ਸਿਹਤ ਵਿਭਾਗ ਦੀ ਚੇਤਾਵਨੀ, ਗਰਮੀ ਤੋਂ ਬਚਾਅ ਲਈ ਸਾਵਧਾਨ ਰਹਿਣ ਦੀ ਅਪੀਲ
ਪੰਜਾਬ ਅਤੇ ਚੰਡੀਗੜ੍ਹ ਵਿੱਚ ਅਪ੍ਰੈਲ ਮਹੀਨੇ ਦੇ ਨਾਲ-ਨਾਲ ਗਰਮੀ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਲੋਕ ਬੇਹਾਲ ਹੋਣ ਲੱਗੇ ਹਨ। ਸੂਬੇ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਉੱਚ ਪੱਧਰ ‘ਤੇ ਪਹੁੰਚ ਗਿਆ ਹੈ। ਮੌਸਮੀ ਅੰਕੜਿਆਂ ਮੁਤਾਬਕ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 41.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਇਹ 40.0 ਡਿਗਰੀ ਸੈਲਸੀਅਸ ਰਿਹਾ। ਸੂਬੇ ਦਾ ਔਸਤ ਤਾਪਮਾਨ 1.8 ਡਿਗਰੀ ਸੈਲਸੀਅਸ ਵਧਿਆ ਹੈ, ਜੋ ਆਮ ਨਾਲੋਂ 3.5 ਡਿਗਰੀ ਜ਼ਿਆਦਾ ਹੈ। ਮੌਸਮ ਵਿਭਾਗ ਦੇ ਅਨੁਸਾਰ 19 ਅਪ੍ਰੈਲ ਤੋਂ 24 ਅਪ੍ਰੈਲ ਤੱਕ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਰਾਹਤ ਦੀ ਉਮੀਦ ਨਹੀਂ ਹੈ। ਇਸਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ। ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਸੂਬੇ ਦੇ 18 ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਤੋਂ 41 ਡਿਗਰੀ ਸੈਲਸੀਅਸ ਦੇ ਦਰਮਿਆਨ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ 36.8 ਡਿਗਰੀ ਸੈਲਸੀਅਸ (ਆਮ ਨਾਲੋਂ 2.0 ਡਿਗਰੀ ਵੱਧ), ਲੁਧਿਆਣਾ ਵਿੱਚ 39.8 ਡਿਗਰੀ ਸੈਲਸੀਅਸ (3.2 ਡਿਗਰੀ ਵੱਧ), ਪਟਿਆਲਾ ਵਿੱਚ 40.4 ਡਿਗਰੀ ਸੈਲਸੀਅਸ (3.1 ਡਿਗਰੀ ਵੱਧ) ਅਤੇ ਹੁਸ਼ਿਆਰਪੁਰ ਵਿੱਚ 37.3 ਡਿਗਰੀ ਸੈਲਸੀਅਸ (2.4 ਡਿਗਰੀ ਵੱਧ) ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਖੁਸ਼ਕ ਹੀ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਅਗਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ, ਪਰ ਇਸ ਤੋਂ ਬਾਅਦ 2 ਤੋਂ 3 ਡਿਗਰੀ ਤੱਕ ਵਾਧਾ ਹੋ ਸਕਦਾ ਹੈ। ਇਸਦੇ ਨਾਲ ਹੀ ਸਿਹਤ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ ਅਤੇ ਖਾਸ ਤੌਰ ‘ਤੇ ਖਾਣ-ਪੀਣ ਅਤੇ ਪਾਣੀ ਦੀ ਪ੍ਰਚੂਰ ਮਾਤਰਾ ‘ਤੇ ਧਿਆਨ ਦੇਣ ਲਈ ਕਿਹਾ ਹੈ ਤਾਂ ਜੋ ਗਰਮੀ ਦੇ ਪ੍ਰਭਾਵ ਤੋਂ ਬਚਿਆ ਜਾ ਸਕੇ।
Posted By: Daily Suraj Bureau