ਛੱਪੜ ਕੰਮ ਵਿੱਚ ਪਿੱਲੀਆਂ ਇੱਟਾਂ ਵਰਤਣ ‘ਤੇ ਵਿਧਾਇਕ ਦਾ ਸਖ਼ਤ ਰਵੱਈਆ
ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਰਮਦਾਸ ਕਸਬੇ ਵਿੱਚ ਬਣ ਰਹੇ ਛੱਪੜ ਦੇ ਕੰਮ ਦਾ ਅਚਾਨਕ ਦੌਰਾ ਕਰਕੇ ਘਟੀਆ ਮਟੀਰਿਅਲ ਵਰਤਣ ਦੇ ਦੋਸ਼ਾਂ ‘ਤੇ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਠੇਕੇਦਾਰ ਵਿਰੁੱਧ ਕੇਸ ਦਰਜ ਕਰਨ ਅਤੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕਰਨ ਲਈ ਕਿਹਾ ਹੈ। ਮਿਲੀ ਸ਼ਿਕਾਇਤ ਦੇ ਅਧਾਰ ‘ਤੇ ਵਿਧਾਇਕ ਧਾਲੀਵਾਲ ਅੱਜ ਸਵੇਰੇ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਵੇਖਿਆ ਕਿ ਛੱਪੜ ਨੂੰ ਪੱਕਾ ਕਰਨ ਲਈ ਪਿੱਲੀਆਂ ਇੱਟਾਂ ਅਤੇ ਘਟੀਆ ਸਮੱਗਰੀ ਵਰਤੀ ਜਾ ਰਹੀ ਹੈ। ਇਸ ‘ਤੇ ਉਨ੍ਹਾਂ ਨੇ ਤੁਰੰਤ ਕੰਮ ਰੁਕਵਾਇਆ ਅਤੇ ਮੌਕੇ ‘ਤੇ ਮੌਜੂਦ ਲੇਬਰ ਨੂੰ ਕੰਮ ਤੋਂ ਰੋਕ ਦਿੱਤਾ। ਧਾਲੀਵਾਲ ਨੇ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ (ਈਓ) ਨੂੰ ਆਦੇਸ਼ ਦਿੱਤੇ ਕਿ ਇਸ ਮਾਮਲੇ ਦੀ ਤੁਰੰਤ ਰਿਪੋਰਟ ਤਿਆਰ ਕਰਕੇ ਪੁਲੀਸ ਨੂੰ ਸੌਂਪੀ ਜਾਵੇ ਤਾਂ ਜੋ ਠੇਕੇਦਾਰ ਖ਼ਿਲਾਫ਼ ਕੇਸ ਦਰਜ ਕੀਤਾ ਜਾ ਸਕੇ। ਇਸਦੇ ਨਾਲ ਹੀ ਉਨ੍ਹਾਂ ਨੇ ਕੰਮ ਦੀ ਨਿਗਰਾਨੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਵੀ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ। ਮੌਕੇ ‘ਤੇ ਐੱਸ.ਐੱਚ.ਓ. ਨੂੰ ਬੁਲਾ ਕੇ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਲੋਕਾਂ ਦੇ ਟੈਕਸ ਦੇ ਪੈਸਿਆਂ ਦੀ ਦੁਰਵਰਤੋਂ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਬਾਅਦ ਪੰਜਾਬ ਵਿੱਚ ਵਿਕਾਸ ਕਾਰਜ ਸ਼ੁਰੂ ਹੋਏ ਹਨ, ਪਰ ਕੁਝ ਠੇਕੇਦਾਰ ਅਤੇ ਅਧਿਕਾਰੀ ਅਜੇ ਵੀ ਗੜਬੜੀਆਂ ਕਰ ਰਹੇ ਹਨ, ਜੋ ਕਿ ਮਨਜ਼ੂਰ ਨਹੀਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਹਲਕੇ ਵਿੱਚ ਚੱਲ ਰਹੇ ਕਿਸੇ ਵੀ ਵਿਕਾਸ ਕਾਰਜ ਵਿੱਚ ਜੇ ਘਟੀਆ ਮਟੀਰਿਅਲ ਵਰਤਿਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Posted By: Daily Suraj Bureau