Daily Suraj

ਪੰਜਾਬੀ

ਸੁਖਬੀਰ ਬਾਦਲ ਦੀ ਅਗਵਾਈ ਹੇਠ ਪਰਮਜੀਤ ਕੌਰ ਲਾਂਡਰਾਂ ਅਕਾਲੀ ਦਲ ਵਿੱਚ ਸ਼ਾਮਲ

08 Apr, 2026 12:27 PM

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਮੁਹਾਲੀ ਜ਼ਿਲ੍ਹੇ ਵਿੱਚ ਇੱਕ ਵੱਡਾ ਸਿਆਸੀ ਝਟਕਾ ਲੱਗਣ ਜਾ ਰਿਹਾ ਹੈ, ਕਿਉਂਕਿ ਪਾਰਟੀ ਦੀ ਪ੍ਰਮੁੱਖ ਆਗੂ ਅਤੇ ਐਸਜੀਪੀਸੀ ਮੈਂਬਰ ਐਡਵੋਕੇਟ ਪਰਮਜੀਤ ਕੌਰ ਲਾਂਡਰਾਂ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਜਾਣਕਾਰੀ ਅਨੁਸਾਰ, ਉਹ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਆਪਣੀ ਘਰ ਵਾਪਸੀ ਕਰਨਗੇ। ਉਨ੍ਹਾਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਵਿੱਚ ਅਕਾਲੀ ਦਲ ਦੇ ਸਾਬਕਾ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ, ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੁਹਾਣਾ, ਸਾਧੂ ਸਿੰਘ ਖਲੌਰ ਸਮੇਤ ਹੋਰ ਆਗੂਆਂ ਦੀ ਅਹਿਮ ਭੂਮਿਕਾ ਰਹੀ ਹੈ। ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਪਰਮਜੀਤ ਕੌਰ ਲਾਂਡਰਾਂ ਦੀ ਵਾਪਸੀ ਨਾਲ ਮੁਹਾਲੀ ਜ਼ਿਲ੍ਹੇ ਵਿੱਚ ਅਕਾਲੀ ਦਲ ਨੂੰ ਵੱਡਾ ਫਾਇਦਾ ਹੋਵੇਗਾ। ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਉਨ੍ਹਾਂ ਦਾ ਕਾਫ਼ੀ ਪ੍ਰਭਾਵ ਹੈ ਅਤੇ ਉਹ ਇੱਕ ਸਾਫ-ਸੁਥਰੀ ਤੇ ਨਿਰਵਿਵਾਦ ਛਵੀ ਵਾਲੀ ਆਗੂ ਵਜੋਂ ਜਾਣੀਆਂ ਜਾਂਦੀਆਂ ਹਨ। ਅਕਾਲੀ ਦਲ ਵਿੱਚ ਵਾਪਸੀ ਸਬੰਧੀ ਗੱਲਬਾਤ ਦੌਰਾਨ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਉਹ ਹਮੇਸ਼ਾ ਹੀ ਅਕਾਲੀ ਵਿਚਾਰਧਾਰਾ ਨਾਲ ਜੁੜੇ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਕੁਝ ਮਸਲਿਆਂ ‘ਤੇ ਮੱਤਭੇਦ ਹੋ ਜਾਂਦੇ ਹਨ, ਪਰ ਉਨ੍ਹਾਂ ਦੀ ਸੋਚ ਅਤੇ ਨੀਤੀ ਹਮੇਸ਼ਾ ਅਕਾਲੀ ਦਲ ਨਾਲ ਹੀ ਰਹੀ ਹੈ ਅਤੇ ਅੱਗੇ ਵੀ ਉਹ ਪਾਰਟੀ ਲਈ ਕੰਮ ਕਰਦੇ ਰਹਿਣਗੇ। ਜ਼ਿਕਰਯੋਗ ਹੈ ਕਿ ਪਰਮਜੀਤ ਕੌਰ ਲਾਂਡਰਾਂ ਅਕਾਲੀ ਦਲ ਦੀ ਸਰਕਾਰ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਹਿ ਚੁੱਕੇ ਹਨ ਅਤੇ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਵਜੋਂ ਸੇਵਾ ਨਿਭਾ ਰਹੇ ਹਨ। ਉਹ ਬੀਬੀ ਜਗੀਰ ਕੌਰ ਦੇ ਨਜ਼ਦੀਕੀ ਮੰਨੇ ਜਾਂਦੇ ਸਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਹੀ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਸ਼ਾਮਲ ਹੋਏ ਸਨ। ਪਿਛਲੇ ਕੁਝ ਸਮੇਂ ਤੋਂ ਉਹ ਸਿਆਸੀ ਤੌਰ ‘ਤੇ ਗੈਰ-ਸਰਗਰਮ ਰਹੇ ਅਤੇ ਘਰ ਵਿੱਚ ਹੀ ਰਹਿੰਦੇ ਆ ਰਹੇ ਸਨ।

Posted By: Daily Suraj Bureau

Latest News