ਰਾਜ ਸਭਾ ’ਚ ਬਹਿਸ ਤੋਂ ਬਾਅਦ ਸੱਜਣ ਕੁਮਾਰ ਖ਼ਿਲਾਫ਼ ਕੇਸ ਦਰਜ ਕਰਨ ਦੀ ਪ੍ਰਵਾਨਗੀ ਮਿਲੀ: ਤਰਲੋਚਨ ਸਿੰਘ
- ਪੰਜਾਬ
- (Asia/Kolkata)
ਨਵੰਬਰ 1984 ਦੇ ਸਿੱਖ ਕਤਲੇਆਮ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਸ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਵਾਉਣ ਵਿੱਚ 2009 ਦੌਰਾਨ ਰਾਜ ਸਭਾ ਵਿੱਚ ਹੋਈ ਬਹਿਸ ਦੀ ਅਹਿਮ ਭੂਮਿਕਾ ਰਹੀ ਸੀ। ਕੌਮੀ ਘੱਟਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਮੁਤਾਬਕ 1984 ਵਿੱਚ ਵਾਪਰੀ ਇਸ ਘਟਨਾ ਦੇ ਬਾਵਜੂਦ ਸੱਜਣ ਕੁਮਾਰ ਖ਼ਿਲਾਫ਼ ਪੁਲੀਸ ਵੱਲੋਂ ਅਪਰਾਧਿਕ ਮਾਮਲਾ 2011 ਵਿੱਚ ਦਰਜ ਹੋ ਸਕਿਆ। ਉਨ੍ਹਾਂ ਦੱਸਿਆ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਧਿਆਨ ਦਿਵਾਊ ਪ੍ਰਸਤਾਵ ਪੇਸ਼ ਕੀਤਾ ਸੀ। ਤਰਲੋਚਨ ਸਿੰਘ ਨੇ ਕਿਹਾ ਕਿ ਇਸ ਪ੍ਰਸਤਾਵ ’ਤੇ 14 ਦਸੰਬਰ 2009 ਨੂੰ ਰਾਜ ਸਭਾ ਵਿੱਚ ਬਹਿਸ ਹੋਈ ਸੀ। ਇਹ ਵਿਚਾਰ-ਵਟਾਂਦਰਾ ਦਿਨ ਭਰ ਚੱਲਿਆ। ਉਨ੍ਹਾਂ ਦੇ ਅਨੁਸਾਰ ਬਹਿਸ ਤੋਂ ਬਾਅਦ ਤਤਕਾਲੀ ਕੇਂਦਰੀ ਗ੍ਰਹਿ ਮੰਤਰੀ ਪੀ. ਚਿਦੰਬਰਮ ਨੂੰ 15 ਦਿਨਾਂ ਦੇ ਅੰਦਰ ਸੱਜਣ ਕੁਮਾਰ ਖ਼ਿਲਾਫ਼ ਕੇਸ ਦਰਜ ਕਰਨ ਦਾ ਐਲਾਨ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਜਨਵਰੀ 2011 ਵਿੱਚ ਪੂਰੀ ਹੋਈ। ਇਸ ਤੋਂ ਬਾਅਦ ਲਗਭਗ ਸੱਤ ਸਾਲਾਂ ਮਗਰੋਂ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਇਸ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਤਰਲੋਚਨ ਸਿੰਘ ਨੇ ਕਿਹਾ ਕਿ 2009 ਵਿੱਚ ਰਾਜ ਸਭਾ ਵਿੱਚ ਹੋਈ ਇਸ ਬਹਿਸ ਦੇ ਨਤੀਜੇ ਵਜੋਂ 1984 ਦੇ ਸਿੱਖ ਕਤਲੇਆਮ ਤੋਂ 27 ਸਾਲ ਬਾਅਦ ਸੱਜਣ ਕੁਮਾਰ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਮਿਲ ਸਕੀ। ਦੱਸਣਯੋਗ ਹੈ ਕਿ ਦਿੱਲੀ ਵਿੱਚ 1984 ਦੌਰਾਨ ਹੋਏ ਸਿੱਖ ਕਤਲੇਆਮ ਵਿੱਚ 7000 ਤੋਂ ਵੱਧ ਨਿਰਦੋਸ਼ ਸਿੱਖਾਂ ਦੀਆਂ ਜਾਨਾਂ ਗਈਆਂ ਸਨ। ਇਸ ਮਾਮਲੇ ਵਿੱਚ ਕਈ ਕਾਂਗਰਸੀ ਆਗੂਆਂ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਸੱਜਣ ਕੁਮਾਰ ਵੀ ਸ਼ਾਮਲ ਸੀ। ਸੱਜਣ ਕੁਮਾਰ ਨੇ ਦਿੱਲੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟਦਿਆਂ ਬੀਤੇ ਦਿਨ ਦਮ ਤੋੜ ਦਿੱਤਾ।
Leave a Reply