ਜ਼ਿਲ੍ਹਾ ਮੈਜਿਸਟਰੇਟ ਨੇ ਕਣਕ ਦੀ ਫਸਲ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ 'ਤੇ ਲਗਾਈ ਪਾਬੰਦੀ
ਫ਼ਤਹਿਗੜ੍ਹ ਸਾਹਿਬ, 2 ਅਪ੍ਰੈਲ (ਮੁਖਤਿਆਰ ਸਿੰਘ)ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਹਦੂਦ ਅੰਦਰ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਕਈ ਵਾਰ ਕਣਕ ਦੀ ਫਸਲ ਕੱਟਣ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਨਾਲ ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ ਅਤੇ ਵਾਤਾਵਰਣ 'ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਧੂੰਏ ਕਾਰਨ ਆਮ ਲੋਕਾਂ ਅਤੇ ਬੱਚਿਆਂ ਦੀ ਸਿਹਤ 'ਤੇ ਬਹੁਤ ਮਾੜਾ ਅਸਰ ਪੈਂਦਾ ਹੈ ਅਤੇ ਕਈ ਮਾਰੂ ਬਿਮਾਰੀਆਂ ਵੀ ਲਗਦੀਆਂ ਹਨ। ਅੱਗ ਲਗਾਉਣ ਨਾਲ ਆਲੇ ਦੁਆਲੇ ਖੜ੍ਹੀ ਫਸਲ ਦਾ ਨੁਕਸਾਨ ਹੋਣ ਦਾ ਨਿਰੰਤਰ ਡਰ ਰਹਿੰਦਾ ਹੈ। ਇਸ ਤੋਂ ਇਲਾਵਾ ਅਨੇਕਾਂ ਲਾਭਦਾਇਕ ਜੀਵ-ਜੰਤੂ ਵੀ ਮਾਰੇ ਜਾਂਦੇ ਹਨ, ਸੜਕ ਦੇ ਨਾਲ ਲੱਗਦੇ ਖੇਤਾਂ ਵਿੱਚ ਅੱਗ ਲਗਾਉਣ ਕਾਰਨ ਸੜਕ ਉਪਰ ਸੰਘਣਾ ਧੂੰਆਂ ਹੋਣ ਕਾਰਨ ਆਵਾਜ਼ਾਈ ਵਿੱਚ ਵਿਘਨ ਪੈਂਦਾ ਹੈ ਅਤੇ ਦੁਰਘਟਨਾਵਾਂ ਵਾਪਰਦੀਆਂ ਹਨ ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖਤਰਾ ਵੀ ਰਹਿੰਦਾ ਹੈ। ਇਸ ਤੋਂ ਇਲਾਵਾ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਜ਼ਿਲ੍ਹੇ ਵਿੱਚ ਇਹ ਹੁਕਮ 31 ਮਈ, 2019 ਤੱਕ ਲਾਗੂ ਰਹਿਣਗੇ।
Posted By: Daily Suraj Bureau