ਮੇਰੀ ਰਸੋਈ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫਤ ਰਾਸ਼ਨ ਦੇਣ ਦਾ ਐਲਾਨ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ - ਵਿਧਾਇਕ ਰਾਏ

ਮੇਰੀ ਰਸੋਈ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫਤ ਰਾਸ਼ਨ ਦੇਣ ਦਾ ਐਲਾਨ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ - ਵਿਧਾਇਕ ਰਾਏ

ਰਾਸ਼ਨ ਕਿੱਟ ਵਿੱਚ 2 ਕਿਲੋ ਮੂੰਗੀ-ਛੋਲਿਆਂ ਦੀ ਦਾਲ ਅਤੇ ਖੰਡ, ਇਕ ਕਿਲੋ ਲੂਣ , 200 ਗ੍ਰਾਮ ਹਲਦੀ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਸਾਮਲ ਹੋਵੇਗਾ - ਲਖਬੀਰ ਸਿੰਘ ਰਾਏ ( ਮੁਖ਼ਤਿਆਰ ਸਿੰਘ) ਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ‘ਤੇ ਖੁਰਾਕ ਅਤੇ ਪੋਸਣ ਸੁਰੱਖਿਆ ਨੂੰ ਮਜਬੂਤੀ ਦੇਣ ਦੇ ਉਦੇਸ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ‘ਮੇਰੀ ਰਸੋਈ’ ਯੋਜਨਾ ਦੀ ਸੁਰੂਆਤ ਦਾ ਐਲਾਨ ਕੀਤਾ ਹੈ ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਤਿਮਾਹੀ ਆਧਾਰ ‘ਤੇ ਮੁਫਤ ਫੂਡ ਕਿੱਟਾਂ (ਰਾਸ਼ਨ ਕਿੱਟਾਂ) ਦੀ ਵੰਡ ਸੁਰੂ ਕੀਤੀ ਜਾਵੇਗੀ। ਇਹ ਫੂਡ ਕਿੱਟਾਂ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਦਿੱਤੀ ਜਾਂਦੀ ਕਣਕ ਤੋਂ ਵੱਖਰੇ ਤੌਰ `ਤੇ ਪ੍ਰਦਾਨ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਇਤਿਹਾਸਕ ਦੱਸਦਿਆਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਹਰ ਪਰਿਵਾਰ ਲਈ ਖੁਰਾਕ ਤੇ ਪੋਸਣ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬਾ ਸਰਕਾਰ 40 ਲੱਖ ਪਰਿਵਾਰਾਂ ਨੂੰ ਫੂਡ ਕਿੱਟਾਂ ਪ੍ਰਦਾਨ ਕਰੇਗੀ। ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ। ਇਹ ਫੂਡ ਕਿੱਟਾਂ ਰਾਸਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਵੱਖਰੇ ਤੌਰ ‘ਤੇ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਮਾਰਕਫੈੱਡ ਇਸ ਪਹਿਲਕਦਮੀ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਮਾਰਕਫੈੱਡ ਇਨ੍ਹਾਂ ਕਿੱਟਾਂ ਦੀ ਵੰਡ ਲਈ ਨੋਡਲ ਏਜੰਸੀ ਹੋਵੇਗੀ ਅਤੇ ਇਹ ਕਿੱਟਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੁਆਰਾ ਮੁਫਤ ‘ਚ ਸਪਲਾਈ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਨੇ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ ਇੱਕ ਮਜਬੂਤ ਵਿਧੀ ਬਣਾਈ ਹੈ। ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮਾਨ ਸਰਕਾਰ ਨੇ ਇਹ ਐਲਾਨ ਕੀਤਾ ਹੈ ਕਿ ਇਨ੍ਹਾਂ ਕਿੱਟਾਂ ਦੀ ਵੰਡ ਅਪ੍ਰੈਲ ਵਿੱਚ ਸੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਤੋਂ ਸੁਰੂ ਹੋ ਕੇ ਹਰ ਤਿਮਾਹੀ ਪਿੱਛੋਂ ਇਨ੍ਹਾਂ ਕਿੱਟਾਂ ਦੀ ਮੁਫਤ ਵੰਡ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਵੀ ਹਾਲਤ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਪਲਾਈ ਕੀਤੀਆਂ ਜਾਣ ਵਾਲੀਆਂ ਸਾਰੀਆਂ ਖੁਰਾਕੀ ਵਸਤਾਂ ਦੀ ਸਖਤ ਗੁਣਵੱਤਾ ਜਾਂਚ ਨੂੰ ਯਕੀਨੀ ਬਣਾਏਗੀ।