ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

(ਆਰ.ਕੇ. ਸੋਨੀ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐੱਨ.ਡੀ.ਡੀ.ਬੀ.) ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਅੱਜ ਵੇਰਕਾ ਮਿਲਕ ਪਲਾਂਟ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਬੋਰਡ ਆਫ ਡਾਇਰੈਕਟਰਜ਼ ਅਤੇ ਮੈਨੇਜਮੈਂਟ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਡੇਅਰੀ ਦੇ ਜਨਰਲ ਮੈਨੇਜਰ ਅਨਿਮੇਸ਼ ਪ੍ਰਮਾਣਿਕ ਵੱਲੋਂ ਡਾ. ਸ਼ਾਹ ਨੂੰ ਵੇਰਕਾ ਅੰਮ੍ਰਿਤਸਰ ਵੱਲੋਂ ਹਾਲੀਆ ਸਮੇਂ ਦੌਰਾਨ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਗਾਇਆ ਜਾ ਰਿਹਾ 2.35 ਐੱਲ.ਐੱਲ.ਪੀ.ਡੀ ਫਰਮੈਂਟਿਡ ਡੇਅਰੀ ਅਤੇ ਹੋਰ ਉਤਪਾਦਾਂ ਦਾ ਆਧੁਨਿਕ ਪਲਾਂਟ ਲਗਭਗ 136 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਵਿੱਚ ਅਧੁਨਿਕ ਤਕਨੀਕ ਦੀ ਵਰਤੋਂ ਨਾਲ ਦੁੱਧ ਅਤੇ ਦੁੱਧ ਉਤਪਾਦਾਂ ਦੀ ਉਤਪਾਦਨ ਸਮਰੱਥਾ ਅਤੇ ਗੁਣਵੱਤਾ ਵਿੱਚ ਵਾਧਾ ਹੋਵੇਗਾ। ਇਸ ਨਾਲ ਨਾ ਸਿਰਫ਼ ਖਪਤਕਾਰਾਂ ਨੂੰ ਉੱਚ ਗੁਣਵੱਤਾ ਵਾਲੇ ਉਤਪਾਦ ਮਿਲਣਗੇ, ਸਗੋਂ ਕਿਸਾਨਾਂ, ਟਰਾਂਸਪੋਰਟਰਾਂ ਅਤੇ ਦੁਕਾਨਦਾਰਾਂ ਨੂੰ ਵੀ ਵੱਡਾ ਲਾਭ ਹੋਵੇਗਾ। ਉਨ੍ਹਾਂ ਹੋਰ ਦੱਸਿਆ ਕਿ ਪ੍ਰੋਜੈਕਟ ਦਾ ਈ.ਟੀ.ਪੀ. ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਇਸਨੂੰ ਜਲਦ ਹੀ ਚਾਲੂ ਕਰ ਦਿੱਤਾ ਜਾਵੇਗਾ, ਜਦਕਿ ਬਾਕੀ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਉਮੀਦ ਹੈ ਕਿ ਇਹ ਪ੍ਰੋਜੈਕਟ ਸਾਲ ਦੇ ਅਖੀਰ ਤੱਕ ਪੂਰਾ ਹੋ ਜਾਵੇਗਾ। ਇਸ ਮੌਕੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਸਮੇਤ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰ, ਐੱਨ.ਡੀ.ਡੀ.ਬੀ. ਦੇ ਅਧਿਕਾਰੀ ਅਤੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਕਰਮਚਾਰੀ ਹਾਜ਼ਰ ਸਨ।