Daily Suraj

ਪੰਜਾਬੀ

ਮਾਣੂੰਕੇ ’ਚ ਗੋਲੀਆਂ ਮਾਰ ਕੇ ਕਬੱਡੀ ਖਿਡਾਰੀ ਦੀ ਹੱਤਿਆ

06 Jan, 2026 12:38 PM

ਪੁਰਾਣੀ ਰੰਜਿਸ਼ ਕਾਰਨ ਹੋਇਆ ਸੀ ਝਗਡ਼ਾ; ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਦੁੱਖ ਪ੍ਰਗਟਾਇਆ ਥਾਣਾ ਹਠੂਰ ਅਧੀਨ ਪੈਂਦੇ ਪਿੰਡ ਮਾਣੂੰਕੇ ਵਿੱਚ ਅੱਜ ਬਾਅਦ ਦੁਪਹਿਰ ਕੁੱਝ ਹਮਲਾਵਰਾਂ ਨੇ ਕਬੱਡੀ ਖਿਡਾਰੀ ਗਗਨਦੀਪ ਸਿੰਘ ਉਰਫ ਗਗਨਾ (36) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਪਿੰਡ ਦੀ ਦਾਣਾ ਮੰਡੀ ਵਿੱਚ ਵਾਪਰੀ, ਜਿੱਥੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਤਕਰਾਰ ਹੋਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਨੌਜਵਾਨਾਂ ਨੇ ਗਗਨਦੀਪ ਦੇ ਦੋਸਤ ਦੀ ਕੁੱਟਮਾਰ ਕੀਤੀ ਸੀ। ਇਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਬਹਿਸ ਹੋਈ, ਜਿਸ ਨੇ ਹਿੰਸਕ ਰੂਪ ਧਾਰ ਲਿਆ। ਪਿੰਡ ਦੇ ਲੋਕਾਂ ਅਨੁਸਾਰ ਹਾਂਡਾ ਸਿਟੀ ਕਾਰ ਵਿੱਚ ਆਏ ਹਮਲਾਵਰਾਂ ਨੇ ਮੰਡੀ ਵਿੱਚ ਆਪਣੇ ਸਾਥੀਆਂ ਨਾਲ ਖੜ੍ਹੇ ਗਗਨਦੀਪ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਗਗਨਦੀਪ ਗੰਭੀਰ ਜ਼ਖਮੀ ਹੋ ਗਿਆ ਅਤੇ ਹਮਲਾਵਰ ਮੌਕੇ ਤੋਂ ਹਥਿਆਰਾਂ ਸਮੇਤ ਫ਼ਰਾਰ ਹੋ ਗਏ। ਇਹ ਵੀ ਚਰਚਾ ਹੈ ਕਿ ਗੋਲੀਆਂ ਚਲਾਉਣ ਵਾਲਾ ਨੌਜਵਾਨ ਗਗਨਦੀਪ ਦਾ ਦੋਸਤ ਹੀ ਸੀ, ਹਾਲਾਂਕਿ ਪੁਲੀਸ ਇਸ ਪਹਿਲੂ ਦੀ ਜਾਂਚ ਕਰ ਰਹੀ ਹੈ। ਜ਼ਖ਼ਮੀ ਹਾਲਤ ਵਿੱਚ ਗਗਨਦੀਪ ਨੂੰ ਤੁਰੰਤ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਪੀੜਤ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਅਤੇ ਵਾਪਰੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ। ਵਿਧਾਇਕਾ ਨੇ ਮੌਕੇ ’ਤੇ ਹੀ ਐੱਸ ਐੱਸ ਪੀ ਡਾ. ਅੰਕੁਰ ਗੁਪਤਾ ਨਾਲ ਫੋਨ ’ਤੇ ਗੱਲਬਾਤ ਕਰਕੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਜਗਰਾਉਂ ਇਲਾਕੇ ਵਿੱਚ ਕਬੱਡੀ ਖਿਡਾਰੀ ਦੀ ਹੱਤਿਆ ਦੀ ਇਹ ਪਹਿਲੀ ਵਾਰਦਾਤ ਨਹੀਂ ਹੈ। ਇਸ ਤੋਂ ਪਹਿਲਾਂ 31 ਅਕਤੂਬਰ 2025 ਨੂੰ ਪੁਲੀਸ ਲਾਈਨ ਦੇ ਸਾਹਮਣੇ ਤੇਜਪਾਲ ਸਿੰਘ ਦੀ ਵੀ ਹੱਤਿਆ ਕੀਤੀ ਗਈ ਸੀ।

Posted By: Daily Suraj Bureau

Latest News