ਓਟਵਾ ਵਿੱਚ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਦਾ ਪੋਰਟਰੇਟ ਲਗਾਇਆ ਗਿਆ

ਓਟਵਾ ਵਿੱਚ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਦਾ ਪੋਰਟਰੇਟ ਲਗਾਇਆ ਗਿਆ

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਦਾ ਪੋਰਟਰੇਟ ਮੰਗਲਵਾਰ ਨੂੰ ਓਟਵਾ ਵਿੱਚ ਵਿਧਿਵਤ ਤੌਰ ’ਤੇ ਲਗਾਇਆ ਗਿਆ। ਇਹ ਸਮਾਰੋਹ ਹਾਰਪਰ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਸਰਕਾਰ ਦੀ ਚੋਣ ਦੀ 20ਵੀਂ ਵਰ੍ਹੇਗੰਢ ਦੇ ਮੌਕੇ ’ਤੇ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿੱਚ ਕਈ ਮੰਤਰੀ, ਸੂਬਾਈ ਪ੍ਰੀਮੀਅਰ, ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ ਸਮੇਤ ਕਈ ਅਹਿਮ ਸ਼ਖ਼ਸੀਅਤਾਂ ਹਾਜ਼ਰ ਰਹੀਆਂ। ਸਮਾਗਮ ਦੌਰਾਨ ਸਟੀਫਨ ਹਾਰਪਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੈਨੇਡਾ ਦੀ ਕੌਮੀ ਏਕਤਾ ਅਤੇ ਆਜ਼ਾਦੀ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਹਾਰਪਰ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਖੁਦਮੁਖਤਿਆਰੀ ਨੂੰ ਮਜ਼ਬੂਤ ਰੱਖਣ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਮਿਲਜੁਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਦਲੀਲ ਦਿੱਤੀ ਕਿ ਮੌਜੂਦਾ ਔਖੇ ਹਾਲਾਤਾਂ ਵਿੱਚ ਅੰਦਰੂਨੀ ਮਤਭੇਦ ਭੁਲਾ ਕੇ ਉਹਨਾਂ ਬਾਹਰੀ ਤਾਕਤਾਂ ਦੇ ਖਿਲਾਫ ਇਕੱਠੇ ਖੜ੍ਹਾ ਹੋਣਾ ਚਾਹੀਦਾ ਹੈ ਜੋ ਕੈਨੇਡਾ ਦੀ ਆਜ਼ਾਦੀ ਅਤੇ ਏਕਤਾ ਲਈ ਖਤਰਾ ਬਣ ਸਕਦੀਆਂ ਹਨ। ਉਨ੍ਹਾਂ ਆਪਣੇ ਸੰਬੋਧਨ ਦੇ ਅੰਤ ਵਿੱਚ ਕਿਹਾ ਕਿ ਦੇਸ਼ ਦੇ ਹਿੱਤਾਂ ਦੀ ਰੱਖਿਆ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ ਅਤੇ “ਸਾਨੂੰ ਕੈਨੇਡਾ ਨੂੰ ਬਚਾਉਣ ਦੀ ਲੋੜ ਹੈ।” ਹਾਰਪਰ ਦੇ ਇਸ ਸੰਦੇਸ਼ ਨੂੰ ਹਾਜ਼ਰੀਨ ਵੱਲੋਂ ਧਿਆਨ ਨਾਲ ਸੁਣਿਆ ਗਿਆ।