ਜਿਉਂਦ ਪੁਲੀਸ ਜਬਰ ਖ਼ਿਲਾਫ਼ 6 ਮਾਰਚ ਨੂੰ ਬਠਿੰਡਾ ਵਿੱਚ ਵੱਡਾ ਮੁਜ਼ਾਹਰਾ, ਕਿਸਾਨ-ਮਜ਼ਦੂਰਾਂ ਦੀ ਲਾਮਬੰਦੀ ਤੇਜ਼
- ਪੰਜਾਬ
- (Asia/Kolkata)
ਜਿਉਂਦ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਉੱਤੇ ਹੋਏ ਪੁਲੀਸ ਜਬਰ ਦੇ ਵਿਰੋਧ ਵਿੱਚ 6 ਮਾਰਚ ਨੂੰ ਬਠਿੰਡਾ ਵਿੱਚ ਹੋਣ ਵਾਲੇ ਵੱਡੇ ਮੁਜ਼ਾਹਰੇ ਲਈ ਪੰਜਾਬ ਭਰ ਵਿੱਚ ਲਾਮਬੰਦੀ ਮੁਹਿੰਮ ਤੇਜ਼ ਹੋ ਗਈ ਹੈ। ਇਸ ਸਬੰਧੀ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਨਤਕ ਮੀਟਿੰਗਾਂ ਅਤੇ ਮਾਰਚ ਕਰਕੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਬਠਿੰਡਾ ਪਹੁੰਚਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਜਥੇਬੰਦਕ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਬਠਿੰਡਾ ਪ੍ਰਸ਼ਾਸਨ ਵੱਲੋਂ ਟਕਰਾਅ ਦਾ ਰਸਤਾ ਛੱਡ ਕੇ ਮੁਜ਼ਾਹਰੇ ਦੇ ਹੱਕ ਨੂੰ ਮੰਨਣਾ ਲੋਕ ਤਾਕਤ ਦੀ ਮੁੱਢਲੀ ਜਿੱਤ ਹੈ। ਇਸ ਮੌਕੇ ਲੰਬੀ ਹਲਕੇ ਦੇ ਪਿੰਡ ਕਿੱਲਿਆਂਵਾਲੀ, ਕੱਖਾਂਵਾਲੀ ਅਤੇ ਮਹਿਣਾ ਸਮੇਤ ਕਈ ਪਿੰਡਾਂ ਵਿੱਚ ਖੇਤ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਜਨਤਕ ਮੀਟਿੰਗਾਂ ਅਤੇ ਮਾਰਚ ਆਯੋਜਿਤ ਕੀਤੇ ਗਏ। ਇਨ੍ਹਾਂ ਇਕੱਠਾਂ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ, ਖੇਤ ਮਜ਼ਦੂਰ ਆਗੂ ਕਾਲਾ ਸਿੰਘ ਖੂਨਣ ਖੁਰਦ, ਰਾਮਪਾਲ ਗੱਗੜ, ਕਿਸਾਨ ਆਗੂ ਹਰਪਾਲ ਸਿੰਘ ਕਿੱਲਿਆਂਵਾਲੀ ਅਤੇ ਨਿਸ਼ਾਨ ਸਿੰਘ ਕੱਖਾਂਵਾਲੀ ਨੇ ਸੰਬੋਧਨ ਕੀਤਾ। ਆਗੂਆਂ ਨੇ ਦੱਸਿਆ ਕਿ 18 ਫਰਵਰੀ ਨੂੰ ਪਿੰਡ ਜਿਉਂਦ ਵਿੱਚ ਇਕੱਠੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਉੱਤੇ ਬਠਿੰਡਾ ਦੀ ਐਸਐਸਪੀ ਜੋਤੀ ਯਾਦਵ ਦੇ ਹੁਕਮਾਂ ’ਤੇ ਪੁਲੀਸ ਵੱਲੋਂ ਅੰਨ੍ਹਾ ਤਸ਼ੱਦਦ ਕੀਤਾ ਗਿਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਕਾਰਵਾਈ ਰਾਹੀਂ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜਥੇਬੰਦ ਕਿਸਾਨ-ਮਜ਼ਦੂਰ ਤਾਕਤ ਨੇ ਇਸ ਭਰਮ ਨੂੰ ਤੋੜ ਦਿੱਤਾ ਹੈ ਅਤੇ 6 ਮਾਰਚ ਨੂੰ ਬਠਿੰਡਾ ਵਿੱਚ ਹੋਣ ਵਾਲਾ ਮੁਜ਼ਾਹਰਾ ਇਸ ਜਬਰ ਦੇ ਖ਼ਿਲਾਫ਼ ਲੋਕਾਂ ਦੀ ਇਕਜੁੱਟ ਆਵਾਜ਼ ਬਣੇਗਾ। ਮੁਜ਼ਾਹਰੇ ਦੀਆਂ ਮੁੱਖ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਜਿਉਂਦ ਜਬਰ ਮਾਮਲੇ ਵਿੱਚ ਐਸਐਸਪੀ ਜੋਤੀ ਯਾਦਵ ਸਮੇਤ ਸਾਰੇ ਦੋਸ਼ੀਆਂ ਖ਼ਿਲਾਫ਼ ਤੁਰੰਤ ਮੁਕੱਦਮਾ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਇਸ ਅਣਮਨੁੱਖੀ ਘਟਨਾ ਲਈ ਜਨਤਕ ਤੌਰ ’ਤੇ ਮਾਫ਼ੀ ਮੰਗਣ ਅਤੇ ਸੰਘਰਸ਼ ਦੇ ਜਮਹੂਰੀ ਹੱਕਾਂ ’ਤੇ ਲਗਾਈਆਂ ਪਾਬੰਦੀਆਂ ਤੁਰੰਤ ਹਟਾਉਣ ਦੀ ਮੰਗ ਵੀ ਕੀਤੀ ਗਈ ਹੈ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਪੁਲੀਸ ਕਾਰਵਾਈ ਦੌਰਾਨ ਜ਼ਖ਼ਮੀ ਹੋਏ ਲੋਕਾਂ ਦੇ ਇਲਾਜ ਦਾ ਪੂਰਾ ਖਰਚਾ ਸਰਕਾਰ ਵੱਲੋਂ ਭਰਿਆ ਜਾਵੇ ਅਤੇ ਪੀੜਤਾਂ ਨੂੰ ਮਾਨਸਿਕ, ਪਰਿਵਾਰਕ ਅਤੇ ਸਰੀਰਕ ਨੁਕਸਾਨ ਲਈ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਪੰਜਾਬ ਭਰ ਵਿੱਚ ਵੱਖ-ਵੱਖ ਅੰਦੋਲਨਾਂ ਦੌਰਾਨ ਸੰਘਰਸ਼ਸ਼ੀਲ ਲੋਕਾਂ ਉੱਤੇ ਦਰਜ ਕੀਤੇ ਗਏ ਸਾਰੇ ਕੇਸ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ ਹੈ। ਆਗੂਆਂ ਨੇ ਐਲਾਨ ਕੀਤਾ ਕਿ ਲੰਬੀ ਹਲਕੇ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ 6 ਮਾਰਚ ਨੂੰ ਬਠਿੰਡਾ ਵਿੱਚ ਹੋਣ ਵਾਲੇ ਇਸ ਰੋਸ ਮੁਜ਼ਾਹਰੇ ਵਿੱਚ ਸ਼ਮੂਲੀਅਤ ਕਰਨਗੇ।
Leave a Reply