Daily Suraj

ਪੰਜਾਬੀ

ਸੁਖਬੀਰ ਬਾਦਲ ’ਤੇ ਹਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ, ਭੂੰਦੜ ਬੋਲੇ- ਸਾਜ਼ਿਸ਼ ਦਾ ਪਤਾ ਲਾਇਆ ਜਾਵੇ

14 Aug, 2026 07:34 AM

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨੰਦੇੜ ਵਿੱਚ ਹੋਏ ਹਮਲੇ ਦੀ ਪੰਜਾਬ ਦੀਆਂ ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਨਿਖੇਧੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਜਦੋਂ ਵੀ ਅਕਾਲੀ ਦਲ ਦੀ ਚੜ੍ਹਤ ਹੁੰਦੀ ਹੈ ਤਾਂ ਵਿਰੋਧੀ ਤਾਕਤਾਂ ਪੰਥ ਨੂੰ ਆਗੂ ਵਿਹੂਣਾ ਬਣਾਉਣ ਲਈ ਅਜਿਹੇ ਹਮਲੇ ਸ਼ੁਰੂ ਕਰ ਦਿੰਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਵਿੱਚ ਸੁਰੱਖਿਆ ਏਜੰਸੀਆਂ ਦੀ ਨਾਕਾਮੀ ਅਤੇ ਹਮਲੇ ਪਿੱਛੇ ਦੀ ਸਾਜ਼ਿਸ਼ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਦਰਬਾਰ ਸਾਹਿਬ ਕੰਪਲੈਕਸ ਵਿੱਚ ਵੀ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਇਆ ਸੀ। ਉਨ੍ਹਾਂ ਕਿਹਾ ਕਿ ਜੇ ਉਸ ਸਮੇਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਹੁੰਦੀ ਤਾਂ ਅੱਜ ਦੀ ਘਟਨਾ ਨੂੰ ਟਾਲਿਆ ਜਾ ਸਕਦਾ ਸੀ। ਅਕਾਲੀ ਦਲ ਦੇ ਆਗੂਆਂ ਨੇ ਮੰਗ ਕੀਤੀ ਕਿ ਨੰਦੇੜ ਵਿੱਚ ਹੋਏ ਮੌਜੂਦਾ ਹਮਲੇ ਦੇ ਨਾਲ-ਨਾਲ ਅੰਮ੍ਰਿਤਸਰ ਵਿੱਚ ਹੋਏ ਹਮਲੇ ਦੀ ਵੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਸੁਖਬੀਰ ਸਿੰਘ ਬਾਦਲ ਨੂੰ ਖ਼ਤਮ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕਥਿਤ ਸਾਜ਼ਿਸ਼ ਦਾ ਪਤਾ ਲੱਗ ਸਕੇਗਾ। ਅਕਾਲੀ ਆਗੂਆਂ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਵੱਲੋਂ ਇਸ ਹਮਲੇ ਨੂੰ ਬਰਗਾੜੀ ਅਤੇ ਬਹਿਬਲ ਕਲਾਂ ਮਾਮਲਿਆਂ ਨਾਲ ਜੋੜ ਕੇ ਇਸ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਪੰਜਾਬੀਆਂ ਨੂੰ ਅਜਿਹੇ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਬਲਤੇਜ ਪੰਨੂ ਨੇ ਵੀ ਹਮਲੇ ਦੀ ਨਿਖੇਧੀ ਕੀਤੀ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ਵੀ ਧਾਰਮਿਕ ਸੰਸਥਾ ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਸੰਗਤ ਵਿੱਚ ਅਜੇ ਵੀ ਮੌਜੂਦ ਭਾਵਨਾਵਾਂ ਨੂੰ ਸਮਝਣ ਦੀ ਲੋੜ ਹੈ। ਭਾਜਪਾ ਨੇ ਵੀ ਹਮਲੇ ਦੀ ਕੀਤੀ ਨਿਖੇਧੀ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਖ਼ਤ ਸੱਚਖੰਡ ਹਜ਼ੂਰ ਸਾਹਿਬ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਜ਼ਮ ਅਤੇ ਹਮਲੇ ਪਿੱਛੇ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਰਾਜਾ ਵੜਿੰਗ ਬੋਲੇ- ਸਿਆਸੀ ਗੁੱਸੇ ਨੂੰ ਹਿੰਸਕ ਰੂਪ ਦੇਣਾ ਠੀਕ ਨਹੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਹਮਲੇ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਾਰਨ ਸਿੱਖ ਸੰਗਤ ਵਿੱਚ ਹਾਲੇ ਵੀ ਰੋਸ ਹੈ, ਪਰ ਸਿਆਸੀ ਗੁੱਸੇ ਨੂੰ ਹਿੰਸਕ ਰੂਪ ਦੇਣਾ ਠੀਕ ਨਹੀਂ ਹੈ। ਮਜੀਠੀਆ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਅੰਮ੍ਰਿਤਸਰ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਸਰਕਾਰ ਤੋਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਸੁਰੱਖਿਅਤ ਅਤੇ ਠੀਕ ਹਨ। ਮਜੀਠੀਆ ਨੇ ਸੁਖਬੀਰ ਸਿੰਘ ਬਾਦਲ ’ਤੇ ਅੱਜ ਹੋਏ ਹਮਲੇ ਅਤੇ ਦਸੰਬਰ 2024 ਵਿੱਚ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਹੋਏ ਜਾਨਲੇਵਾ ਹਮਲੇ, ਦੋਵਾਂ ਮਾਮਲਿਆਂ ਵਿੱਚ ਸੀਬੀਆਈ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇ ਇਸ ਮਾਮਲੇ ਨੂੰ ਵੀ ਅਣਗੌਲਿਆ ਕੀਤਾ ਗਿਆ ਤਾਂ ਭਵਿੱਖ ਵਿੱਚ ਮੁੜ ਜਾਨਲੇਵਾ ਹਮਲਾ ਹੋ ਸਕਦਾ ਹੈ। ਉਨ੍ਹਾਂ ਇਸ ਹਮਲੇ ਨੂੰ ਬੇਅਦਬੀ ਦੀਆਂ ਘਟਨਾਵਾਂ ਨਾਲ ਜੋੜਨ ਤੋਂ ਇਨਕਾਰ ਕੀਤਾ। ਗਿਆਨੀ ਰਘਬੀਰ ਸਿੰਘ ਨੇ ਕਿਹਾ- ਲੋਕਾਂ ਵਿੱਚ ਸੁਖਬੀਰ ਬਾਦਲ ਪ੍ਰਤੀ ਰੋਸ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਕੰਪਲੈਕਸ ਵਿੱਚ ਕਿਸੇ ’ਤੇ ਹਮਲਾ ਕਰਨਾ ਉਚਿਤ ਨਹੀਂ ਹੈ, ਪਰ ਇਹ ਲੋਕਾਂ ਦਾ ਸੁਖਬੀਰ ਸਿੰਘ ਬਾਦਲ ਪ੍ਰਤੀ ਰੋਸ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਇਸ ਮਾਮਲੇ ਵਿੱਚ ਸਵੈ-ਚਿੰਤਨ ਕਰਨਾ ਚਾਹੀਦਾ ਹੈ। ਇਸੇ ਦੌਰਾਨ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਥਕ ਭਾਵਨਾਵਾਂ ਤਹਿਤ ਪੰਥ ਦੀ ਬਾਦਲ ਪਰਿਵਾਰ ਨਾਲ ਨਾਰਾਜ਼ਗੀ ਜਾਇਜ਼ ਹੈ, ਪਰ ਇਸ ਨਾਰਾਜ਼ਗੀ ਦਾ ਪ੍ਰਗਟਾਵਾ ਗੁਰਦੁਆਰੇ ਦੀ ਹਦੂਦ ਅੰਦਰ ਹਮਲੇ ਦੇ ਰੂਪ ਵਿੱਚ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।

Posted By: Daily Suraj Bureau

Latest News