ਪੰਜੋਖਰਾ ਸਾਹਿਬ ਮਾਮਲਾ: ਅੰਬਾਲਾ-ਦਿੱਲੀ ਮਾਰਗ ’ਤੇ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਾਲੇ ਝੜਪ

ਪੰਜੋਖਰਾ ਸਾਹਿਬ ਮਾਮਲਾ: ਅੰਬਾਲਾ-ਦਿੱਲੀ ਮਾਰਗ ’ਤੇ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਾਲੇ ਝੜਪ

ਖਾਲਿਸਤਾਨ ਵਿਰੋਧੀ ਜਥੇਬੰਦੀ ਦੇ ਆਗੂ ਗੁਰਸਿਮਰਨ ਸਿੰਘ ਮੰਡ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਸ ’ਤੇ ਹਮਲੇ ਦੇ ਦੋਸ਼ ਹੇਠ ਕਾਰਵਾਈ ਦਾ ਸਾਹਮਣਾ ਕਰ ਰਹੇ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਅੰਬਾਲਾ ਵਿੱਚ ਸਿੱਖ ਸੰਗਤ ਵੱਲੋਂ ਕੌਮੀ ਮਾਰਗ ਜਾਮ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਸਥਿਤੀ ਤਣਾਅਪੂਰਨ ਹੋਣ ’ਤੇ ਪੁਲੀਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਜਾਮ ਖੁੱਲ੍ਹਵਾਉਣ ਦੌਰਾਨ ਦਰਜਨਾਂ ਪ੍ਰਦਰਸ਼ਨਕਾਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਇਸ ਦੇ ਨਾਲ ਹੀ ਅੱਧੀ ਦਰਜਨ ਤੋਂ ਵੱਧ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਪੁਲੀਸ ਮੁਤਾਬਕ ਡੀਐੱਸਪੀ ਵਰਿੰਦਰ ਸਿੰਘ ਦਾ ਅੰਗੂਠਾ ਕੱਟਿਆ ਗਿਆ ਹੈ, ਜਦਕਿ 7-8 ਪੁਲੀਸ ਮੁਲਾਜ਼ਮਾਂ ਨੂੰ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਦਰਸ਼ਨ ਤੋਂ ਪਹਿਲਾਂ ਸਿੱਖ ਸੰਗਤ ਵੱਲੋਂ ਗੁਰਦੁਆਰਾ ਪੰਜੋਖਰਾ ਸਾਹਿਬ ਵਿੱਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਅੰਬਾਲਾ-ਨਾਰਾਇਣਗੜ੍ਹ ਰੋਡ ’ਤੇ ਪਹੁੰਚ ਗਏ। ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਪ੍ਰਦਰਸ਼ਨਕਾਰੀਆਂ ਨੇ ਰਸਤਾ ਜਾਮ ਕਰ ਦਿੱਤਾ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅੰਬਾਲਾ-ਦਿੱਲੀ ਕੌਮੀ ਮਾਰਗ ’ਤੇ ਜੱਗੀ ਸਿਟੀ ਸੈਂਟਰ ਦੇ ਸਾਹਮਣੇ ਧਰਨਾ ਲਾ ਕੇ ਬੈਠ ਗਈ। ਇਸ ਕਾਰਨ ਹਾਈਵੇਅ ’ਤੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ। ਸੰਗਤ ਨੇ ਦੋਸ਼ ਲਾਇਆ ਕਿ ਗੁਰਸਿਮਰਨ ਸਿੰਘ ਮੰਡ ਦੀ ਸ਼ਿਕਾਇਤ ’ਤੇ ਪੁਲੀਸ ਨੇ ਤੁਰੰਤ ਕਾਰਵਾਈ ਕੀਤੀ, ਜਦਕਿ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਉਮੀਦ ਮੁਤਾਬਕ ਕਾਰਵਾਈ ਨਹੀਂ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਮੰਡ ਖ਼ਿਲਾਫ਼ ਕੇਸ ਦਰਜ ਕਰਨ, ਨੌਜਵਾਨਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਰੱਦ ਕਰਨ ਅਤੇ ਹਿਰਾਸਤ ਵਿੱਚ ਲਏ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ 7 ਅਗਸਤ ਨੂੰ ਗੁਰਸਿਮਰਨ ਸਿੰਘ ਮੰਡ ਸੁਰੱਖਿਆ ਕਰਮਚਾਰੀਆਂ ਸਮੇਤ ਗੁਰਦੁਆਰਾ ਪੰਜੋਖਰਾ ਸਾਹਿਬ ਪਹੁੰਚਿਆ ਸੀ। ਇਸ ਦੌਰਾਨ ਹੋਏ ਵਿਵਾਦ ਤੋਂ ਬਾਅਦ ਭੀੜ ਅਤੇ ਨਿਹੰਗਾਂ ਵੱਲੋਂ ਮੰਡ ਦੀ ਕੁੱਟਮਾਰ ਕਰਨ ਅਤੇ ਉਸ ਦੀ ਇਨੋਵਾ ਗੱਡੀ ਦੀ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਕੁਝ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਸਥਿਤੀ ਤਣਾਅਪੂਰਨ ਹੋਣ ਦੀ ਸੂਚਨਾ ਮਿਲਣ ’ਤੇ ਆਈਜੀ ਅੰਬਾਲਾ ਪੰਕਜ ਨੈਨ ਅਤੇ ਐੱਸਪੀ ਅਜੀਤ ਸਿੰਘ ਸ਼ੇਖਾਵਤ ਭਾਰੀ ਪੁਲੀਸ ਬਲ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਪੁਲੀਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸੰਗਤ ਦੀਆਂ ਮੰਗਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਿਹੜੇ ਵਿਅਕਤੀ ਪਹਿਲਾਂ ਹੀ ਨਿਆਂਇਕ ਹਿਰਾਸਤ ਵਿੱਚ ਹਨ, ਉਨ੍ਹਾਂ ਸਬੰਧੀ ਕਾਰਵਾਈ ਅਦਾਲਤੀ ਪ੍ਰਕਿਰਿਆ ਰਾਹੀਂ ਹੀ ਕੀਤੀ ਜਾ ਸਕਦੀ ਹੈ। ਦੇਰ ਸ਼ਾਮ ਤੱਕ ਅੰਬਾਲਾ-ਦਿੱਲੀ ਕੌਮੀ ਮਾਰਗ ’ਤੇ ਆਵਾਜਾਈ ਪ੍ਰਭਾਵਿਤ ਰਹੀ ਅਤੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਸੀ।