ਅਫ਼ਗਾਨ-ਪਾਕ ਤਣਾਅ ਚਰਮ ’ਤੇ, ਤਾਲਿਬਾਨ ਵੱਲੋਂ ਹਸਪਤਾਲ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼
- ਵਿਦੇਸ਼
- (Asia/Kolkata)
ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸੋਮਵਾਰ ਰਾਤ ਹੋਏ ਇਕ ਭਾਰੀ ਹਮਲੇ ਨੇ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦਰਮਿਆਨ ਤਣਾਅ ਨੂੰ ਗੰਭੀਰ ਪੱਧਰ ’ਤੇ ਪਹੁੰਚਾ ਦਿੱਤਾ ਹੈ। ਅਫ਼ਗਾਨ ਤਾਲਿਬਾਨ ਸਰਕਾਰ ਦੇ ਬੁਲਾਰੇ ਹਮਦੁੱਲਾ ਫ਼ਿਤਰਤ ਦੇ ਅਨੁਸਾਰ ਇਹ ਹਮਲਾ ਪਾਕਿਸਤਾਨੀ ਹਵਾਈ ਸੈਨਾ ਵੱਲੋਂ ਕੀਤਾ ਗਿਆ, ਜਿਸ ਵਿੱਚ ਇੱਕ ਨਸ਼ਾ ਛੁਡਾਊ ਹਸਪਤਾਲ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਹਮਲੇ ਵਿੱਚ ਲਗਭਗ 400 ਲੋਕਾਂ ਦੀ ਮੌਤ ਹੋਣ ਅਤੇ ਕਰੀਬ 250 ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਮੁਤਾਬਕ, ਕਾਬੁਲ ਸਥਿਤ ‘ਓਮੀਦ’ ਨਸ਼ਾ ਛੁਡਾਊ ਕੇਂਦਰ, ਜਿਸ ਵਿੱਚ ਕਰੀਬ 2,000 ਬਿਸਤਰਿਆਂ ਦੀ ਸਹੂਲਤ ਹੈ, ਇਸ ਹਮਲੇ ਵਿੱਚ ਵੱਡੇ ਪੱਧਰ ’ਤੇ ਤਬਾਹ ਹੋ ਗਿਆ। ਤਾਲਿਬਾਨ ਦੇ ਮੁੱਖ ਬੁਲਾਰੇ ਜ਼ਬੀਉੱਲ੍ਹਾ ਮੁਜਾਹਿਦ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਦਿਆਂ ਦੱਸਿਆ ਕਿ ਹਮਲੇ ਸਮੇਂ ਹਸਪਤਾਲ ਵਿੱਚ ਸੈਂਕੜੇ ਮਰੀਜ਼ ਇਲਾਜ ਅਧੀਨ ਸਨ। ਸਥਾਨਕ ਟੈਲੀਵਿਜ਼ਨ ਚੈਨਲਾਂ ਦੀਆਂ ਤਸਵੀਰਾਂ ਵਿੱਚ ਦਮਕਲ ਵਿਭਾਗ ਦੀਆਂ ਟੀਮਾਂ ਮਲਬੇ ਵਿੱਚ ਲੱਗੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕਰਦੀਆਂ ਦਿਖਾਈ ਦਿੱਤੀਆਂ। ਦੂਜੇ ਪਾਸੇ, ਪਾਕਿਸਤਾਨ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਪ੍ਰਵਕਤਾ ਮੁਸ਼ੱਰਫ਼ ਜ਼ੈਦੀ ਨੇ ਕਿਹਾ ਕਿ ਪਾਕਿਸਤਾਨੀ ਫ਼ੌਜ ਨੇ ਸਿਰਫ਼ ਫੌਜੀ ਟਿਕਾਣਿਆਂ ਅਤੇ ਅਤਿਵਾਦੀਆਂ ਨਾਲ ਜੁੜੇ ਢਾਂਚਿਆਂ ਨੂੰ ਨਿਸ਼ਾਨਾ ਬਣਾਇਆ ਹੈ। ਪਾਕਿਸਤਾਨੀ ਸੂਚਨਾ ਮੰਤਰਾਲੇ ਨੇ ਦਾਅਵਾ ਕੀਤਾ ਕਿ ਇਹ ਕਾਰਵਾਈ ਬਹੁਤ ਸਟੀਕ ਸੀ ਅਤੇ ਇਸ ਦੌਰਾਨ ਕਿਸੇ ਵੀ ਨਾਗਰਿਕ ਨੂੰ ਨੁਕਸਾਨ ਪਹੁੰਚਾਉਣ ਤੋਂ ਬਚਣ ਦੀ ਕੋਸ਼ਿਸ਼ ਕੀਤੀ ਗਈ। ਤਾਲਿਬਾਨ ਦੇ ਦੋਸ਼ਾਂ ਨੂੰ ਉਨ੍ਹਾਂ ਨੇ ਗੁੰਮਰਾਹਕੁੰਨ ਕਰਾਰ ਦਿੱਤਾ। ਉਲੇਖਣਯੋਗ ਹੈ ਕਿ ਪਿਛਲੇ ਤਿੰਨ ਹਫ਼ਤਿਆਂ ਤੋਂ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਤਣਾਅਪੂਰਨ ਸਥਿਤੀ ਹੁਣ ਖੁੱਲ੍ਹੀ ਜੰਗ ਵੱਲ ਵਧਦੀ ਦਿਖਾਈ ਦੇ ਰਹੀ ਹੈ। ਪਾਕਿਸਤਾਨੀ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਕਿਹਾ ਕਿ ਤਾਲਿਬਾਨ ਵੱਲੋਂ ਕੀਤੇ ਗਏ ਡਰੋਨ ਹਮਲਿਆਂ ਨਾਲ ‘ਰੈੱਡ ਲਾਈਨ’ ਪਾਰ ਹੋ ਗਈ ਹੈ। ਇਸ ਦੇ ਉਲਟ, ਅਫ਼ਗਾਨਿਸਤਾਨ ਦੇ ਉਪ-ਪ੍ਰਧਾਨ ਮੰਤਰੀ ਅਬਦੁਲ ਸਲਾਮ ਹਨਫੀ ਨੇ ਕਿਹਾ ਕਿ ਅਫ਼ਗਾਨਿਸਤਾਨ ’ਤੇ ਜੰਗ ਥੋਪੀ ਗਈ ਹੈ ਅਤੇ ਆਪਣੀ ਸੰਪ੍ਰਭੁਤਾ ਦੀ ਰੱਖਿਆ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।
Leave a Reply