ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਕੇਂਦਰ ਸਰਕਾਰ ਵਿੱਚ ਰੇਲ ਰਾਜ ਮੰਤਰੀ ਅਤੇ ਖ਼ੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰ ਲਿਆ ਹੈ। ਰਵਨੀਤ ਸਿੰਘ ਬਿੱਟੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੀ ਸਿਆਸਤ ਤੋਂ ਲੈ ਕੇ ਕੇਂਦਰ ਸਰਕਾਰ ਵਿੱਚ ਸੰਭਾਵੀ ਕੈਬਨਿਟ ਫੇਰਬਦਲ ਤੱਕ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਉਹ ਕੇਂਦਰ ਸਰਕਾਰ ਵਿੱਚ ਪੰਜਾਬ ਤੋਂ ਭਾਜਪਾ ਦੇ ਇਕਲੌਤੇ ਰਾਜ ਮੰਤਰੀ ਸਨ ਅਤੇ ਉਨ੍ਹਾਂ ਕੋਲ ਰੇਲ ਮੰਤਰਾਲੇ ਦੇ ਨਾਲ-ਨਾਲ ਖ਼ੁਰਾਕ ਪ੍ਰੋਸੈਸਿੰਗ ਉਦਯੋਗ ਵਿਭਾਗ ਦੀ ਜ਼ਿੰਮੇਵਾਰੀ ਵੀ ਸੀ। ਅਸਤੀਫ਼ੇ ਤੋਂ ਬਾਅਦ ਜਾਰੀ ਕੀਤੇ ਆਪਣੇ ਸੰਦੇਸ਼ ਵਿੱਚ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਭਾਰਤ ਸਰਕਾਰ ਵਿੱਚ ਰਾਜ ਮੰਤਰੀ ਵਜੋਂ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਹਿ ਦਿਲੋਂ ਧੰਨਵਾਦੀ ਹਨ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਭਾਰਤ ਦੇ ਲੋਕਾਂ, ਖ਼ਾਸ ਕਰਕੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸੇਵਾ, ਰਾਸ਼ਟਰਵਾਦ ਦੇ ਆਦਰਸ਼ਾਂ ਅਤੇ ‘ਵਿਕਸਿਤ ਭਾਰਤ’ ਦੇ ਸੰਕਲਪ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਉਨ੍ਹਾਂ ਦੀ ਜਨਤਕ ਸੇਵਾ ਦੀ ਯਾਤਰਾ ਨਵੇਂ ਸਮਰਪਣ ਨਾਲ ਅੱਗੇ ਵੀ ਜਾਰੀ ਰਹੇਗੀ।
Posted By: Daily Suraj Bureau