ਪੰਜਾਬ ਚੋਣਾਂ: 'ਆਪ' ਉਮੀਦਵਾਰਾਂ ਦੀ ਦੂਜੀ ਸੂਚੀ ਮਗਰੋਂ ਭਖੀ ਸਿਆਸਤ, ਰਾਜਾਸਾਂਸੀ ਤੋਂ ਤਿੰਨ ਆਗੂਆਂ ਦੇ ਅਸਤੀਫ਼ੇ

ਪੰਜਾਬ ਚੋਣਾਂ: 'ਆਪ' ਉਮੀਦਵਾਰਾਂ ਦੀ ਦੂਜੀ ਸੂਚੀ ਮਗਰੋਂ ਭਖੀ ਸਿਆਸਤ, ਰਾਜਾਸਾਂਸੀ ਤੋਂ ਤਿੰਨ ਆਗੂਆਂ ਦੇ ਅਸਤੀਫ਼ੇ

ਆਮ ਆਦਮੀ ਪਾਰਟੀ (ਆਪ) ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੇ ਜਾਣ ਮਗਰੋਂ ਪਾਰਟੀ ਅੰਦਰ ਸਿਆਸੀ ਘਮਸਾਣ ਤੇਜ਼ ਹੋ ਗਿਆ ਹੈ। ਜਿੱਥੇ ਇੱਕ ਪਾਸੇ ਟਿਕਟ ਹਾਸਲ ਕਰਨ ਵਾਲੇ ਆਗੂਆਂ ਦੇ ਘਰਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ ਅਤੇ ਢੋਲ ਵੱਜ ਰਹੇ ਹਨ, ਉੱਥੇ ਹੀ ਟਿਕਟਾਂ ਤੋਂ ਵਾਂਝੇ ਰਹਿ ਗਏ ਚਾਹਵਾਨਾਂ ਅਤੇ ਮੌਜੂਦਾ ਵਿਧਾਇਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 'ਆਪ' ਨੇ ਆਪਣੀ ਪਹਿਲੀ ਸੂਚੀ ਵਿੱਚ ਸਾਰੇ ਮੌਜੂਦਾ 40 ਵਿਧਾਇਕਾਂ ਨੂੰ ਮੁੜ ਮੈਦਾਨ ਵਿੱਚ ਉਤਾਰਿਆ ਸੀ, ਪਰ ਹੁਣ ਦੂਜੀ ਸੂਚੀ ਵਿੱਚ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਮੇਤ ਸੱਤ ਵਿਧਾਇਕਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਗਈਆਂ ਹਨ। ਰਾਜਾਸਾਂਸੀ ਵਿੱਚ ਅਸਤੀਫ਼ਿਆਂ ਦੀ ਝੜੀ ਅਤੇ ਚਮਕੌਰ ਸਾਹਿਬ 'ਚ ਬਗਾਵਤੀ ਸੁਰ ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ਉਮੀਦਵਾਰ ਐਲਾਨੇ ਜਾਣ ਮਗਰੋਂ ਪਾਰਟੀ ਦੇ ਤਿੰਨ ਸੀਨੀਅਰ ਸਥਾਨਕ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ। ਇਨ੍ਹਾਂ ਵਿੱਚ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਸ਼ਾਮਲ ਹਨ, ਜਿਨ੍ਹਾਂ ਨੇ ਸੀਨੀਆਰਤਾ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਅਸਤੀਫ਼ਾ ਦਿੱਤਾ ਹੈ। ਇਸ ਤੋਂ ਇਲਾਵਾ ਰਾਜਾਸਾਂਸੀ ਦੇ ਹਲਕਾ ਇੰਚਾਰਜ ਰਾਜਬੀਰ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਦੋਂ ਕਿ ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ ਦੇ ਹਲਕਾ ਕੋਆਰਡੀਨੇਟਰ ਗੁਰਦੇਵ ਸਿੰਘ ਜੋਬਨ ਝੰਜੋਟੀ ਨੇ ਵੀ ਅਸਤੀਫ਼ਾ ਭੇਜ ਦਿੱਤਾ ਹੈ। ਦੂਜੇ ਪਾਸੇ, ਸਾਲ 2022 ਦੀਆਂ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਵੀ ਪਾਰਟੀ ਦੇ ਫ਼ੈਸਲੇ ਖ਼ਿਲਾਫ਼ ਰੋਸ ਜ਼ਾਹਰ ਕੀਤਾ ਹੈ, ਕਿਉਂਕਿ ਪਾਰਟੀ ਨੇ ਚਮਕੌਰ ਸਾਹਿਬ ਹਲਕੇ ਤੋਂ ਜਸਵੀਰ ਸਿੰਘ ਗੜ੍ਹੀ ਨੂੰ ਉਮੀਦਵਾਰ ਐਲਾਨਿਆ ਹੈ। ਡਾ. ਚਰਨਜੀਤ ਸਿੰਘ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਉਹ ਹਰ ਹਾਲ ਵਿੱਚ ਚਮਕੌਰ ਸਾਹਿਬ ਹਲਕੇ ਤੋਂ ਹੀ ਚੋਣ ਲੜਨਗੇ, ਹਾਲਾਂਕਿ ਉਹ ਆਜ਼ਾਦ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਰਨਗੇ ਜਾਂ ਕਿਸੇ ਹੋਰ ਸਿਆਸੀ ਪਾਰਟੀ ਵੱਲੋਂ, ਇਸ ਬਾਰੇ ਉਨ੍ਹਾਂ ਅਜੇ ਪੱਤੇ ਨਹੀਂ ਖੋਲ੍ਹੇ ਹਨ। ਇਸੇ ਤਰ੍ਹਾਂ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਵੀ ਟਿਕਟ ਕੱਟੇ ਜਾਣ ਮਗਰੋਂ ਅਜੇ ਤੱਕ ਚੁੱਪ ਵੱਟੀ ਹੋਈ ਹੈ। ਉਧਰ, ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਾਰਟੀ ਦੇ ਫ਼ੈਸਲੇ ਨੂੰ ਸਵੀਕਾਰ ਕਰ ਲਿਆ ਹੈ, ਜਦੋਂ ਕਿ ਜੇਲ੍ਹ ਵਿੱਚ ਬੰਦ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਸੂਚੀ ਜਾਰੀ ਹੋਣ ਤੋਂ ਪਹਿਲਾਂ ਹੀ ਚੋਣ ਨਾ ਲੜਨ ਦਾ ਐਲਾਨ ਕਰ ਦਿੱਤਾ ਸੀ। ਅਨਮੋਲ ਗਗਨ ਮਾਨ ਦਾ ਸਪੱਸ਼ਟੀਕਰਨ ਤੇ ਪਾਰਟੀ ਦੀ ਚਿੰਤਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਸ਼ੁੱਕਰਵਾਰ ਨੂੰ ਆਪਣੇ ਸੋਸ਼ਲ ਮੀਡੀਆ ਖਾਤੇ 'ਤੇ ਪੋਸਟ ਸਾਂਝੀ ਕਰਦਿਆਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ 5 ਅਗਸਤ 2026 ਨੂੰ ਦੁਪਹਿਰ 12 ਵਜੇ ਦਿੱਲੀ ਵਿਖੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰ ਕੇ ਖ਼ੁਦ ਹੀ ਚੋਣ ਨਾ ਲੜਨ ਬਾਰੇ ਜਾਣੂ ਕਰਵਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਤਿੰਨ ਦਿਨ ਪਹਿਲਾਂ ਵੀ ਕੇਜਰੀਵਾਲ ਨੇ ਫ਼ੋਨ ਕਰ ਕੇ ਪੁੱਛਿਆ ਸੀ, ਪਰ ਉਨ੍ਹਾਂ ਨੇ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਸੀ। ਉਨ੍ਹਾਂ ਪਾਰਟੀ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕ—ਹਰਮੀਤ ਸਿੰਘ ਪਠਾਨਮਾਜਰਾ, ਚੇਤਨ ਸਿੰਘ ਜੌੜਾਮਾਜਰਾ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਅਜਿਹੇ ਵਿੱਚ ਹੁਣ 'ਆਪ' ਲੀਡਰਸ਼ਿਪ ਨੂੰ ਇਹ ਤੌਖਲਾ ਸਤਾ ਰਿਹਾ ਹੈ ਕਿ ਟਿਕਟਾਂ ਨਾ ਮਿਲਣ ਦੀ ਸੂਰਤ ਵਿੱਚ ਹੋਰ ਆਗੂ ਵੀ ਦੂਜੀਆਂ ਪਾਰਟੀਆਂ ਦਾ ਰੁਖ਼ ਕਰ ਸਕਦੇ ਹਨ, ਜਿਸ ਕਾਰਨ ਪਾਰਟੀ ਬਾਕੀ ਰਹਿੰਦੀਆਂ ਸੀਟਾਂ 'ਤੇ ਬੇਹੱਦ ਬੋਚ-ਬੋਚ ਕੇ ਪੈਰ ਰੱਖ ਰਹੀ ਹੈ। ਚੱਬੇਵਾਲ ਪਰਿਵਾਰ ਵਿੱਚ ਦੋਹਰੀ ਖ਼ੁਸ਼ੀ, ਬਾਕੀ ਹਲਕਿਆਂ 'ਚ ਵਧੀ ਧੜਕਣ ਸਿਆਸੀ ਨਾਰਾਜ਼ਗੀਆਂ ਦੇ ਉਲਟ ਚੱਬੇਵਾਲ ਪਰਿਵਾਰ ਵਿੱਚ ਖ਼ੁਸ਼ੀ ਦਾ ਮਾਹੌਲ ਹੈ, ਕਿਉਂਕਿ ਪਾਰਟੀ ਨੇ ਪਰਿਵਾਰ ਨੂੰ ਦੋ ਟਿਕਟਾਂ ਦਿੱਤੀਆਂ ਹਨ। ਇਸ਼ਾਂਕ ਚੱਬੇਵਾਲ ਨੂੰ ਮੁੜ ਚੱਬੇਵਾਲ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਕਿ ਉਨ੍ਹਾਂ ਦੇ ਪਿਤਾ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਇਸੇ ਤਰ੍ਹਾਂ ਜਗਰਾਉਂ ਦੀ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਨੇ ਤੀਜੀ ਵਾਰ ਟਿਕਟ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਫਿਲਹਾਲ, ਜਿਨ੍ਹਾਂ ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਹੋਣਾ ਅਜੇ ਬਾਕੀ ਹੈ, ਉੱਥੇ ਟਿਕਟ ਦੇ ਚਾਹਵਾਨਾਂ ਦੀਆਂ ਧੜਕਣਾਂ ਵਧੀਆਂ ਹੋਈਆਂ ਹਨ, ਖ਼ਾਸ ਕਰ ਕੇ ਉਨ੍ਹਾਂ ਸੀਟਾਂ 'ਤੇ ਜਿੱਥੇ ਮੌਜੂਦਾ ਵਿਧਾਇਕਾਂ ਦੀ ਥਾਂ ਨਵੇਂ ਚਿਹਰੇ ਉਤਾਰੇ ਜਾਣ ਦੀ ਚਰਚਾ ਹੈ।