ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗਾ ਸੰਪੰਨ, ਧਾਰਮਿਕ ਉਤਸ਼ਾਹ ਨਾਲ ਪਹੁੰਚੇਗੀ ਸੰਗਤ
- ਪੰਜਾਬ
- (Asia/Kolkata)
ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਧਰਮ ਪ੍ਰਚਾਰ ਨੂੰ ਸਮਰਪਿਤ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਸਮਾਪਤੀ ਸਮਾਗਮ ਅੱਜ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਆਯੋਜਿਤ ਕੀਤਾ ਜਾਵੇਗਾ। ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚੋਂ ਹੁੰਦਾ ਹੋਇਆ ਇਹ ਮਾਰਚ ਅੱਜ ਆਪਣੇ ਅੰਤਿਮ ਪੜਾਅ 'ਤੇ ਪਹੁੰਚ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋ ਰਿਹਾ ਹੈ। ਇਸ ਇਤਿਹਾਸਕ ਮਾਰਚ ਦੇ ਸਫ਼ਰ ਦੀ ਸ਼ੁਰੂਆਤ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਈ ਸੀ। ਪਹਿਲੇ ਪੜਾਅ ਦੌਰਾਨ ਇਹ ਮਾਰਚ ਪੰਜਾਬ ਦੇ ਮਾਝਾ ਅਤੇ ਮਾਲਵਾ ਖੇਤਰਾਂ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚੋਂ ਲੰਘਦਿਆਂ ਸੰਗਤਾਂ ਨੂੰ ਗੁਰੂ ਲੜ ਲਾਉਂਦਾ ਹੋਇਆ 4 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸਮਾਪਤ ਹੋਇਆ ਸੀ। ਇਸ ਤੋਂ ਬਾਅਦ, ਮਾਰਚ ਦਾ ਦੂਜਾ ਪੜਾਅ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਇਆ। ਇਹ ਪੜਾਅ ਮਾਲਵਾ ਅਤੇ ਪੁਆਧ ਖੇਤਰ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਨਗਰਾਂ ਵਿੱਚੋਂ ਲੰਘਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ ਸੀ। ਮਾਰਚ ਦਾ ਤੀਜਾ ਅਤੇ ਅੰਤਿਮ ਪੜਾਅ 17 ਸਤੰਬਰ ਨੂੰ ਆਰੰਭ ਕੀਤਾ ਗਿਆ ਸੀ, ਜੋ ਦੋਆਬਾ ਅਤੇ ਮਾਝਾ ਖੇਤਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਸੰਗਤਾਂ ਦਾ ਵੱਡਾ ਇਕੱਠ ਲੈਂਦੇ ਹੋਏ ਅੱਜ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋ ਰਿਹਾ ਹੈ। ਇਸ ਸਮਾਪਤੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ।
Leave a Reply