Daily Suraj

ਪੰਜਾਬੀ

ਤਲਵੰਡੀ ਸਾਬੋ 'ਚ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ, ਦੋ ਧੀਆਂ ਗੰਭੀਰ ਜ਼ਖ਼ਮੀ

14 Jul, 2026 01:05 PM

ਬਠਿੰਡਾ ਜ਼ਿਲ੍ਹੇ ਦੇ ਕਸਬਾ ਤਲਵੰਡੀ ਸਾਬੋ ਵਿੱਚ ਦੇਰ ਰਾਤ ਵਾਪਰੇ ਇੱਕ ਦਰਦਨਾਕ ਹਾਦਸੇ ਨੇ ਇੱਕ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਧੱਕ ਦਿੱਤਾ। ਰਾਤ ਕਰੀਬ 11 ਵਜੇ ਇੱਕ ਮਕਾਨ ਦੇ ਕਮਰੇ ਦੀ ਛੱਤ ਅਚਾਨਕ ਡਿੱਗ ਗਈ, ਜਿਸ ਕਾਰਨ ਮਾਂ ਅਤੇ ਉਸ ਦੇ ਨਾਬਾਲਗ ਪੁੱਤਰ ਦੀ ਮੌਤ ਹੋ ਗਈ, ਜਦਕਿ ਦੋ ਧੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਹਾਦਸੇ ਵਿੱਚ ਵੀਰਪਾਲ ਕੌਰ (40) ਅਤੇ ਉਸ ਦੇ 14 ਸਾਲਾ ਪੁੱਤਰ ਅਰਸ਼ਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੁਰਘਟਨਾ ਦੌਰਾਨ ਪਰਿਵਾਰ ਦੀਆਂ ਦੋ ਧੀਆਂ ਸਨਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਵੀ ਮਲਬੇ ਹੇਠ ਆ ਕੇ ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖ਼ਮੀ ਦੋਵਾਂ ਭੈਣਾਂ ਨੂੰ ਤੁਰੰਤ ਇਲਾਜ ਲਈ ਏਮਜ਼ ਬਠਿੰਡਾ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਹਾਦਸੇ ਵੇਲੇ ਪਰਿਵਾਰ ਦੇ ਮੁਖੀ ਧਰਮ ਸਿੰਘ ਉਰਫ਼ ਕਾਲਾ ਕਮਰੇ ਤੋਂ ਬਾਹਰ ਸੁੱਤੇ ਹੋਏ ਸਨ, ਜਿਸ ਕਾਰਨ ਉਹ ਇਸ ਹਾਦਸੇ ਵਿੱਚ ਬਚ ਗਏ। ਧਰਮ ਸਿੰਘ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਫਿਲਹਾਲ ਇਸ ਦਰਦਨਾਕ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ ਅਤੇ ਸਥਾਨਕ ਲੋਕਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

Posted By: Daily Suraj Bureau

Latest News