ਸੇਵਾ ਕੇਂਦਰਾਂ ਵਿੱਚ ਕੰਮਕਾਜ ਹੋਵੇਗਾ ਬਹਾਲ, 11 ਜੂਨ ਤੋਂ ਮਿਲਣਗੀਆਂ ਸਰਕਾਰੀ ਸਹੂਲਤਾਂ
ਪੰਜਾਬ ਦੇ ਆਮ ਲੋਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਸੂਬੇ ਭਰ ਦੇ ਸੇਵਾ ਕੇਂਦਰਾਂ ਵਿੱਚ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਹੁਣ ਖਤਮ ਹੋ ਗਈ ਹੈ ਅਤੇ 11 ਜੂਨ ਤੋਂ ਸਰਕਾਰੀ ਸੇਵਾਵਾਂ ਮੁੜ ਆਮ ਲੋਕਾਂ ਲਈ ਉਪਲਬਧ ਹੋਣਗੀਆਂ। ਪਿਛਲੇ ਕਰੀਬ 10 ਦਿਨਾਂ ਤੋਂ ਚੱਲ ਰਹੀ ਹੜਤਾਲ ਕਾਰਨ ਸੇਵਾ ਕੇਂਦਰਾਂ ਵਿੱਚ ਕਈ ਜ਼ਰੂਰੀ ਸਰਕਾਰੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਸਨ। ਇਸ ਕਾਰਨ ਸੂਬੇ ਭਰ ਦੇ ਨਾਗਰਿਕਾਂ, ਖ਼ਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਨੇ ਦੱਸਿਆ ਕਿ ਕਰਮਚਾਰੀਆਂ ਦੇ ਲੰਮੇ ਸੰਘਰਸ਼ ਤੋਂ ਬਾਅਦ ਉਨ੍ਹਾਂ ਦੀਆਂ ਕਈ ਮਹੱਤਵਪੂਰਨ ਮੰਗਾਂ ਨੂੰ ਸਵੀਕਾਰ ਕਰ ਲਿਆ ਗਿਆ ਹੈ। ਉਨ੍ਹਾਂ ਮੁਤਾਬਕ ਠੇਕੇਦਾਰ ਕੰਪਨੀਆਂ ਵੱਲੋਂ ਤਨਖ਼ਾਹਾਂ ਨਾਲ ਜੁੜੇ ਮਸਲੇ, ਹੋਮ ਸਰਵਿਸ ਕਰਮਚਾਰੀਆਂ ਦੀ ਸਮਾਂ ਸੀਮਾ, ਵਾਧੂ ਕੰਮ ਦੇ ਬੋਝ, ਰੋਜ਼ਾਨਾ ਐਂਟਰੀਆਂ ਦੀ ਲਾਜ਼ਮੀ ਸ਼ਰਤ ਅਤੇ ਕਰਮਚਾਰੀਆਂ ਦੀ ਬਦਲੀ ਸਬੰਧੀ ਮੰਗਾਂ ਮੰਨ ਲਈਆਂ ਗਈਆਂ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰੀ ਪੱਧਰ ਨਾਲ ਸਬੰਧਤ ਹੋਰ ਮੰਗਾਂ ਲਈ ਭਵਿੱਖ ਵਿੱਚ ਨਵੀਂ ਰਣਨੀਤੀ ਤਿਆਰ ਕੀਤੀ ਜਾਵੇਗੀ। ਫਿਲਹਾਲ ਲੋਕਾਂ ਨੂੰ ਹੋ ਰਹੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਹੜਤਾਲ ਖਤਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਸੇਵਾ ਕੇਂਦਰਾਂ ਦੇ ਮੁੜ ਖੁੱਲ੍ਹਣ ਨਾਲ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਹਾਲਾਂਕਿ, ਕਰੀਬ 10 ਦਿਨਾਂ ਤੱਕ ਕੰਮਕਾਜ ਬੰਦ ਰਹਿਣ ਕਾਰਨ ਹੁਣ ਸੇਵਾ ਕੇਂਦਰਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਅਤੇ ਭਾਰੀ ਭੀੜ ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।
Posted By: Daily Suraj Bureau