ਕਿਸਾਨ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ ਜਮਹੂਰੀਅਤ ਦਾ ਕਤਲ-ਡੀ.ਟੀ.ਐੱਫ

ਕਿਸਾਨ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ ਜਮਹੂਰੀਅਤ ਦਾ ਕਤਲ-ਡੀ.ਟੀ.ਐੱਫ

ਸੰਗਰੂਰ, (ਜਗਸੀਰ ਸਿੰਘ) - ਪੰਜਾਬ ਸਰਕਾਰ ਲੋਕਾਂ ਦੀਆਂ ਹੱਕੀ ਮੰਗਾਂ ਅਤੇ ਬੁਨਿਆਦੀ ਅਧਿਕਾਰਾਂ ਨੂੰ ਡੰਡੇ ਦੇ ਜ਼ੋਰ ਨਾਲ਼ ਦਬਾਉਣ ਦੇ ਰਾਹ ਪਈ ਹੋਈ ਹੈ। ਸੂਬੇ ਨੂੰ ਪੁਲੀਸ ਸਟੇਟ ਬਣਾ ਕੇ ਚਲਾਇਆ ਜਾ ਰਿਹਾ ਹੈ।ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰ ਫਰੰਟ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਜਨਰਲ ਸਕੱਤਰ ਹਰਭਗਵਾਨ ਗੁਰਨੇ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੇ ਘਰਾਂ ਵਿੱਚ ਪੰਜਾਬ ਪੁਲਿਸ ਵੱਲੋਂ ਤੜਕਸਾਰ ਕੀਤੀ ਛਾਪੇਮਾਰੀ ਅਤੇ ਫੜੋ-ਫੜਾਈ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਆਪ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ,ਮੁਲਾਜ਼ਮਾਂ ਅਤੇ ਹੋਰ ਕਿਰਤੀ ਲੋਕਾਂ 'ਤੇ ਹਰ ਰੋਜ਼ ਜ਼ਬਰ ਢਾਹਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਧਰਨਿਆਂ ਵਿੱਚੋਂ ਪੈਦਾ ਹੋਈ ਪਾਰਟੀ ਧਰਨਾ ਪ੍ਰਦਰਸ਼ਨ ਕਰਨ ਦੇ ਜਮਹੂਰੀ ਹੱਕਾਂ ਨੂੰ ਕਤਲ ਕਰ ਰਹੀ ਹੈ। ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ, ਪ੍ਰੈਸ ਸਕੱਤਰ ਜਸਬੀਰ ਨਮੋਲ, ਵਿੱਤ ਸਕੱਤਰ ਯਾਦਵਿੰਦਰ ਪਾਲ ਅਤੇ ਜਥੇਬੰਦਕ ਸਕੱਤਰ ਪਵਨ ਕੁਮਾਰ ਨੇ ਸੂਬਾ ਸਰਕਾਰ ਦੇ ਲੋਕ ਵਿਰੋਧੀ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਜੇਲ੍ਹ ਵਿੱਚ ਬੰਦ ਦੋ ਕਿਸਾਨ ਆਗੂਆਂ ਵਿੱਚੋਂ ਇੱਕ ਕਿਸਾਨ ਆਗੂ ਨੂੰ ਤਾਂ ਉਸਦੀ ਮਾਤਾ ਦੇ ਸਸਕਾਰ 'ਤੇ ਮ੍ਰਿਤਕ ਦੇਹ ਨੂੰ ਅਗਨੀ ਭੇਂਟ ਕਰਨ ਦੀ ਇਜਾਜ਼ਤ ਹੀ ਨਹੀਂ ਦਿੱਤੀ ਗਈ। ਵਰਨਣਯੋਗ ਹੈ ਕਿ ਸਾਲ 2025 ਦੌਰਾਨ ਆਦਰਸ਼ ਸਕੂਲ ਚਾਉੰਕੇ ਦੀ ਕਥਿਤ ਭ੍ਰਿਸ਼ਟ ਮੈਨੇਜਮੈਂਟ ਖ਼ਿਲਾਫ਼ ਨੌਕਰੀ ਤੋਂ ਹਟਾਏ ਗਏ ਅਧਿਆਪਕਾਂ ਨੂੰ ਇਨਸਾਫ ਦਿਵਾਉਣ ਲਈ ਕਿਸਾਨ ਆਗੂਆਂ ਨੇ ਸੰਘਰਸ਼ ਕੀਤਾ ਸੀ। ਜਿਸ ਨੂੰ ਆਧਾਰ ਬਣਾ ਕੇ ਰੰਜਿਸ਼ ਤਹਿਤ ਇਨ੍ਹਾਂ ਦੋ ਕਿਸਾਨ ਆਗੂਆਂ 'ਤੇ ਪਰਚੇ ਦਰਜ਼ ਕੀਤੇ ਗਏ ਅਤੇ ਜਬਰੀ ਜੇਲ੍ਹ ਵਿੱਚ ਬੰਦ ਕੀਤਾ ਗਿਆ। ਆਗੂਆਂ ਦੀ ਰਿਹਾਈ ਲਈ ਕੀਤੇ ਜਾ ਰਹੇ ਜਮਹੂਰੀ ਪ੍ਰਦਰਸ਼ਨ ਨੂੰ ਦਬਾਉਣ ਲਈ ਕੱਲ੍ਹ ਤੜਕਸਾਰ ਕਿਸਾਨਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ ਅਤੇ ਪਰਿਵਾਰਕ ਮੈਂਬਰਾਂ ਨਾਲ਼ ਬਦਸਲੂਕੀ ਕੀਤੀ ਗਈ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਜੇਲ੍ਹ ਵਿੱਚ ਬੰਦ ਆਗੂਆਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।