ਪੱਛਮੀ ਬੰਗਾਲ ਵਿੱਚ ਚੋਣ ਨਿਗਰਾਨਾਂ ਨੂੰ ਬੰਧਕ ਬਣਾਉਣ ‘ਤੇ ਸੁਪਰੀਮ ਕੋਰਟ ਸਖ਼ਤ
- ਦੇਸ਼
- (Asia/Kolkata)
ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ ਵਿੱਚ ਐਸਆਈਆਰ (SIR) ਨਾਲ ਸੰਬੰਧਤ ਸੱਤ ਚੋਣ ਨਿਗਰਾਨਾਂ ਨੂੰ ਬੰਧਕ ਬਣਾਏ ਜਾਣ ਦੀ ਘਟਨਾ ‘ਤੇ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਗੰਭੀਰ ਨਾਰਾਜ਼ਗੀ ਪ੍ਰਗਟ ਕੀਤੀ ਹੈ। ਅਦਾਲਤ ਨੇ ਇਸ ਘਟਨਾ ਨੂੰ ਜਾਣਬੁੱਝ ਕੇ ਕੀਤੀ ਗਈ ਅਤੇ ਭੜਕਾਊ ਕਰਾਰ ਦਿੱਤਾ। ਸੁਪਰੀਮ ਕੋਰਟ ਦੇ ਮੁਤਾਬਕ, ਇਸ ਕਾਰਵਾਈ ਦਾ ਉਦੇਸ਼ ਨਿਆਂਇਕ ਅਧਿਕਾਰੀਆਂ ਦਾ ਮਨੋਬਲ ਡਿਗਾਉਣਾ ਅਤੇ ਚੱਲ ਰਹੀ ਚੋਣ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਕਰਨਾ ਜਾਪਦਾ ਹੈ। ਮੁੱਖ ਨਿਆਂਧੀਸ਼ ਸੂਰਿਆ ਕਾਂਤ, ਜਸਟਿਸ ਜੋਇਮਲਿਆ ਬਾਗਚੀ ਅਤੇ ਜਸਟਿਸ ਵਿਪੁਲ ਐਮ. ਪੰਚੋਲੀ ਦੀ ਬੈਂਚ ਨੇ ਕਿਹਾ ਕਿ ਰਾਜ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨਾਜ਼ੁਕ ਦਿੱਖ ਰਹੀ ਹੈ। ਬੈਂਚ ਨੇ ਰਾਜ ਦੇ ਗ੍ਰਹਿ ਸਕੱਤਰ, ਡੀਜੀਪੀ ਅਤੇ ਹੋਰ ਸੰਬੰਧਿਤ ਅਧਿਕਾਰੀਆਂ ਤੋਂ ਕਾਰਵਾਈ ਨਾ ਕਰਨ ਬਾਰੇ ਸਪੱਸ਼ਟੀਕਰਨ ਮੰਗਿਆ ਹੈ। ਜਾਣਕਾਰੀ ਮੁਤਾਬਕ, ਬੁੱਧਵਾਰ ਨੂੰ ਤਿੰਨ ਮਹਿਲਾਵਾਂ ਸਮੇਤ ਸੱਤ ਨਿਆਂਇਕ ਅਧਿਕਾਰੀ ਮਾਲਦਾ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਪਹੁੰਚੇ ਸਨ। ਇਸ ਦੌਰਾਨ ਵੋਟਰ ਸੂਚੀ ਵਿੱਚੋਂ ਆਪਣੇ ਨਾਮ ਹਟਾਏ ਜਾਣ ਦੇ ਵਿਰੋਧ ਵਿੱਚ ਹਜ਼ਾਰਾਂ ਲੋਕਾਂ ਨੇ ਦਫ਼ਤਰ ਦਾ ਘੇਰਾਓ ਕਰ ਲਿਆ। ਇਸ ਹੰਗਾਮੇ ਦੌਰਾਨ ਸੱਤੋਂ ਅਧਿਕਾਰੀਆਂ ਨੂੰ ਅੱਧੀ ਰਾਤ ਤੱਕ ਬੰਧਕ ਬਣਾਕੇ ਰੱਖਿਆ ਗਿਆ। ਰਿਪੋਰਟਾਂ ਮੁਤਾਬਕ, ਇਸ ਸਮੇਂ ਦੌਰਾਨ ਉਨ੍ਹਾਂ ਨੂੰ ਭੋਜਨ ਅਤੇ ਪਾਣੀ ਤੱਕ ਨਹੀਂ ਦਿੱਤਾ ਗਿਆ। ਇਸ ਘਟਨਾ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਸਖ਼ਤ ਰੁਖ ਅਪਣਾਇਆ ਗਿਆ ਹੈ ਅਤੇ ਰਾਜ ਪ੍ਰਸ਼ਾਸਨ ਤੋਂ ਜਵਾਬ ਤਲਬ ਕੀਤਾ ਗਿਆ ਹੈ।
Leave a Reply