ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਮੁਫ਼ਤ ਇਲਾਜ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਮੁਫ਼ਤ ਇਲਾਜ : ਤਰੁਨਪ੍ਰੀਤ ਸਿੰਘ ਸੌਂਦ

ਖੰਨਾ, (ਹਰਪ੍ਰੀਤ ਸਿੰਘ ਪ੍ਰਿੰਸ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ। ਇਸ ਇਤਿਹਾਸਿਕ ਫੈਸਲੇ ਨਾਲ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਤੇ ਮੁਫਤ ਇਲਾਜ ਦੀ ਸਹੂਲਤ ਦੇ ਕੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਬਣ ਗਿਆ ਹੈ, ਜਿਸ ਨੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਦੀ ਸਹੂਲਤ ਦਿੱਤੀ ਹੈ।ਇਹ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖੰਨਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੇ ਲਲਹੇੜੀ ਚੌਂਕ, ਖੰਨਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਆਗਾਜ਼ ਪ੍ਰੋਗਰਾਮ ਦੇ ਆਨਲਾਈਨ ਪ੍ਰਸਾਰਣ ਕੀਤੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਸਿੱਧੇ ਪ੍ਰਸਾਰਣ ਸਮਾਗਮ 'ਚ ਹਲਕਾ ਖੰਨਾ ਦੇ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਵਿਚਾਰ ਸੁਣੇ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਇਕ ਇਕ ਕਰਕੇ ਅਮਲ 'ਚ ਲਿਆਂਦਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਇਸ ਦੀ ਸਭ ਤੋਂ ਵੱਡੀ ਮਿਸਾਲ ਹੈ, ਹੁਣ ਬਹੁਤ ਜਲਦ ਮੁੱਖ ਮੰਤਰੀ ਸਿਹਤ ਕਾਰਡ ਪੰਜਾਬ ਦੇ ਲੋਕਾਂ ਦੇ ਹੱਥਾਂ 'ਚ ਹੋਣਗੇ। ਇਸ ਸਿਹਤ ਕਾਰਡ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮਿਲੇਗਾ, ਜਿਸ ਨਾਲ ਗੰਭੀਰ ਬਿਮਾਰੀਆਂ ਦੇ ਇਲਾਜ ਦੌਰਾਨ ਲੋਕਾਂ ‘ਤੇ ਪੈਂਦਾ ਵਿੱਤੀ ਬੋਝ ਕਾਫ਼ੀ ਹੱਦ ਤੱਕ ਘੱਟ ਹੋਵੇਗਾ। ਉਨ੍ਹਾਂ ਕਿਹਾ ਮਹਿੰਗੇ ਇਲਾਜ ਕਾਰਨ ਕਈ ਪਰਿਵਾਰ ਕਰਜ਼ੇ ਹੇਠ ਦਬ ਜਾਂਦੇ ਸਨ ਪਰ ਹੁਣ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਹ ਚਿੰਤਾ ਖਤਮ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਮਹੱਤਵਪੂਰਨ ਸਕੀਮ ਦਾ ਲਾਭ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ ਮਿਲੇਗਾ। ਬੀਮਾ ਕੰਪਨੀ ਵੱਲੋਂ ਇਸ ਸਬੰਧੀ ਸਾਰੀ ਪ੍ਰਕਿਰਿਆ ਲਗਭਗ ਮੁਕੰਮਲ ਕਰ ਲਈ ਗਈ ਹੈ ਅਤੇ ਹੁਣ ਸਿਰਫ਼ ਮੁੱਖ ਮੰਤਰੀ ਸਿਹਤ ਕਾਰਡ ਪੰਜਾਬ ਦੇ ਲੋਕਾਂ ਦੇ ਹੱਥਾਂ 'ਚ ਦੇਣੇ ਬਾਕੀ ਹਨ। ਜਿਹੜੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ 'ਚ ਮਰੀਜ਼ਾਂ ਦਾ ਇਲਾਜ ਇਸ ਸਕੀਮ ਤਹਿਤ ਕੀਤਾ ਜਾਣਾ ਹੈ, ਉਹਨਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਵਧੀਆ ਇਲਾਜ ਮਿਲ ਸਕੇ। ਮੰਤਰੀ ਸੌਂਦ ਨੇ ਕਿਹਾ ਕਿ ਇਹ ਸਿਹਤ ਬੀਮਾ ਸਕੀਮ ਪੰਜਾਬ ਭਰ 'ਚ ਲਾਗੂ ਕਰ ਦਿੱਤੀ ਗਈ ਹੈ। ਇਸ ਨਾਲ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਇਲਾਜ ਦੀ ਸਹੂਲਤ ਮਿਲੇਗੀ। ਇਹ ਸਕੀਮ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਸੋਚ ਅਤੇ ਇਮਾਨਦਾਰ ਨੀਅਤ ਨੂੰ ਦਰਸਾਉਂਦੀ ਹੈ।