ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਬਦਲਿਆ ਮੌਸਮ ਦਾ ਮਿਜ਼ਾਜ: 27 ਸਤੰਬਰ ਲਈ ਭਾਰੀ ਮੀਂਹ ਦਾ ਅਲਰਟ ਜਾਰੀ
ਉੱਤਰੀ ਭਾਰਤ ਵਿੱਚ ਮਾਨਸੂਨ ਦੀ ਵਾਪਸੀ ਦੇ ਦੌਰਾਨ ਇੱਕ ਵਾਰ ਫਿਰ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ (IMD) ਨੇ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਅਗਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਤੇਜ਼ ਹਵਾਵਾਂ, ਗਰਜ-ਚਮਕ ਅਤੇ ਮੀਂਹ ਪੈਣ ਦੀ ਵੱਡੀ ਸੰਭਾਵਨਾ ਜਤਾਈ ਹੈ। ਇਸ ਬਾਰਿਸ਼ ਦੇ ਨਾਲ ਹੀ ਖੇਤਰ ਵਿੱਚ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਪੂਰੀ ਉਮੀਦ ਹੈ। 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਅਨੁਸਾਰ, 26 ਅਤੇ 28 ਸਤੰਬਰ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਝੱਖੜ ਚੱਲ ਸਕਦਾ ਹੈ। ਇਸ ਦੌਰਾਨ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 27 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ ਵਿਭਾਗ ਨੇ ਵਿਸ਼ੇਸ਼ ਤੌਰ 'ਤੇ 27 ਸਤੰਬਰ ਲਈ ਚੇਤਾਵਨੀ ਜਾਰੀ ਕਰਦਿਆਂ ਦੱਸਿਆ ਹੈ ਕਿ ਕੁਝ ਖੇਤਰਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ 29 ਸਤੰਬਰ ਨੂੰ ਵੀ ਮੌਸਮ ਦਾ ਮਿਜ਼ਾਜ ਬਦਲਿਆ ਰਹੇਗਾ ਅਤੇ ਕੁਝ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਗਤੀਵਿਧੀ ਜਾਰੀ ਰਹਿ ਸਕਦੀ ਹੈ। ਤਾਪਮਾਨ 'ਚ ਆਵੇਗੀ ਗਿਰਾਵਟ, ਸਵੇਰ-ਰਾਤ 'ਚ ਵਧੀ ਠੰਢਕ ਪਿਛਲੇ ਕੁਝ ਦਿਨਾਂ ਤੋਂ ਖੇਤਰ ਵਿੱਚ ਸਵੇਰ ਅਤੇ ਰਾਤ ਦੇ ਤਾਪਮਾਨ ਵਿੱਚ ਨਿਘਾਰ ਦਰਜ ਕੀਤਾ ਜਾ ਰਿਹਾ ਹੈ। ਰਾਤ ਅਤੇ ਸਵੇਰ ਦੇ ਸਮੇਂ ਮੌਸਮ ਪਹਿਲਾਂ ਨਾਲੋਂ ਮੁਕਾਬਲਤਨ ਠੰਡਾ ਹੋ ਗਿਆ ਹੈ, ਜਦੋਂ ਕਿ ਦਿਨ ਵੇਲੇ ਧੁੱਪ ਅਤੇ ਬੱਦਲਾਂ ਦੀ ਲੁਕਣਮੀਟੀ ਜਾਰੀ ਹੈ। ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਤੋਂ ਬਾਅਦ ਦਿਨ ਦੇ ਤਾਪਮਾਨ ਵਿੱਚ ਵੀ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
Posted By: Daily Suraj Bureau