ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਇਕੱਠੇ ਹੋਏ ਕਿਸਾਨਾਂ ‘ਤੇ ਪੁਲੀਸ ਦੀ ਘੇਰਾਬੰਦੀ

ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਇਕੱਠੇ ਹੋਏ ਕਿਸਾਨਾਂ ‘ਤੇ ਪੁਲੀਸ ਦੀ ਘੇਰਾਬੰਦੀ

ਧਰਮਕੋਟ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਤੋਂ ਪਹਿਲਾਂ ਕਿਸਾਨਾਂ ਅਤੇ ਪੁਲੀਸ ਵਿਚਾਲੇ ਤਣਾਅਪੂਰਨ ਸਥਿਤੀ ਬਣ ਗਈ। ਪਿੰਡ ਲੋਹਗੜ੍ਹ ਦੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਸਵੇਰੇ ਹੀ ਭਾਰੀ ਪੁਲੀਸ ਬਲ ਤਾਇਨਾਤ ਕਰ ਦਿੱਤਾ ਗਿਆ, ਜਿੱਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਕਿਸਾਨ ਇਕੱਠੇ ਹੋਏ ਸਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਧਰਮਕੋਟ ਵਿੱਚ ਹੋ ਰਹੀ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਮੁੱਦਿਆਂ ‘ਤੇ ਸਵਾਲ ਪੁੱਛਣਾ ਚਾਹੁੰਦੇ ਸਨ, ਪਰ ਪੁਲੀਸ ਵੱਲੋਂ ਉਨ੍ਹਾਂ ਨੂੰ ਉਥੇ ਹੀ ਰੋਕਿਆ ਗਿਆ। ਐਸਪੀ ਬਾਲ ਕ੍ਰਿਸ਼ਨ ਸਿੰਗਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲੀਸ ਬਲ ਨੇ ਕਿਸਾਨਾਂ ਦੀ ਆਗੇ ਵਧਣ ਤੋਂ ਰੋਕਥਾਮ ਕੀਤੀ। ਇਸ ਦੌਰਾਨ ਕਿਸਾਨਾਂ ਅਤੇ ਪੁਲੀਸ ਵਿਚਾਲੇ ਟਕਰਾਅ ਵਾਲਾ ਮਾਹੌਲ ਬਣਿਆ ਰਿਹਾ। ਕਿਸਾਨ ਆਗੂ ਸਤਨਾਮ ਸਿੰਘ ਪੰਨੂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਵੱਲੋਂ ਕਈ ਵਾਰ ਮੀਟਿੰਗ ਦਾ ਸਮਾਂ ਦਿੱਤਾ ਗਿਆ ਪਰ ਹਰ ਵਾਰ ਇਸ ਨੂੰ ਟਾਲ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਥੇਬੰਦੀ ਬਿਜਲੀ ਬਿੱਲ ਸਮਝੌਤਾ, ਨਰੇਗਾ ਕਾਨੂੰਨ, ਦਿੱਲੀ ਕਿਸਾਨ ਮੋਰਚੇ ਦੌਰਾਨ ਨੁਕਸਾਨ ਹੋਏ ਸਮਾਨ ਦੇ ਮੁਆਵਜ਼ੇ ਸਮੇਤ ਹੋਰ ਮੁੱਦਿਆਂ ‘ਤੇ ਗੱਲਬਾਤ ਕਰਨਾ ਚਾਹੁੰਦੀ ਹੈ, ਪਰ ਸਰਕਾਰ ਸੰਵਾਦ ਤੋਂ ਕਤਰਾਉਂਦੀ ਨਜ਼ਰ ਆ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਹਰ ਹਾਲਤ ਵਿੱਚ ਧਰਮਕੋਟ ਦੀ ਅਨਾਜ ਮੰਡੀ ਵਿੱਚ ਹੋ ਰਹੀ ਰੈਲੀ ਤੱਕ ਪਹੁੰਚ ਕੇ ਆਪਣੇ ਸਵਾਲ ਉਠਾਉਣਗੇ। ਇਸ ਮੌਕੇ ਕਿਸਾਨ ਆਗੂ ਰਾਣਾ ਰਣਬੀਰ ਸਿੰਘ, ਗੁਰਦੇਵ ਸਿੰਘ ਸ਼ਾਹਵਾਲਾ ਅਤੇ ਅਵਤਾਰ ਸਿੰਘ ਧਰਮ ਸਿੰਘ ਵਾਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਰਹੇ। ਪੁਲੀਸ ਵੱਲੋਂ ਕਿਸਾਨਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਰਹੀਆਂ। ਦੂਜੇ ਪਾਸੇ, ਰੈਲੀ ਤੋਂ ਪਹਿਲਾਂ ਪੁਲੀਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪੰਜ ਆਗੂਆਂ ਨੂੰ ਬੱਸ ਵਿੱਚ ਬੰਦੀ ਬਣਾ ਲਿਆ, ਜਿਸ ਤੋਂ ਬਾਅਦ ਸਥਿਤੀ ਹੋਰ ਤਣਾਅਪੂਰਨ ਹੋ ਗਈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਰੈਲੀ ਸਥਾਨ ‘ਤੇ ਪਹੁੰਚ ਗਏ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਰਹੇ ਸਨ। ਰੈਲੀ ਦੌਰਾਨ ਗਾਇਕ ਰਣਜੀਤ ਬਾਵਾ ਵੱਲੋਂ ਆਪਣੇ ਗੀਤਾਂ ਨਾਲ ਇਕੱਠ ਨੂੰ ਮਨੋਰੰਜਿਤ ਕੀਤਾ ਗਿਆ। ਇਸ ਦੌਰਾਨ ਸੁਰੱਖਿਆ ਪ੍ਰਬੰਧ ਕਾਫੀ ਕੜੇ ਰਹੇ। ਇਸ ਦੇ ਨਾਲ ਹੀ ਮੀਡੀਆ ਕਰਮੀਆਂ ਨੂੰ ਵੀ ਰੈਲੀ ਸਥਾਨ ‘ਤੇ ਪਹੁੰਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪੁਲੀਸ ਵੱਲੋਂ ਪੀਲੇ ਕਾਰਡ ਹੋਣ ਦੇ ਬਾਵਜੂਦ ਵੀ ਪੱਤਰਕਾਰਾਂ ਨੂੰ ਸਟੇਜ ਦੇ ਨੇੜੇ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਮੀਡੀਆ ਸੈਲ ਦੇ ਇੰਚਾਰਜ ਦਲੇਰ ਸਿੰਘ ਦੇ ਦਖਲ ਦੇ ਬਾਵਜੂਦ ਸਥਿਤੀ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਇਆ, ਜਦਕਿ ਜ਼ਿਲ੍ਹਾ ਲੋਕ ਸੰਪਰਕ ਵਿਭਾਗ ਵੱਲੋਂ ਇਸ ਮਾਮਲੇ ਨੂੰ ਸੁਲਝਾਉਣ ਲਈ ਅਧਿਕਾਰੀਆਂ ਨਾਲ ਗੱਲਬਾਤ ਜਾਰੀ ਰਹੀ।