ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਭੁੱਲਰ ਦੇ ਪੀਏ ਦੀ ਵੀ ਗ੍ਰਿਫ਼ਤਾਰੀ
ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਾਲ ਉਸਦੇ ਪੀਏ ਦਿਲਬਾਗ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਭੁੱਲਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਨਾਲ ਜਾਂਚ ਦੇ ਘੇਰੇ ਨੂੰ ਵਧਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮਾਮਲੇ ‘ਤੇ ਸਖ਼ਤ ਰੁਖ ਅਪਣਾਉਂਦੇ ਹੋਏ ਕਿਹਾ ਕਿ ਜੋ ਵੀ ਕਾਨੂੰਨ ਦੀ ਉਲੰਘਣਾ ਕਰੇਗਾ, ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਜਾਰੀ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਵਿਅਕਤੀ ਕਾਨੂੰਨ ਤੋਂ ਉੱਪਰ ਨਹੀਂ ਹੈ, ਭਾਵੇਂ ਉਹ ਕਿਸੇ ਵੀ ਅਹੁਦੇ ‘ਤੇ ਹੋਵੇ ਜਾਂ ਪ੍ਰਭਾਵਸ਼ਾਲੀ ਹੋਵੇ। ਇਸ ਸਬੰਧੀ ਅੰਮ੍ਰਿਤਸਰ ਦੇ ਡੀਸੀਪੀ ਰਵਿੰਦਰ ਪਾਲ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਪੁਲਿਸ ਦੀ ਮਦਦ ਨਾਲ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭੁੱਲਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਲਾਲਜੀਤ ਸਿੰਘ ਭੁੱਲਰ ਵੱਲੋਂ ਸੋਸ਼ਲ ਮੀਡੀਆ ‘ਤੇ ਕੀਤੀ ਗਈ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਖੁਦ ਆਤਮ ਸਮਰਪਣ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਉਨ੍ਹਾਂ ਨੂੰ ਅੰਮ੍ਰਿਤਸਰ ਲੈ ਕੇ ਆ ਰਹੀ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਹੋਰ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Posted By: Daily Suraj Bureau