ਪ੍ਰੋਜੈਕਟ ਜੀਵਨਜੋਤ 2.0 ਤਹਿਤ ਦੂਜੇ ਦਿਨ ਵੀ ਭੀਖ ਮੰਗਣ ਵਾਲੇ ਬੱਚਿਆਂ ਵਿਰੁੱਧ ਸਖਤ ਕਾਰਵਾਈ

ਪ੍ਰੋਜੈਕਟ ਜੀਵਨਜੋਤ 2.0 ਤਹਿਤ ਦੂਜੇ ਦਿਨ ਵੀ ਭੀਖ ਮੰਗਣ ਵਾਲੇ ਬੱਚਿਆਂ ਵਿਰੁੱਧ ਸਖਤ ਕਾਰਵਾਈ

ਅੰਮ੍ਰਿਤਸਰ, (ਆਰ.ਕੇ. ਸੋਨੀ) – ਪ੍ਰੋਜੈਕਟ ਜੀਵਨਜੋਤ 2.0 ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਬੱਚਿਆਂ ਦੀ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਮਕਸਦ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੂਜੇ ਦਿਨ ਵੀ ਜਾਰੀ ਰਹੀ। ਇਸ ਮੁਹਿੰਮ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅੰਮ੍ਰਿਤਸਰ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਟਾਸਕ ਫੋਰਸ ਅੰਮ੍ਰਿਤਸਰ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ 06 ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਸ੍ਰੀ ਤਰਨਜੀਤ ਸਿੰਘ ਨੇ ਦੱਸਿਆ ਕਿ ਪ੍ਰੋਜੈਕਟ ਜੀਵਨਜੋਤ 2.0 ਦੇ ਅਧੀਨ ਅਜਿਹੀਆਂ ਚੈਕਿੰਗਾਂ ਅਤੇ ਜਾਗਰੂਕਤਾ ਮੁਹਿੰਮਾਂ ਅੱਗੇ ਵੀ ਨਿਰੰਤਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਮੁਹੱਈਆ ਕਰਵਾਉਣਾ ਹੈ ਅਤੇ ਉਨ੍ਹਾਂ ਨੂੰ ਭੀਖ ਮੰਗਣ ਵਰਗੀਆਂ ਅਣਮਨੁੱਖੀ ਪ੍ਰਥਾਵਾਂ ਤੋਂ ਬਚਾਉਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਜ਼ਿਲ੍ਹੇ ਨੂੰ ਬਾਲ ਭਿਖਿਆ ਮੁਕਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇ ਕਿਸੇ ਵੀ ਸਥਾਨ ‘ਤੇ ਬੱਚਿਆਂ ਨੂੰ ਭੀਖ ਮੰਗਦੇ ਹੋਏ ਜਾਂ ਕਿਸੇ ਵੀ ਕਿਸਮ ਦੇ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਵੇਖਿਆ ਜਾਵੇ ਤਾਂ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਸੂਚਿਤ ਕੀਤਾ ਜਾਵੇ। ਇਸ ਲਈ ਚਾਈਲਡ ਹੈਲਪਲਾਈਨ ਨੰਬਰ 1098 ਤੋਂ ਇਲਾਵਾ 9876357202, 9501291402 ਅਤੇ 9319267958 ‘ਤੇ ਤੁਰੰਤ ਸੰਪਰਕ ਕੀਤਾ ਜਾ ਸਕਦਾ ਹੈ। ਇਸ ਚੈਕਿੰਗ ਮੁਹਿੰਮ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਸ੍ਰੀ ਤਰਨਜੀਤ ਸਿੰਘ, ਉਨ੍ਹਾਂ ਦੀ ਟਾਸਕ ਟੀਮ ਅਤੇ ਪੁਲਿਸ ਵਿਭਾਗ ਦੀ ਟੀਮ ਦਾ ਵਿਸ਼ੇਸ਼ ਯੋਗਦਾਨ ਰਿਹਾ।