ਕੇ ਲਟਕਾਇਆ। ਉਨ੍ਹਾਂ ਦੋਸ਼ ਲਾਇਆ ਕਿ ਮਾਣਯੋਗ ਹਾਈਕੋਰਟ ਵੱਲੋਂ 6 ਹਫ਼ਤਿਆਂ ਵਿੱਚ ਸਰਵਿਸ ਬੁੱਕਾਂ ਲਗਾ ਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਹੁਕਮ ਜਾਰੀ ਹੋਣ ਦੇ ਬਾਵਜੂਦ ਵੀ ਸਰਕਾਰ ਨੇ 7 ਮਹੀਨੇ ਬੀਤ ਜਾਣ ’ਤੇ ਕੋਈ ਕਾਰਵਾਈ ਨਹੀਂ ਕੀਤੀ, ਜੋ ਕਿ ਮੁਲਾਜ਼ਮ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ। ਸ.
ਖਡਿਆਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਮਜ਼ਦੂਰਾਂ, ਸਫਾਈ ਸੇਵਕਾਂ ਅਤੇ ਮਿਊਂਸਪਲ ਮੁਲਾਜ਼ਮਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮਿਊਂਸਪਲ ਚੋਣਾਂ ਦੌਰਾਨ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ ਤਾਂ ਜੋ ਸਫਾਈ ਸੇਵਕਾਂ ਅਤੇ ਮੁਲਾਜ਼ਮਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾ ਸਕਣ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਅਤੇ ਸਫਾਈ ਸੇਵਕਾਂ ਦੀਆਂ ਸਾਰੀਆਂ ਹੱਕੀ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰ ਕੇ ਹੱਲ ਕੀਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਅਤੇ ਅਕਾਲੀ ਆਗੂ ਸ਼੍ਰੀਮਤੀ ਪਰਮਿੰਦਰ ਕੌਰ ਬਰਾੜ, ਸੀਨੀਅਰ ਅਕਾਲੀ ਆਗੂ ਕਮਲ ਸਿੰਘ ਬਰਾੜ, ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਮੀਤ ਪ੍ਰਧਾਨ ਤੇ ਮੌਜੂਦਾ ਕੌਂਸਲਰ ਰਣਜੀਤ ਸਿੰਘ ਸਿੱਧੂ , ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਅਤੇ ਕੌਂਸਲਰ ਗੁਰਮੀਤ ਸਿੰਘ ਲੱਲੀ, ਅਕਾਲੀ ਦਲ ਦੇ ਸਰਕਲ ਪ੍ਰਧਾਨ ਸਰਪੰਚ ਸੁਖਵਿੰਦਰ ਸਿੰਘ ਚਹਿਲ, ਯੂਨੀਅਨ ਦੇ ਆਗੂ ਤੇ ਵੱਡੀ ਗਿਣਤੀ ਵਿੱਚ ਸਫਾਈ ਸੇਵਕ ਹਾਜ਼ਰ ।
Leave a Reply