ਫਿਲੀਪੀਨਜ਼ ਦੌਰੇ ਦੌਰਾਨ ਪੀ.ਐੱਮ. ਮੋਦੀ ਨੇ ਮਨੀਲਾ ਦੇ 100 ਸਾਲ ਪੁਰਾਣੇ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਟੇਕਿਆ ਮੱਥਾ, ਪੁਨਰ-ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
- ਦੇਸ਼
- (Asia/Kolkata)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਸਥਿਤ ਕਰੀਬ 100 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਇਸ ਪਾਵਨ ਅਸਥਾਨ ਦੇ ਪੁਨਰ-ਵਿਕਾਸ ਕਾਰਜਾਂ ਦੀ ਸ਼ੁਰੂਆਤ ਸਬੰਧੀ ਰੱਖੇ ਗਏ ਨੀਂਹ ਪੱਥਰ ਸਮਾਰੋਹ ਵਿੱਚ ਸ਼ਿਰਕਤ ਕੀਤੀ। 23ਵੇਂ ਆਸੀਆਨ-ਭਾਰਤ ਸੰਮੇਲਨ ਅਤੇ 21ਵੇਂ ਪੂਰਬੀ ਏਸ਼ੀਆ ਸੰਮੇਲਨ ਵਿੱਚ ਹਿੱਸਾ ਲੈਣ ਲਈ ਫਿਲੀਪੀਨਜ਼ ਪਹੁੰਚੇ ਪ੍ਰਧਾਨ ਮੰਤਰੀ ਨੇ ਆਪਣੀ ਇਸ ਫੇਰੀ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਆਪਣੀ ਖ਼ੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਮਨੀਲਾ ਦੇ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਪਹੁੰਚ ਕੇ ਉਹ ਖ਼ੁਦ ਨੂੰ ਬਹੁਤ ਸੁਭਾਗਾ ਮਹਿਸੂਸ ਕਰ ਰਹੇ ਹਨ। ਆਪਣੀ ‘ਵਿਕਾਸ ਭੀ ਵਿਰਾਸਤ ਭੀ’ ਨੀਤੀ ਤਹਿਤ ਪ੍ਰਧਾਨ ਮੰਤਰੀ ਮੋਦੀ ਵਿਦੇਸ਼ੀ ਦੌਰਿਆਂ ਦੌਰਾਨ ਅਕਸਰ ਪ੍ਰਮੁੱਖ ਧਾਰਮਿਕ ਅਤੇ ਸੱਭਿਆਚਾਰਕ ਅਸਥਾਨਾਂ ਦੇ ਦਰਸ਼ਨ ਕਰਦੇ ਰਹੇ ਹਨ। ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਇਸ ਫੇਰੀ ਨੂੰ ਪ੍ਰਤੀਕਾਤਮਕ ਤੌਰ ’ਤੇ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਹ ਦੌਰਾ ਫਿਲੀਪੀਨਜ਼ ਨਾਲ ਭਾਰਤ ਦੇ ਡੂੰਘੇ ਸੱਭਿਆਚਾਰਕ ਸਬੰਧਾਂ ਅਤੇ ਵਿਦੇਸ਼ਾਂ ਵਿੱਚ ਵਸਦੇ ਪਰਵਾਸੀ ਭਾਰਤੀਆਂ ਦਰਮਿਆਨ ਸਿੱਖ ਭਾਈਚਾਰੇ ਦੇ ਅਹਿਮ ਯੋਗਦਾਨ ਨੂੰ ਦਰਸਾਉਂਦਾ ਹੈ। ਇਸ ਤੋਂ ਇੱਕ ਦਿਨ ਪਹਿਲਾਂ ਵੀ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਸੀ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਸਿੱਖਾਂ ਨੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਸਦਕਾ ਵਿਸ਼ਵ ਪੱਧਰ ’ਤੇ ਇੱਕ ਵਿਲੱਖਣ ਪਛਾਣ ਕਾਇਮ ਕੀਤੀ ਹੈ, ਅਤੇ ਇਹ ਗੁਰਦੁਆਰਾ ਫਿਲੀਪੀਨਜ਼ ਵਿੱਚ ਸਿੱਖ ਸੰਗਤ ਦਾ ਪ੍ਰਮੁੱਖ ਕੇਂਦਰ ਹੈ। ਜ਼ਿਕਰਯੋਗ ਹੈ ਕਿ ਸਾਲ 1929 ਵਿੱਚ ਮੋਢੀ ਪੰਜਾਬੀ ਪਰਵਾਸੀਆਂ ਵੱਲੋਂ ਸਥਾਪਤ ਕੀਤਾ ਗਿਆ ਗੁਰਦੁਆਰਾ ਖ਼ਾਲਸਾ ਦੀਵਾਨ ਫਿਲੀਪੀਨਜ਼ ਵਿੱਚ ਸਿੱਖ ਭਾਈਚਾਰੇ ਦੀ ਇਤਿਹਾਸਕ ਹੋਂਦ ਦਾ ਵੱਡਾ ਪ੍ਰਤੀਕ ਹੈ। ਦਹਾਕਿਆਂ ਤੋਂ ਇਹ ਅਸਥਾਨ ਪੰਜਾਬੀ ਵਿਰਸੇ ਅਤੇ ਰਵਾਇਤਾਂ ਨੂੰ ਸੰਭਾਲਣ, ਭਾਈਚਾਰਕ ਸਾਂਝ ਵਧਾਉਣ ਅਤੇ ਬਿਨਾਂ ਕਿਸੇ ਭੇਦਭਾਵ ਦੇ ਚੱਲਣ ਵਾਲੀ ਲੰਗਰ ਪ੍ਰਥਾ ਰਾਹੀਂ ਸੇਵਾ ਭਾਵਨਾ ਦਾ ਸੰਦੇਸ਼ ਦੇ ਰਿਹਾ ਹੈ। ਪੁਨਰ-ਵਿਕਾਸ ਦੀ ਇਸ ਨਵੀਂ ਪਹਿਲਕਦਮੀ ਨਾਲ ਮਨੀਲਾ ਵਿੱਚ ਭਾਰਤੀ ਵਿਰਾਸਤ ਦੀ ਸੰਭਾਲ ਦੇ ਨਾਲ-ਨਾਲ ਇਸ ਸੰਸਥਾ ਦੀ ਭੂਮਿਕਾ ਹੋਰ ਮਜ਼ਬੂਤ ਹੋਵੇਗੀ। ਪ੍ਰਧਾਨ ਮੰਤਰੀ ਦੀ ਇਹ ਸ਼ਮੂਲੀਅਤ ਦੱਖਣ-ਪੂਰਬੀ ਏਸ਼ੀਆ ਨਾਲ ਭਾਰਤ ਦੇ ਆਪਸੀ ਸਬੰਧਾਂ ਨੂੰ ਹੋਰ ਡੂੰਘਾ ਕਰਨ ਦੇ ਯਤਨਾਂ ਦਾ ਇੱਕ ਅਹਿਮ ਹਿੱਸਾ ਹੈ।
Leave a Reply