Daily Suraj

ਪੰਜਾਬੀ

ਮੌੜ ਦੇ ‘ਆਪ’ ਵਿਧਾਇਕ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗਣ ਮਗਰੋਂ ਰਾਜੂ ਖੰਨਾ ਵੱਲੋਂ ਆਪ ਵਿਧਾਇਕ ਖ਼ਿਲਾਫ਼ ਕੇਸ ਦਰਜ਼ ਕਰਨ ਦੀ ਮੰਗ ।

27 Jan, 2026 01:36 PM

ਅਮਲੋਹ ,( ਮੁਖ਼ਤਿਆਰ ਸਿੰਘ)ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੌੜ ਨਗਰ ਕੌਂਸਲ ਦੇ ਪ੍ਰਧਾਨ ਕਰਨੈਲ ਸਿੰਘ ਵੱਲੋਂ ਮੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਖ਼ਿਲਾਫ਼ ਲਗਾਏ ਗਏ 30 ਲੱਖ ਰੁਪਏ ਦੇ ਗੰਭੀਰ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਤੇ ਗਹਿਰੀ ਚਿੰਤਾ ਜਤਾਈ ਹੈ। ਰਾਜੂ ਖੰਨਾ ਨੇ ਕਿਹਾ ਕਿ ਨਗਰ ਕੌਂਸਲ ਦਾ ਪ੍ਰਧਾਨ ਬਣਾਉਣ ਦੇ ਬਦਲੇ ਪੈਸੇ ਲੈਣ ਦੇ ਦੋਸ਼ ਹੈਰਾਨ ਕਰਨ ਵਾਲੇ,ਸ਼ਰਮਨਾਕ ਅਤੇ ਆਪ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਇਹ ਖੁਲਾਸੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਬਹੁਤ ਪ੍ਰਚਾਰਿਤ “ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ” ਮੁਹਿੰਮ ਨੂੰ ਪੂਰੀ ਤਰ੍ਹਾਂ ਨਕਾਰਦੇ ਹਨ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਆਪ ਨੇ ਪੰਜਾਬ ਵਿੱਚ ਰਾਜਨੀਤੀ ਨੂੰ ਸਾਫ਼ ਕਰਨ ਦੇ ਦਾਅਵਿਆਂ ਨਾਲ ਸੱਤਾ ਹਾਸਲ ਕੀਤੀ ਸੀ, ਪਰ ਸਰਕਾਰੀ ਅਹੁਦਿਆਂ ਦੀ ਖੁੱਲ੍ਹੀ ਖਰੀਦ-ਫ਼ਰੋਖ਼ਤ ਦੇ ਇਹ ਦੋਸ਼ ਸਾਬਤ ਕਰਦੇ ਹਨ ਕਿ ਭ੍ਰਿਸ਼ਟਾਚਾਰ ਖਤਮ ਨਹੀਂ ਹੋਇਆ ਸਿਰਫ਼ ਹੱਥ ਬਦਲ ਗਏ ਹਨ।ਰਾਜੂ ਖੰਨਾ ਨੇ ਮੰਗ ਕੀਤੀ ਕਿ ਸੰਬੰਧਿਤ ਆਪ ਵਿਧਾਇਕ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਿਤ ਧਾਰਾਵਾਂ ਹੇਠ ਤੁਰੰਤ ਕੇਸ ਦਰਜ ਕੀਤਾ ਜਾਵੇ ਅਤੇ ਨਿਰਪੱਖ 'ਤੇ ਪਾਰਦਰਸ਼ੀ ਜਾਂਚ ਯਕੀਨੀ ਬਣਾਉਣ ਲਈ ਉਸ ਦੀ ਬਿਨਾ ਦੇਰੀ ਗ੍ਰਿਫ਼ਤਾਰੀ ਕੀਤੀ ਜਾਵੇ। ਉਨ੍ਹਾਂ ਨੇ ਅੱਗੇ ਮੰਗ ਕੀਤੀ ਕਿ ਸਿਆਸੀ ਅਹੁਦੇ ਕਥਿਤ ਤੌਰ 'ਤੇ ਪੈਸਿਆਂ ਦੇ ਬਦਲੇ ਵੇਚੇ ਜਾਣ ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪੰਜਾਬ ਦੇ ਲੋਕਾਂ ਤੋ ਸਰਵਜਨਿਕ ਮਾਫ਼ੀ ਮੰਗਣ , ਖੰਨਾ ਨੇ ਇਸਨੂੰ ਵੋਟਰਾਂ ਦੇ ਭਰੋਸੇ ਨਾਲ ਧੋਖਾ ਕਰਾਰ ਦਿੱਤਾ।

Posted By: Daily Suraj Bureau

Latest News